
ਕਾਂਗਰਸ ਪਾਰਟੀ ਵੱਲੋਂ 2022 ’ਚ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।
ਫਿਰੋਜ਼ਪੁਰ : ਵਿਧਾਨ ਸਭਾ ਹਲਕਾ ਫਿਰੋਜ਼ਪੁਰ ਦੀ ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਅਤੇ ਉਨ੍ਹਾਂ ਦੇ ਪਤੀ ਲਾਡੀ ਗਹਿਰੀ ਨੂੰ ਵਿਜੀਲੈਂਸ ਬਿਊਰੋ ਫਿਰੋਜ਼ਪੁਰ ਵੱਲੋਂ ਕੁਝ ਦਿਨ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਸੀ, ਜੋ ਇਸ ਸਮੇਂ ਮਾਨਸਾ ਜੇਲ੍ਹ ’ਚ ਬੰਦ ਹਨ। ਜਾਣਕਾਰੀ ਅਨੁਸਾਰ ਸਤਿਕਾਰ ਕੌਰ ਗਹਿਰੀ ਵੱਲੋਂ ਫਿਰੋਜ਼ਪੁਰ ਦੀ ਅਦਾਲਤ ’ਚ ਜ਼ਮਾਨਤ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ਵਿਚ ਸ਼ੁੱਕਰਵਾਰ ਨੂੰ ਦੋਵਾਂ ਧਿਰਾਂ ਦੇ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਤਿਕਾਰ ਕੌਰ ਦੀ ਜ਼ਮਾਨਤ ਅਰਜ਼ੀ ਮਾਣਯੋਗ ਅਦਾਲਤ ਵੱਲੋਂ ਖਾਰਿਜ ਕਰ ਦਿੱਤੀ ਗਈ ਹੈ।
ਜ਼ਿਕਰਯੋਗ ਹੈ ਕਿ ਸਾਬਕਾ ਵਿਧਾਇਕਾ ਸਤਿਕਾਰ ਕੌਰ ਨੂੰ ਉਸ ਦੇ ਮੋਹਾਲੀ ਸਥਿਤ ਘਰ ਤੋਂ 18 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ, ਜਦਕਿ ਉਨ੍ਹਾਂ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਨੂੰ ਫਿਰੋਜ਼ਪੁਰ 'ਚ ਉਨ੍ਹਾਂ ਦੇ ਨਿਵਾਸ ਤੋਂ ਹਿਰਾਸਤ ਵਿਚ ਲਿਆ ਗਿਆ ਸੀ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਇਹ ਗ੍ਰਿਫ਼ਤਾਰੀ ਆਮਦਨ ਦੇ ਸਰੋਤਾਂ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਸਤਿਕਾਰ ਕੌਰ ਤੋਂ ਮਾਰਚ 2023 ਵਿੱਚ ਵਿਜੀਲੈਂਸ ਵੱਲੋਂ ਪੁੱਛਗਿੱਛ ਕੀਤੀ ਗਈ ਸੀ। ਸਾਬਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੂੰ ਕਾਂਗਰਸ ਪਾਰਟੀ ਵੱਲੋਂ 2022 ’ਚ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਏ ਸਨ।