
ਭਾਜਪਾ ਆਗੂ ਨੇ ਪ੍ਰਧਾਨ ਮੰਤਰੀ ਤੋਂ ਅਫ਼ਗ਼ਾਨਿਸਤਾਨ ਦੇ ਸਿੱਖਾਂ ਨੂੰ ਭਾਰਤ ਲਿਆਉਣ ਦੀ ਕੀਤੀ ਬੇਨਤੀ
ਜੰਮੂ, 13 ਅਗੱਸਤ : ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਇਕ ਆਗੂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਅਫ਼ਗ਼ਾਨਿਸਤਾਨ ਦੇ ਵਿਗੜਦੇ ਹਾਲਾਤ ਦੇ ਮੱਦੇਨਜ਼ਰ ਉਥੇ ਦੇ ਸਿੱਖ ਪ੍ਰਵਾਰਾਂ ਨੂੰ ਸੁਰੱਖਿਅਤ ਕੱਢਣ ਅਤੇ ਭਾਰਤ ਵਿਚ ਉਨ੍ਹਾਂ ਦੇ ਰਿਹਣ ਦੀ ਉਚਿਤ ਵਿਵਸਥਾ ਯਕੀਨੀ ਕਰਨ ਦੀ ਬੇਨਤੀ ਕੀਤੀ ਹੈ। ਭਾਜਪਾ ਦੀ ਜੰਮੂ ਕਸ਼ਮੀਰ ਇਕਾਈ ਦੇ ਉਪ ਪ੍ਰਧਾਨ ਵਰਿੰਦਰਜੀਤ ਸਿੰਘ ਨੇ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਵੱਧ ਰਹੀ ਹਿੰਸਾ ਕਾਰਨ ਸਿੱਖ ਭਾਈਚਾਰੇ ਦੇ ਕਰੀਬ 650 ਪ੍ਰਵਾਰ ਖ਼ਤਰੇ ਦਾ ਸਾਹਮਣਾ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਅਫ਼ਗ਼ਾਨਿਸਤਾਨ ਵਿਚ ਤਾਲਿਬਾਨ ਦਾ ਪ੍ਰਭਾਵ ਵੱਧ ਰਿਹਾ ਹੈ ਅਤੇ ਦੇਸ਼ ਵਿਚ ਚਾਰੇ ਪਾਸੇ ਹਿੰਸਾ ਹੋ ਰਹੀ ਹੈ। ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਅਫ਼ਗ਼ਾਨਿਸਤਾਨ ਵਿਚ ਰਹਿਣ ਵਾਲੇ ਸਿੱਖ ਪ੍ਰਵਾਰਾਂ ਨੂੰ ਉਥੋਂ ਲਿਆਉਣ ਅਤੇ ਭਾਰਤ ਵਿਚ ਉਨ੍ਹਾਂ ਦੇ ਰਹਿਣ ਲਈ ਉਚਿਤ ਵਿਵਸਥਾ ਕਰਨੀ ਚਾਹੀਦੀ। (ਏਜੰਸੀ)