
ਪ੍ਰਤਾਪ ਬਾਜਵਾ ਨੇ ਪੰਜਾਬ ਦੀਆਂ ਸਿਹਤ ਤੇ ਸਿੱਖਿਆ ਸਹੂਲਤਾਂ ਦਾ ਮਿਆਰ ਉੱਚਾ ਹੋਣ ਦਾ ਕੀਤਾ ਦਾਅਵਾ
ਚੰਡੀਗੜ੍ਹ (ਅਮਨਪ੍ਰੀਤ ਕੌਰ): ਕਾਂਗਰਸ ਮੈਨੀਫੈਸਟੋ ਕਮੇਟੀ ਦੇ ਚੇਅਰਮੈਨ ਅਤੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵੱਲੋਂ ਪੰਜਾਬ ਕਾਂਗਰਸ ਭਵਨ ਵਿਖੇ 'ਆਵਾਜ਼ ਪੰਜਾਬ ਦੀ' ਮੈਨੀਫੈਸਟੋ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਤੋਂ ਬਾਅਦ ਉਹਨਾਂ ਕਿਹਾ ਕਿ ਕਾਂਗਰਸ ਦਾ ਚੋਣ ਮੈਨੀਫੈਸਟੋ ਛੋਟਾ ਹੋਵੇਗਾ ਪਰ ਸਾਰੇ ਵਾਅਦੇ ਪੂਰੇ ਕੀਤੇ ਜਾਣਗੇ। ਇਸ ਦੇ ਲਈ ਲੋਕਾਂ ਦੀ ਆਵਾਜ਼ ਨੂੰ ਸੁਣਿਆ ਜਾਵੇਗਾ। ਉਹਨਾਂ ਵਲੋਂ 'ਆਵਾਜ਼ ਪੰਜਾਬ ਦੀ' ਵੈੱਬਸਾਈਟ ਅਤੇ ਟੋਲ ਫ਼ਰੀ ਨੰਬਰ ਲਾਂਚ ਕੀਤਾ ਗਿਆ।
Partap Singh Bajwa
ਰੋਜ਼ਾਨਾ ਸਪੋਕਸਮੈਨ ਨਾਲ ਗੱਲ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਲੋਕਾਂ ਨੂੰ ਬਹੁਤ ਸਮੱਸਿਆਵਾਂ ਹਨ। ਇਸ ਤੋਂ ਇਲਾਵਾ ਪੰਜਾਬੀਆਂ ਦਾ ਇਕ ਵੱਡਾ ਹਿੱਸਾ ਐਨਆਰਆਈਜ਼ ਹਨ, ਜਿਨ੍ਹਾਂ ਨੂੰ ਕਈ ਮੁਸ਼ਕਿਲਾਂ ਹਨ, ਕਿਸੇ ਨੇ ਇਸ ਇਹਨਾਂ ਵੱਲ ਧਿਆਨ ਨਹੀਂ ਦਿੱਤਾ। ਉਹਨਾਂ ਕਿਹਾ ਕਿ ਅਸੀਂ ਐਨਆਰਆਈਜ਼ ਲਈ ਖ਼ਾਸ ਪਾਲਿਸੀ ਲੈ ਕੇ ਆਵਾਂਗੇ, ਜਿਸ ਦੇ ਤਹਿਤ ਉਹਨਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਸਕੇ।
Partap Singh Bajwa
ਰਾਜ ਸਭਾ ਸੰਸਦ ਮੈਂਬਰ ਨੇ ਕਿਹਾ ਕਿ ਕਿਸੇ ਸਮੇਂ ਵਿਚ ਪੰਜਾਬ ਸੱਭਿਆਚਾਰ ਅਤੇ ਖੇਡਾਂ ਵਿਚ ਨੰਬਰ ਇਕ ’ਤੇ ਸੀ, ਅੱਜ ਵੀ ਪੰਜਾਬੀ ਗਾਣੇ ਪੂਰੀ ਦੁਨੀਆਂ ਵਿਚ ਮਸ਼ਹੂਰ ਹਨ। ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਸਾਡੀ ਕੋਸ਼ਿਸ਼ ਰਹੇਗੀ ਕਿ ਪੰਜਾਬ ਦੀਆਂ ਰਵਾਇਤੀ ਖੇਡਾਂ ਨੂੰ ਪ੍ਰਫੁੱਲਤ ਕੀਤਾ ਜਾਵੇ। ਪ੍ਰਤਾਪ ਬਾਵਜਾ ਨੇ ਕਿਹਾ ਕਿ ਅਸੀਂ ਪੰਜਾਬ ਵਿਚ ਨੰਬਰ ਇਕ ਸਿਹਤ ਸੇਵਾਵਾਂ ਲੈ ਕੇ ਆਵਾਂਗੇ। ਗਰੀਬਾਂ ਨੂੰ ਧਿਆਨ ਵਿਚ ਰੱਖਦਿਆਂ ਸਿਹਤ ਖੇਤਰ ਦਾ ਵਿਕਾਸ ਕੀਤਾ ਜਾਵੇਗਾ।
ਸਿੱਖਿਆ ਖੇਤਰ ਬਾਰੇ ਗੱਲ਼ ਕਰਦਿਆਂ ਉਹਨਾਂ ਕਿਹਾ ਕਿ ਕੇਂਦਰ ਵਿਚ ਭਾਜਪਾ ਸਰਕਾਰ ਹੋਣ ਦੇ ਬਾਵਜੂਦ ਪੰਜਾਬ ਸਿੱਖਿਆ ਦੇ ਖੇਤਰ ਵਿਚ ਪਹਿਲੇ ਨੰਬਰ ’ਤੇ ਹੈ। ਇਸ ਖੇਤਰ ਵਿਚ ਬਹੁਤ ਵਿਕਾਸ ਹੋਇਆ ਹੈ। ਸਕੂਲਾਂ ਦੀ ਹਾਲਤ ਵਿਚ ਸੁਧਾਰ ਹੋਇਆ ਹੈ। ਰੁਜ਼ਗਾਰ ਦੇ ਮੁੱਦੇ ’ਤੇ ਗੱਲ ਕਰਦਿਆਂ ਉਹਨਾਂ ਕਿਹਾ ਕਿ ਸਾਡਾ ਵਿਸ਼ੇਸ਼ ਧਿਆਨ ਹੁਨਰ ਵਿਕਾਸ ’ਤੇ ਹੈ।
Capt Amarinder Singh
ਕੈਪਟਨ ਅਮਰਿੰਦਰ ਸਿੰਘ ਵਲੋਂ ਕੀਤੇ ਵਾਅਦਿਆਂ ਬਾਰੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਨੂੰ ਸਾਡੇ ’ਤੇ ਪੂਰਾ ਯਕੀਨ ਹੈ। ਕੈਪਟਨ ਨੇ ਜੋ ਵਾਅਦੇ ਪੂਰੇ ਨਹੀਂ ਕੀਤੇ ਉਹ ਅਸੀਂ 60 ਦਿਨਾਂ ਵਿਚ ਪੂਰੇ ਕੀਤੇ ਹਨ। ਉਹਨਾਂ ਕਿਹਾ ਕਿ ਹਰ ਸਰਕਾਰ ਦਾ ਵਿਰੋਧ ਹੁੰਦਾ ਹੈ ਅਤੇ ਵਿਰੋਧ ਕਰਨਾ ਹਰ ਕਿਸੇ ਦਾ ਅਧਿਕਾਰ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਹਨਾਂ ਦਾ ਜ਼ੋਰ ਔਰਤਾਂ, ਬੱਚਿਆਂ ਅਤੇ ਖੇਤੀਬਾੜੀ ਸੈਕਟਰ ’ਤੇ ਹੋਵੇਗਾ। ਵਿਧਾਨ ਸਭਾ ਹਲਕਾ ਕਾਦੀਆਂ ਤੋਂ ਚੋਣ ਲੜਨ ਸਬੰਧੀ ਪ੍ਰਤਾਪ ਬਾਜਵਾ ਨੇ ਕਿਹਾ ਕਿ ਇਸ ਦਾ ਫੈਸਲਾ ਪਾਰਟੀ ਕਰੇਗੀ, ਦਾਅਵੇਦਾਰੀ ਤਾਂ ਸਾਰੇ ਹੀ ਕਰਦੇ ਹਨ। ਉਹਨਾਂ ਕਿਹਾ ਕਿ ਪਰਿਵਾਰ ਦੀ ਗੱਲ਼ ਹੈ ਅਤੇ ਅਸੀਂ ਸਾਰੇ ਇਕੱਠੇ ਹਾਂ।