
ਅਮਰੀਕ ਸਿੰਘ ਅਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ।
ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸੀਆਂ ਨੂੰ ਆਪਣੀ ਪਾਰਟੀ ਵਿਚ ਇਕੱਠਾ ਕਰਨਾ ਸ਼ੁਰੂ ਕਰ ਦਿਤਾ ਹੈ। ਇਸੇ ਕੜੀ ਤਹਿਤ ਅੱਜ ਸੀਨੀਅਰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਤੇ ਮਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਇਨ੍ਹਾਂ ਦੋਵਾਂ ਆਗੂਆਂ ਦਾ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੀ ਪਾਰਟੀ ਵਿਚ ਸਵਾਗਤ ਕੀਤਾ ਗਿਆ।
Captain Amarinder Singh
ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਦੇ ਦੋਵੇਂ ਦਿੱਗਜ ਆਗੂ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਲ ਹੋ ਗਏ ਹਨ। ਪੰਜਾਬ ਲੋਕ ਕਾਂਗਰਸ ਵਲੋਂ ਜਾਰੀ ਇੱਕ ਬਿਆਨ ਵਿਚ ਕਿਹਾ ਗਿਆ ਹੈ, “ਅਮਰੀਕ ਸਿੰਘ ਅਲੀਵਾਲ ਅਤੇ ਬੇਗਮ ਫਰਜ਼ਾਨਾ ਆਲਮ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਆਉਣ ਦਾ ਫ਼ੈਸਲਾ ਕੀਤਾ ਹੈ। ਦੋਵਾਂ ਆਗੂਆਂ ਨੇ ਅਮਰਿੰਦਰ ਸਿੰਘ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਦੀ ਮੈਂਬਰਸ਼ਿਪ ਲੈ ਲਈ ਹੈ।
Amrik Singh Aliwal
ਦੱਸ ਦੇਈਏ ਕਿ ਅਮਰੀਕ ਸਿੰਘ ਅਲੀਵਾਲ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਬੇਗਮ ਫਰਜ਼ਾਨਾ ਆਲਮ ਮਲੇਰਕੋਟਲਾ ਤੋਂ ਵਿਧਾਇਕ ਹੋਣ ਤੋਂ ਇਲਾਵਾ ਸਾਬਕਾ ਸੰਸਦੀ ਸਕੱਤਰ ਰਹਿ ਚੁੱਕੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਹੈ ਕਿ ਇਨ੍ਹਾਂ ਦੋ ਦਿੱਗਜ ਆਗੂਆਂ ਦੇ ਆਉਣ ਨਾਲ ਪੰਜਾਬ ਲੋਕ ਕਾਂਗਰਸ ਮਜ਼ਬੂਤ ਹੋਵੇਗੀ।