
ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਚੰਡੀਗੜ੍ਹ : ਕਾਂਗਰਸੀ ਆਗੂ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਭਲਕੇ ਸੋਮਵਾਰ ਨੂੰ ਪੰਜਾਬ ਦੌਰੇ ’ਤੇ ਪਹੁੰਚ ਰਹੇ ਹਨ। ਰਾਹੁਲ ਗਾਂਧੀ ਵੱਲੋਂ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਜ਼ਿਲਿ੍ਹਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਰਾਹੁਲ ਗਾਂਧੀ ਸਵੇਰੇ 9:30 ਵਜੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰਨਗੇ। ਜਿੱਥੋਂ ਉਹ ਸਿੱਧੇ ਰਾਮਦਾਸ ਸਥਿਤ ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੀ ਮੱਥਾ ਟੇਕਣਗੇ ਅਤੇ ਅਰਦਾਸ ਕਰਨਗੇ। ਇਥੇ ਉਹ ਹੜ੍ਹ ਪ੍ਰਭਾਵਿਤ ਪਰਿਵਾਰਾਂ ਨਾਲ ਗੱਲਬਾਤ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਗੇ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ ’ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੀ ਸਥਿਤੀ ’ਤੇ ਚਿੰਤਾ ਪ੍ਰਗਟ ਕੀਤੀ ਸੀ। ਆਪਣੀ ਪੋਸਟ ’ਚ ਉਨ੍ਹਾਂ ਲਿਖਿਆ ਸੀ ਕਿ ਪੰਜਾਬ, ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਸਮੇਤ ਦੇਸ਼ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਸ਼ ਅਤੇ ਹੜ੍ਹਾਂ ਕਾਰਨ ਕਈ ਲੋਕਾਂ ਦੀ ਮੌਤ ਦੀ ਖ਼ਬਰ ਬਹੁਤ ਦੁਖਦਾਈ ਅਤੇ ਚਿੰਤਾਜਨਕ ਹੈ।
ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਾਰੇ ਪ੍ਰਭਾਵਿਤ ਇਲਾਕਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਜਾਵੇ ਅਤੇ ਬਚਾਅ ਕਾਰਜ ਤੇਜ਼ ਕੀਤੇ ਜਾਣ, ਤਾਂ ਜੋ ਜਾਨੀ ਨੁਕਸਾਨ ਨੂੰ ਰੋਕਿਆ ਜਾ ਸਕੇ ਅਤੇ ਸਮੇਂ ਸਿਰ ਮਦਦ ਲੋੜਵੰਦਾਂ ਤੱਕ ਪਹੁੰਚ ਸਕੇ। ਉਨ੍ਹਾਂ ਨੇ ਕਾਂਗਰਸ ਆਗੂਆਂ ਅਤੇ ਵਰਕਰਾਂ ਨੂੰ ਪ੍ਰਸ਼ਾਸਨ ਦੀ ਮਦਦ ਕਰਨ ਅਤੇ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਸਰਗਰਮੀ ਨਾਲ ਸਹਿਯੋਗ ਕਰਨ ਦੀ ਵੀ ਅਪੀਲ ਕੀਤੀ।