
ਬਠਿੰਡਾ ਪੁਲਿਸ ਨੇ ਬਲਵਿੰਦਰ ਸਿੰਘ ਨੂੰ ਰਾਜਸਥਾਨ ਤੋਂ ਕੀਤਾ ਗ੍ਰਿਫ਼ਤਾਰ
ਬਠਿੰਡਾ : ਰਾਮਾ ਮੰਡੀ ਦੇ ਕੱਪੜਾ ਵਪਾਰੀ ਤੋਂ ਫਿਰੌਤੀ ਮੰਗਣ ਵਾਲਿਆਂ ਨੂੰ ਪੁਲਿਸ ਲਗਾਤਾਰ ਕਾਬੂ ਕਰ ਰਹੀ ਹੈ ਅਤੇ ਇਸ ਕੜੀ ਤਹਿਤ ਹੀ ਅੱਜ ਬਠਿੰਡਾ ਪੁਲਿਸ ਨੇ ਗੈਂਗਸਟਰ ਗੋਲਡੀ ਬਰਾੜ ਅਤੇ ਮਨਪ੍ਰੀਤ ਮੰਨਾ ਗੈਂਗ ਦੇ ਇੱਕ ਹੋਰ ਮੈਂਬਰ ਨੂੰ ਕਾਬੂ ਕੀਤਾ ਹੈ। ਜਾਣਕਾਰੀ ਦਿੰਦਿਆਂ ਐਸਐਸਪੀ ਬਠਿੰਡਾ ਨੇ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਰਾਮਾ ਮੰਡੀ ਵਿੱਚ ਇੱਕ ਵਪਾਰੀ ਤੋਂ 1 ਕਰੋੜ ਦੀ ਫਿਰੌਤੀ ਮੰਗਣ ਵਾਲੇ 8 ਮੁਲਜ਼ਮਾਂ ਨੂੰ ਨਾਮਜ਼ਦ ਕੀਤਾ ਗਿਆ ਸੀ।
ਜਿਸ ਵਿੱਚ ਗੈਂਗਸਟਰ ਗੋਲਡੀ ਬਰਾੜ, ਮਨਪ੍ਰੀਤ ਮੰਨਾ ਅਤੇ ਉਸਦੇ ਕਈ ਸਾਥੀ ਸ਼ਾਮਲ ਹਨ। 6 ਦੋਸ਼ੀਆਂ ਨੂੰ ਪੁਲਿਸ ਨੇ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਸੀ ਅਤੇ ਅੱਜ ਪੁਲਿਸ ਵਲੋਂ ਇਕ ਹੋਰ ਮੈਂਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਿਸ ਦੀ ਪਛਾਣ ਬਲਵਿੰਦਰ ਸਿੰਘ ਬਾਵਾ ਵਾਸੀ ਪੱਕਾ ਕਲਾਂ ਵਜੋਂ ਹੋਈ ਹੈ। ਦੱਸ ਦੇਈਏ ਕਿ ਹੁਣ ਤੱਕ 7 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਬਲਵਿੰਦਰ ਸਿੰਘ ਨੇ ਇਸ ਮਾਮਲੇ ਦੇ ਕਥਿਤ ਦੋਸ਼ੀਆਂ ਨੂੰ ਹਥਿਆਰ ਸਪਲਾਈ ਕੀਤੇ ਸਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਰਾਜਸਥਾਨ ਪੁਲਿਸ ਵੀ ਬਲਵਿੰਦਰ ਸਿੰਘ ਦੀ ਭਾਲ ਕਰ ਰਹੀ ਹੈ।
ਇਸ ਨੇ ਜੈਪੁਰ ਦੇ ਇੱਕ ਕੋਲੋਨਾਈਜ਼ਰ ਦਾ ਕਤਲ ਕੀਤਾ ਸੀ। ਉਨ੍ਹਾਂ ਦੱਸਿਆ ਕਿ ਹੁਣ ਰਾਜਸਥਾਨ ਪੁਲਿਸ ਬਲਵਿੰਦਰ ਸਿੰਘ ਨੂੰ ਪ੍ਰੋਡਕਸ਼ਨ ਵਾਰੰਟ ’ਤੇ ਲੈ ਕੇ ਜਾਵੇਗੀ। ਇਥੇ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਬਠਿੰਡਾ ਨੇ ਦੱਸਿਆ ਕਿ ਸਾਲ 2021 ਵਿਚ ਮੌੜ ਮੰਡੀ ਵਿਚ ਹੋਏ ਇੱਕ ਕਤਲ ਮਾਮਲੇ ਵਿਚ ਪੁਲਿਸ ਨੇ ਦੋ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਅਤੇ ਹੁਣ ਇਸ ਮਾਮਲੇ ਵਿਚ ਇੱਕ ਮੁਲਜ਼ਮ ਦੀ ਗ੍ਰਿਫਤਾਰੀ ਬਾਕੀ ਹੈ ਜਿਸ ਨੂੰ ਜਲਦ ਹੀ ਕਾਬੂ ਕਰ ਲਿਆ ਜਾਵੇਗਾ।