
ਕਿਹਾ, ਆਰਡੀਨੈਂਸਾਂ ਦੇ ਮੁੱਦੇ 'ਤੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਵੀ ਕੀਤਾ ਸਭ ਨੂੰ ਗੁੰਮਰਾਹ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਖੇਤੀ ਵਿਰੋਧੀ ਆਰਡੀਨੈਂਸ ਪੇਸ਼ ਕਰਨ ਸਮੇਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਸੰਸਦ 'ਚੋਂ ਗੈਰ ਹਾਜ਼ਰ ਰਹਿ ਕੇ ਪੰਜਾਬ ਅਤੇ ਪੰਜਾਬ ਦੇ ਕਿਸਾਨਾਂ-ਮਜ਼ਦੂਰਾਂ ਨਾਲ ਗ਼ੱਦਾਰੀ ਕੀਤੀ ਹੈ ਅਤੇ ਧ੍ਰੋਹ ਕਮਾਇਆ ਹੈ।
Bhagwant Mann
ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਅਤੇ ਸੋਸ਼ਲ ਮੀਡੀਆ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਜਿਸ ਸਮੇਂ ਮੋਦੀ ਸਰਕਾਰ ਨੇ ਸੰਸਦ 'ਚ ਖੇਤੀ ਵਿਰੋਧੀ ਆਰਡੀਨੈਂਸ ਪੇਸ਼ ਕੀਤਾ ਉਸ ਸਮੇਂ ਬਤੌਰ ਸੰਸਦ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵਿਰੋਧ ਕਰਨ ਦੀ ਥਾਂ ਗੈਰ ਹਾਜ਼ਰੀ ਪਾ ਲਈ ਜੋ ਸਿੱਧਾ ਅਤੇ ਸਪਸ਼ਟ ਰੂਪ ਆਰਡੀਨੈਂਸਾਂ ਦੇ ਹੱਕ ਅਤੇ ਕਿਸਾਨਾਂ ਦੇ ਵਿਰੋਧ 'ਚ ਲਿਆ ਗਿਆ ਪੈਂਤੜਾ ਹੈ।
Bhagwant Mann
ਮਾਨ ਮੁਤਾਬਿਕ ਬਾਦਲ ਜੋੜੀ ਦੀ ਇਸ ਗ਼ੱਦਾਰੀ ਨੂੰ ਕਿਸਾਨੀ ਦੇ ਇਤਿਹਾਸ 'ਚ ਗੂੜ੍ਹੇ ਕਾਲੇ ਅੱਖਰਾਂ 'ਚ ਲਿਖਿਆ ਜਾਵੇਗਾ ਅਤੇ ਪੰਜਾਬ ਸਮੇਤ ਪੂਰੇ ਦੇਸ਼ ਦੇ ਕਿਸਾਨ, ਮਜ਼ਦੂਰ, ਆੜ੍ਹਤੀ, ਪੱਲੇਦਾਰ, ਟਰਾਂਸਪੋਰਟ ਸਮੇਤ ਖੇਤੀ 'ਤੇ ਨਿਰਭਰ ਸਾਰੇ ਵਰਗ ਕਦੇ ਵੀ ਮੁਆਫ਼ ਨਹੀਂ ਕਰਨਗੇ।
Bhagwant Mann
ਭਗਵੰਤ ਮਾਨ ਨੇ ਦੱਸਿਆ ਕਿ ਉਨ੍ਹਾਂ (ਮਾਨ) ਇਨ੍ਹਾਂ ਮਾਰੂ ਆਰਡੀਨੈਂਸਾਂ ਦਾ ਜ਼ੋਰਦਾਰ ਵਿਰੋਧ ਕੀਤਾ ਅਤੇ ਮਾਨਯੋਗ ਸਪੀਕਰ ਨੂੰ ਇਹ ਭਰੋਸਾ ਦੇਣਾ ਪਿਆ ਕਿ ਆਰਡੀਨੈਂਸਾਂ 'ਤੇ ਬਹਿਸ ਮੌਕੇ ਆਮ ਆਦਮੀ ਪਾਰਟੀ ਨੂੰ ਪੂਰਾ ਮੌਕਾ ਦਿੱਤਾ ਜਾਵੇਗਾ।
Bhagwant Mann
ਭਗਵੰਤ ਮਾਨ ਨੇ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਵੱਲੋਂ ਆਰਡੀਨੈਂਸਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਕੋਲੋਂ ਵੀ ਸਹਿਮਤੀ ਲਏ ਜਾਣ ਬਾਰੇ ਕੀਤੇ ਖ਼ੁਲਾਸੇ 'ਤੇ ਤਿੱਖੀ ਪ੍ਰਤੀਕਿਰਿਆ ਦਿੰਦੇ ਹੋਏ ਭਗਵੰਤ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਚੁੱਪ-ਚਾਪ ਸਹਿਮਤੀ ਦੇ ਕੇ ਪੰਜਾਬ, ਪੰਜਾਬ ਦੇ ਕਿਸਾਨਾਂ, ਸਰਬ ਪਾਰਟੀ ਮੀਟਿੰਗਾਂ 'ਚ ਹਿੱਸਾ ਲੈਣ ਵਾਲੀਆਂ ਸਿਆਸੀ ਪਾਰਟੀਆਂ ਅਤੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਨੂੰ ਗੁੰਮਰਾਹ ਕੀਤਾ ਹੈ। ਇਸ ਲਈ ਰਾਜਾ ਅਮਰਿੰਦਰ ਸਿੰਘ ਨੂੰ ਤੁਰੰਤ ਅਸਤੀਫ਼ਾ ਦੇਣਾ ਚਾਹੀਦਾ ਹੈ। ਬਾਦਲਾਂ 'ਤੇ ਚੁਟਕੀ ਲੈਂਦਿਆਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੂੰ ਬਾਦਲਾਂ ਦੀ ਬਿਲਕੁਲ ਵੀ ਪ੍ਰਵਾਹ ਨਹੀਂ। ਆਰਡੀਨੈਂਸ ਪੇਸ਼ ਕਰਦੇ ਹੋਏ ਭਾਜਪਾ ਨੇ ਬਾਦਲਾਂ ਨੂੰ ਟਿੱਚ ਨਹੀਂ ਜਾਣਿਆ।