
ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ
ਚੰਡੀਗੜ੍ਹ,13 ਅਗਸਤ (ਸਪੋਕਸਮੈਨ ਸਮਾਚਾਰ ਸੇਵਾ): ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਦੀ ਉਨਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਕੁੱਲ 5000 ਰੁਪਏ ਦੀ ਆਰਥਿਕ ਸਹਾਇਤਾ ਕੀਤੀ ਜਾਂਦੀ ਹੈ।
ਪੰਜਾਬ ਸਰਕਾਰ ਵੱਲੋਂ ਇਸ ਸਕੀਮ ਬਾਰੇ ਚਲਾਈ ਜਾ ਰਹੀ ਜਾਗਰੂਕਤਾ ਲਹਿਰ ਦੇ ਸਾਰਥਿਕ ਨਤੀਜੇ ਸਾਹਮਣੇ ਆਉਣ ਲੱਗ ਗਏ ਹਨ। 31 ਜੁਲਾਈ 2018 ਤੱਕ ਪੰਜਾਬ ਵਿੱਚ 1,06,709 ਯੋਗ ਲਾਭਪਾਤਰੀ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਚੁੱਕੇ ਹਨ ਅਤੇ ਇਨ•੍ਹਾਂ ਲਾਭਪਾਤਰੀਆਂ ਨੂੰ 27.10 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਬੈਂਕ ਖਾਤਿਆਂ ਵਿੱਚ ਆਨਲਾਈਨ ਜਮ੍ਹਾਂ ਕਰਵਾਈ ਜਾ ਚੁੱਕੀ ਹੈ। ਇਹ ਜਾਣਕਾਰੀ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਸ੍ਰੀਮਤੀ ਅਰੁਨਾ ਚੌਧਰੀ ਨੇ ਅੱਜ ਇਥੇ ਦਿੱਤੀ। ਸ੍ਰੀਮਤੀ ਚੌਧਰੀ ਨੇ ਕਿਹਾ ਕਿ ਵਿਭਾਗ ਵੱਲੋਂ ਇਸ ਸਕੀਮ ਬਾਰੇ ਜਾਗਰੂਕ ਮੁਹਿੰਮ ਵਿੱਢੀ ਜਾ ਰਹੀ ਹੈ।
ਸ੍ਰੀਮਤੀ ਚੌਧਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਪੰਜਾਬ ਸੂਬੇ ਵਿੱਚ ਪਹਿਲੀ ਜੁਲਾਈ 2017 ਤੋਂ ਲਾਗੂ ਕੀਤੀ ਜਾ ਚੁੱਕੀ ਹੈ ਜਿਸ ਅਧੀਨ ਵਿਭਾਗ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਂਦੀਆਂ ਮਾਵਾਂ ਨੂੰ ਉਨ੍ਹਾਂ ਦੇ ਪਹਿਲੇ ਬੱਚੇ ਦੇ ਜਨਮ ਹੋਣ 'ਤੇ ਤਿੰਨ ਕਿਸ਼ਤਾਂ ਵਿੱਚ ਅਦਾਇਗੀ ਕੀਤੀ ਜਾਂਦੀ ਹੈ। ਪ੍ਰਤੀ ਲਾਭਪਾਤਰੀ 5000 ਰੁਪਏ ਦੀ ਅਦਾਇਗੀ ਕੀਤੀ ਜਾ ਰਹੀ ਹੈ। ਇਸ ਸਕੀਮ ਅਧੀਨ ਲਾਭ ਲੈਣ ਲਈ ਕੋਈ ਆਮਦਨ ਦੀ ਸ਼ਰਤ ਨਹੀਂ ਹੈ। ਕੋਈ ਵੀ ਔਰਤ ਜੋ ਸਰਕਾਰੀ ਕਰਮਚਾਰੀ ਨਾ ਹੋਵੇ, ਉਹ ਇਸ ਸਕੀਮ ਦਾ ਲਾਭ ਪ੍ਰਾਪਤ ਕਰ ਸਕਦੀ ਹੈ।