
ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਭਾਰਤ ਸਰਕਾਰ ਨੂੰ ਮਾਮਲਾ ਨਿਊਜ਼ੀਲੈਂਡ ਸਰਕਾਰ ਕੋਲ ਉਠਾਉਣ ਦੀ ਕੀਤੀ ਅਪੀਲ
ਅੰਮ੍ਰਿਤਸਰ : ਨਿਊਜ਼ੀਲੈਂਡ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਸਿੱਖ ਟਰੱਕ ਡਰਾਈਵਰ ਨੂੰ ਸ੍ਰੀ ਸਾਹਿਬ ਪਹਿਨ ਕੇ ਕੰਮ 'ਤੇ ਆਉਣ ਤੋਂ ਰੋਕਣ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਨੂੰ ਸਿੱਖਾਂ ਦੀਆਂ ਧਾਰਮਕ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿਤਾ ਹੈ।
gobind singh longowal
ਭਾਈ ਲੌਂਗੋਵਾਲ ਨੇ ਆਖਿਆ ਕਿ ਅੰਮ੍ਰਿਤਧਾਰੀ ਸਿੱਖਾਂ ਲਈ ਕ੍ਰਿਪਾਨ ਕਕਾਰਾਂ ਦਾ ਇਕ ਅਹਿਮ ਹਿੱਸਾ ਹੈ, ਜੋ ਸਿੱਖ ਰਹਿਣੀ ਅਨੁਸਾਰ ਲਾਜ਼ਮੀ ਹੈ ਪਰੰਤੂ ਨਿਊਜ਼ੀਲੈਂਡ ਅੰਦਰ ਉਟਾਹੂਹੂ ਦੀ ਇਕ ਟਰਾਂਸਪੋਰਟ ਕੰਪਨੀ ਵਲੋਂ ਸ. ਅਮਨਦੀਪ ਸਿੰਘ ਨਾਂ ਦੇ ਗੁਰਸਿੱਖ ਨੂੰ ਜਾਣਬੁਝ ਕੇ ਪ੍ਰੇਸ਼ਾਨ ਕੀਤਾ ਗਿਆ ਹੈ।
Kirpan
ਉਨ੍ਹਾਂ ਕਿਹਾ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਖ਼ਾਲਸਾ ਸਾਜਣ ਸਮੇਂ ਬਖ਼ਸ਼ੀ ਪੰਜ ਕਕਾਰੀ ਰਹਿਣੀ ਵਿਚ ਕਿਰਪਾਨ ਨੂੰ ਜ਼ਰੂਰੀ ਕਰਾਰ ਦਿਤਾ ਸੀ। ਇਹ ਖ਼ਾਲਸਾਈ ਰਹਿਣੀ ਦਾ ਅਹਿਮ ਅੰਗ ਹੈ। ਅੱਜ ਦੇਸ਼ ਦੁਨੀਆਂ ਅੰਦਰ ਅੰਮ੍ਰਿਤਧਾਰੀ ਸਿੱਖ ਕ੍ਰਿਪਾਨ ਸਮੇਤ ਅਪਣੇ ਕਕਾਰ ਪਹਿਨ ਕੇ ਵਿਚਰਦੇ ਹਨ।
gobind singh longowal
ਵੱਖ-ਵੱਖ ਦੇਸ਼ਾਂ ਅੰਦਰ ਵੱਡੀ ਗਿਣਤੀ ਵਿਚ ਸਿੱਖ ਵੱਸਦੇ ਹਨ, ਜਿਨ੍ਹਾਂ ਵਿਚੋਂ ਬਹੁਤ ਸਾਰੀ ਗਿਣਤੀ ਵਿਚ ਅੰਮ੍ਰਿਤਧਾਰੀ ਗੁਰਸਿੱਖ ਵੀ ਹਨ। ਅਜਿਹੇ ਵਿਚ ਨਿਊਜ਼ੀਲੈਂਡ ਅੰਦਰ ਕ੍ਰਿਪਾਨ ਪਹਿਨਣ ਕਾਰਨ ਸਿੱਖ ਨੂੰ ਪ੍ਰੇਸ਼ਾਨ ਕਰਨਾ ਮੰਦਭਾਗਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਦਾ ਭਾਰਤ ਸਰਕਾਰ ਨੂੰ ਗੰਭੀਰ ਨੋਟਿਸ ਲੈਣਾ ਚਾਹੀਦਾ ਹੈ।
Kirpan
ਵਿਦੇਸ਼ ਮੰਤਰਾਲੇ ਰਾਹੀਂ ਨਿਊਜ਼ੀਲੈਂਡ ਸਰਕਾਰ ਨਾਲ ਰਾਬਤਾ ਕਰ ਕੇ ਸਿੱਖਾਂ ਦੇ ਧਾਰਮਕ ਕਕਾਰਾਂ ਦੇ ਸਤਿਕਾਰ ਨੂੰ ਲਾਜ਼ਮੀ ਕਰਨ ਲਈ ਭਾਰਤ ਸਰਕਾਰ ਅੱਗੇ ਆਵੇ। ਇਸੇ ਦੇ ਨਾਲ ਹੀ ਭਾਈ ਲੌਂਗੋਵਾਲ ਨੇ ਨਿਊਜ਼ੀਲੈਂਡ ਦੇ ਸਿੱਖ ਆਗੂਆਂ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਨੂੰ ਉਥੋਂ ਦੀ ਸਰਕਾਰ ਪਾਸ ਉਠਾਉਣ ਤਾਂ ਜੋ ਅੱਗੇ ਤੋਂ ਹੋਰ ਕਿਸੇ ਨੂੰ ਇਸ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।
Punjabi News ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ Facebook ਤੇ ਲਾਈਕ Twitter ਤੇ follow ਕਰੋ।