
ਫੜੀ ਗਈ ਹੀਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 2 ਕਰੋੜ 65 ਲੱਖ ਰੁਪਏ ਦੱਸੀ ਜਾ ਰਹੀ ਹੈ।
ਗੁਰਦਾਸਪੁਰ: ਜ਼ਿਲ੍ਹਾ ਪੁਲਿਸ ਨੇ ਨਸ਼ੇ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਉਹਨਾਂ ਕੋਲੋਂ ਕਰੋੜਾਂ ਦੀ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕੀਤੀ ਹੈ। ਫੜੀ ਗਈ ਹੀਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੀਮਤ ਕਰੀਬ 2 ਕਰੋੜ 65 ਲੱਖ ਰੁਪਏ ਦੱਸੀ ਜਾ ਰਹੀ ਹੈ। ਥਾਣਾ ਸਿਵਲ ਲਾਈਨ ਦੇ ਐਸਐਚਓ ਇੰਸਪੈਕਟਰ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਚੌਕੀ ਅਰਬਨ ਅਸਟੇਟ ਦੇ ਇੰਚਾਰਜ ਏਐਸਆਈ ਬਲਵਿੰਦਰ ਸਿੰਘ ਨੂੰ ਸੂਚਨਾ ਮਿਲੀ ਸੀ ਕਿ ਜਲੰਧਰ ਰੋਡ ਵਾਲੀ ਸਾਈਡ ਤੋਂ ਮੋਟਰਸਾਈਕਲ ’ਤੇ ਦੋ ਨੌਜਵਾਨ ਆ ਰਹੇ ਹਨ, ਜੋ ਕਿ ਨਸ਼ੇ ਵੇਚਣ ਦਾ ਧੰਦਾ ਕਰਦੇ ਹਨ।
ਉਹਨਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਜਲੰਧਰ ਰੋਡ 'ਤੇ ਨਾਕਾਬੰਦੀ ਕੀਤੀ। ਇਸ ਦੌਰਾਨ ਜਦੋਂ ਦੂਜੇ ਪਾਸਿਓਂ ਆ ਰਹੇ ਬੁਲੇਟ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਰੋਕ ਕੇ ਪੁੱਛਗਿੱਛ ਕੀਤੀ ਗਈ ਤਾਂ ਉਹ ਕੋਈ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ। ਪੁਲਿਸ ਨੇ ਸ਼ੱਕ ਦੇ ਆਧਾਰ 'ਤੇ ਦੋਵਾਂ ਨੌਜਵਾਨਾਂ ਦੀ ਤਲਾਸ਼ੀ ਲਈ, ਇਸ ਦੌਰਾਨ ਉਹਨਾਂ ਕੋਲੋਂ ਭਾਰੀ ਮਾਤਰਾ 'ਚ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਨੌਜਵਾਨਾਂ ਨੂੰ ਮੌਕੇ 'ਤੇ ਹੀ ਗ੍ਰਿਫਤਾਰ ਕਰ ਲਿਆ। ਫੜੇ ਗਏ ਨੌਜਵਾਨਾਂ ਦੀ ਪਛਾਣ ਗਗਨਦੀਪ ਵਾਸੀ ਗਾਂਧੀ ਕੈਂਪ ਅਤੇ ਸੰਨੀ ਮਸੀਹ ਵਾਸੀ ਪਿੰਡ ਧਿਆਨਪੁਰ ਵਜੋਂ ਹੋਈ ਹੈ।
ਐਸਐਚਓ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਗਗਨਦੀਪ ਕੋਲੋਂ 260 ਗ੍ਰਾਮ ਹੈਰੋਇਨ ਅਤੇ ਸੰਨੀ ਮਸੀਹ ਕੋਲੋਂ 270 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ ਪੁਲਿਸ ਨੇ ਇਹਨਾਂ ਕੋਲੋਂ 40 ਹਜ਼ਾਰ ਦੀ ਡਰੱਗ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਨੇ ਉਹਨਾਂ ਦਾ ਬੁਲੇਟ ਮੋਟਰਸਾਈਕਲ ਵੀ ਜ਼ਬਤ ਕਰ ਲਿਆ ਹੈ। ਐਸਐਚਓ ਨੇ ਦੱਸਿਆ ਕਿ ਦੋਵਾਂ ਨੌਜਵਾਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ’ਤੇ ਲਿਆ ਜਾਵੇਗਾ, ਤਾਂ ਜੋ ਇਹ ਪਤਾ ਲੱਗ ਸਕੇ ਕਿ ਦੋਵੇਂ ਨੌਜਵਾਨ ਕਿੱਥੋਂ ਹੈਰੋਇਨ ਲਿਆਉਂਦੇ ਸਨ ਅਤੇ ਕਿਸ ਨੂੰ ਵੇਚਦੇ ਸਨ।