
ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ’ਚ ਲਗਾਉਣ ਲਈ ਸਿੱਖ ਯੂਥ ਫ਼ੈਡਰੇਸ਼ਨ ਨੇ ਅਕਾਲ ਤਖ਼ਤ ਦੇ ਜਥੇਦਾਰ ਨੂੰ ਸੌਂਪਿਆ ਪੱਤਰ
ਅੰਮ੍ਰਿਤਸਰ, 13 ਅਗੱਸਤ (ਸੁਖਵਿੰਦਰਜੀਤ ਸਿੰਘ ਬਹੋੜੂ): ਖ਼ਾਲਸਾ ਪੰਥ ਦੇ ਜਾਂਬਾਜ਼ ਸਿਪਾਹੀ ਸ਼ਹੀਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਵਾਉਣ ਲਈ, ਅੱਜ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਦੇ ਕੌਮੀ ਪ੍ਰਧਾਨ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਦੀ ਅਗਵਾਈ ਵਿਚ ਭਾਈ ਭੁਪਿੰਦਰ ਸਿੰਘ ਛੇ ਜੂਨ, ਗਿਆਨੀ ਸਿਮਰਨਜੀਤ ਸਿੰਘ ਦਮਦਮੀ ਟਕਸਾਲ, ਭਾਈ ਗਗਨਦੀਪ ਸਿੰਘ ਸੁਲਤਾਨਵਿੰਡ ਅਤੇ ਭਾਈ ਮਨਜੀਤ ਸਿੰਘ ਡੱਲਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਗਿਆਨੀ ਹਰਪ੍ਰੀਤ ਸਿੰਘ ਨੂੰ ਇਕ ਯਾਦ ਪੱਤਰ ਸੌਂਪਿਆ ਜਿਸ ਦਾ ਉਤਾਰਾ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਵੀ ਭੇਜਿਆ ਗਿਆ ਹੈ।
ਭਾਈ ਦਿਲਾਵਰ ਦੀ ਸ਼ਹਾਦਤ ਨੂੰ 26 ਵਰ੍ਹੇ ਹੋ ਚੁੱਕੇ ਹਨ ਪਰ ਅਜੇ ਤਕ ਭਾਈ ਦਿਲਾਵਰ ਸਿੰਘ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ਵਿਚ ਕਿਉਂ ਨਹੀਂ ਲਗਾਈ ਗਈ ? ਜਦਕਿ 2012 ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਭਾਈ ਦਿਲਾਵਰ ਸਿੰਘ ਨੂੰ ਕੌਮੀ ਸ਼ਹੀਦ ਐਲਾਨਿਆ ਜਾ ਚੁੱਕਾ ਹੈ। ਜਿਵੇਂ ਹੁਣ ਸ਼੍ਰੋਮਣੀ ਕਮੇਟੀ ਨੇ 1984 ਵਿਚ ਗੋਲੀ ਲੱਗੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪ ਦੇ ਦਰਸ਼ਨ ਕਰਵਾਏ ਹਨ ਤੇ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ’ਤੇ ਹੋਏ ਹਮਲੇ ਦੀ ਯਾਦ ਪਹਿਲੀ ਵਾਰ ਮਨਾਈ ਹੈ, ਇਸੇ ਤਰ੍ਹਾਂ ਦੋ ਕਦਮ ਹੋਰ ਅੱਗੇ ਪੁੱਟਦਿਆਂ ਤੇ ਪੰਥਕ ਇੱਛਾਵਾਂ ਅਨੁਸਾਰ ਫ਼ੈਸਲਾ ਲੈਂਦਿਆਂ ਤੇ ਸਿੱਖ ਜਜ਼ਬਾਤਾਂ ਦੀ ਕਦਰ ਕਰਦਿਆਂ 31 ਅਗੱਸਤ 2021 ਤੋਂ ਪਹਿਲਾਂ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਲਗਾਈ ਜਾਵੇ। ਜੇਕਰ ਸ਼੍ਰੋਮਣੀ ਕਮੇਟੀ ਅਜਿਹਾ ਨਹੀਂ ਕਰਦੀ ਤਾਂ ਸਿੱਖ ਸੰਗਤਾਂ ਖ਼ੁਦ ਭਾਈ ਦਿਲਾਵਰ ਸਿੰਘ ਦੀ ਤਸਵੀਰ ਅਜਾਇਬ ਘਰ ਵਿਚ ਸੁਸ਼ੋਭਿਤ ਕਰਨ ਲਈ ਮਜਬੂਰ ਹੋਣਗੀਆਂ।
ਗਿਆਨੀ ਹਰਪ੍ਰੀਤ ਸਿੰਘ ਨੇ ਫ਼ੈਡਰੇਸ਼ਨ ਆਗੂਆਂ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਇਹ ਤਸਵੀਰ ਜਲਦ ਲਗਵਾ ਦਿਤੀ ਜਾਵੇਗੀ। ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਕਿਹਾ ਕਿ ਇਨ੍ਹਾਂ ਮਸਲਿਆਂ ਦੇ ਹੱਲ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨਾਲ ਵੀ ਅਸੀ ਜਲਦ ਗੱਲਬਾਤ ਕਰਾਂਗੇ।