
ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਦੋਨਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਨ੍ਹਾਂ ਨੂੰ ਜ਼ਮਾਨਤ ਦੇ ਦਿਤੀ
ਫ਼ਰੀਦਕੋਟ : ਕੋਟਕਪੂਰਾ ਗੋਲੀਕਾਂਡ ਵਿਚ ਮੁਲਜ਼ਮ ਵਜੋਂ ਨਾਮਜ਼ਦ ਹੋਣ ਤੋਂ ਬਾਅਦ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ, ਮੁਅੱਤਲੀ ਅਧੀਨ ਚੱਲ ਰਹੇ ਆਈ.ਜੀ. ਪਰਮਰਾਜ ਸਿੰਘ ਉਮਰਾਨੰਗਲ ਅਤੇ ਸਾਬਕਾ ਐਸ.ਐਸ.ਪੀ. ਸੁਖਮਿੰਦਰ ਸਿੰਘ ਮਾਨ ਵਲੋਂ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਲਾਈ ਗਈ ਸੀ, ਜਿਸ ’ਤੇ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਦੋਨਾਂ ਧਿਰਾਂ ਦੀ ਬਹਿਸ ਸੁਣਨ ਉਪਰੰਤ ਇਨ੍ਹਾਂ ਨੂੰ ਜ਼ਮਾਨਤ ਦੇ ਦਿਤੀ।
ਜਾਣਕਾਰੀ ਅਨੁਸਾਰ ਕੋਟਕਪੂਰਾ ਗੋਲੀਕਾਂਡ ਦੀ ਪੜਤਾਲ ਕਰ ਰਹੇ ਐਲ.ਕੇ. ਯਾਦਵ ਦੀ ਅਗਵਾਈ ਵਾਲੀ ਐਸ.ਆਈ.ਟੀ. ਵਲੋਂ ਕੋਟਕਪੂਰਾ ਗੋਲੀਕਾਂਡ ਵਿਚ ਚੌਥਾ ਸਪਲੀਮੈਂਟ ਚਲਾਨ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿਸ ਵਿਚ ਧਾਰਾ 118 ਅਤੇ 119 ਦਾ ਵਾਧਾ ਕੀਤਾ ਗਿਆ ਸੀ, ਜਿਸ ’ਤੇ ਇਨ੍ਹਾਂ ਨੇ ਅਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮਾਨਯੋਗ ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਵਿਚ ਅਗਾਉਂ ਜ਼ਮਾਨਤ ਅਰਜ਼ੀ ਦੇ ਕੇ ਮੰਗ ਕੀਤੀ ਸੀ ਕਿ ਉਨ੍ਹਾਂ ਨੂੰ ਚੱਲਦੇ ਕੇਸ ਤਕ ਜ਼ਮਾਨਤ ਦਿਤੀ ਜਾਵੇ।