
ਅਪਣੀ ਸਿਹਤ ’ਤੇ ਚਿੰਤਾ ਜ਼ਾਹਰ ਕਰਨ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ
ਚੰਡੀਗੜ੍ਹ : ਪੰਜਾਬ ਦੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਕਥਿਤ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀਆਂ ਜ਼ਿੰਦਗੀਆਂ ਉਨ੍ਹਾਂ ਦੀ ਜਾਨ ਨਾਲੋਂ ਵੱਧ ਕੀਮਤੀ ਹਨ। ਡੱਲੇਵਾਲ ਦੀ ਮਰਨ ਵਰਤ 19ਵੇਂ ਦਿਨ ਵੀ ਜਾਰੀ ਰਹੀ।
ਸੁਪਰੀਮ ਕੋਰਟ ਨੇ ਸ਼ੁਕਰਵਾਰ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਹੁਕਮ ਦਿਤਾ ਸੀ ਕਿ ਉਹ ਤੁਰਤ ਉਨ੍ਹਾਂ ਨੂੰ ਮਿਲਣ, ਉਨ੍ਹਾਂ ਨੂੰ ਡਾਕਟਰੀ ਸਹਾਇਤਾ ਪ੍ਰਦਾਨ ਕਰਨ ਅਤੇ ਉਨ੍ਹਾਂ ਨੂੰ ਅਣਮਿੱਥੇ ਸਮੇਂ ਲਈ ਭੁੱਖ ਹੜਤਾਲ ਖਤਮ ਕਰਨ ਲਈ ਪ੍ਰੇਰਿਤ ਕਰਨ ਕਿਉਂਕਿ ਉਨ੍ਹਾਂ ਦੀ ਜਾਨ ਕੀਮਤੀ ਹੈ।
ਡੱਲੇਵਾਲ 26 ਨਵੰਬਰ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਖਨੌਰੀ ਬਾਰਡਰ ’ਤੇ ਭੁੱਖ ਹੜਤਾਲ ’ਤੇ ਬੈਠੇ ਹਨ ਤਾਂ ਜੋ ਕਿਸਾਨਾਂ ਦੀਆਂ ਮੰਗਾਂ ਮੰਨਣ ਲਈ ਕੇਂਦਰ ’ਤੇ ਦਬਾਅ ਪਾਇਆ ਜਾ ਸਕੇ, ਜਿਸ ’ਚ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਕਾਨੂੰਨੀ ਗਰੰਟੀ ਵੀ ਸ਼ਾਮਲ ਹੈ।
ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ (ਕੇ.ਐਮ.ਐਮ.) ਦੇ ਬੈਨਰ ਹੇਠ ਕਿਸਾਨ 13 ਫ਼ਰਵਰੀ ਤੋਂ ਪੰਜਾਬ ਅਤੇ ਹਰਿਆਣਾ ਦਰਮਿਆਨ ਸ਼ੰਭੂ ਅਤੇ ਖਨੌਰੀ ਸਰਹੱਦ ’ਤੇ ਡੇਰਾ ਲਾ ਏ ਹੋਏ ਹਨ। ਡਾਕਟਰਾਂ ਨੇ ਪਹਿਲਾਂ ਹੀ ਡੱਲੇਵਾਲ ਨੂੰ ਹਸਪਤਾਲ ਤਬਦੀਲ ਕਰਨ ਦੀ ਸਿਫਾਰਸ਼ ਕੀਤੀ ਹੈ ਅਤੇ ਕਿਹਾ ਹੈ ਕਿ ਲੰਮੇ ਸਮੇਂ ਤੋਂ ਭੁੱਖ ਹੜਤਾਲ ਕਾਰਨ ਉਹ ਕਮਜ਼ੋਰ ਹੋ ਗਏ ਹਨ।
ਖਨੌਰੀ ਵਿਖੇ ਮੀਡੀਆ ਨੂੰ ਸੰਖੇਪ ਸੰਬੋਧਨ ਕਰਦਿਆਂ ਡੱਲੇਵਾਲ ਨੇ ਅਪਣੀ ਸਿਹਤ ’ਤੇ ਚਿੰਤਾ ਜ਼ਾਹਰ ਕਰਨ ਲਈ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘‘ਮਾਣਯੋਗ ਸੁਪਰੀਮ ਕੋਰਟ ਕਹਿੰਦੀ ਹੈ ਕਿ ਮੇਰੀ ਜ਼ਿੰਦਗੀ ਅੰਦੋਲਨ ਨਾਲੋਂ ਜ਼ਿਆਦਾ ਕੀਮਤੀ ਹੈ। ਪਰ ਮੇਰਾ ਮੰਨਣਾ ਹੈ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜ਼ਿੰਦਗੀ ਮੇਰੀ ਜਾਨ ਨਾਲੋਂ ਜ਼ਿਆਦਾ ਕੀਮਤੀ ਹੈ।’’
ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਪ੍ਰਧਾਨ ਡੱਲੇਵਾਲ ਨੇ ਦਾਅਵਾ ਕੀਤਾ ਕਿ ਦੇਸ਼ ’ਚ ਹੁਣ ਤਕ ਸੱਤ ਲੱਖ ਕਿਸਾਨ ਖੁਦਕੁਸ਼ੀਆਂ ਕਰ ਚੁਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਤਾਂ ਹੀ ਰੁਕ ਸਕਦੀਆਂ ਹਨ ਜੇਕਰ ਕੇਂਦਰ ਸਰਕਾਰ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਯਕੀਨੀ ਬਣਾਏ, ਜੋ ਸਵਾਮੀਨਾਥਨ ਕਮਿਸ਼ਨ ਦੀ ਰੀਪੋਰਟ ਦੀਆਂ ਸਿਫਾਰਸ਼ਾਂ ਅਨੁਸਾਰ ਤੈਅ ਕੀਤੀ ਜਾਣੀ ਚਾਹੀਦੀ ਹੈ ਅਤੇ ਨਾਲ ਹੀ ਕਿਸਾਨਾਂ ਦੀ ਕਰਜ਼ਾ ਮੁਆਫੀ ਵੀ ਹੋਣੀ ਚਾਹੀਦੀ ਹੈ।
ਡੱਲੇਵਾਲ ਨੇ ਕਿਹਾ ਕਿ ਉਹ ਕਿਸਾਨ ਭਾਈਚਾਰੇ ਨੂੰ ਉਨ੍ਹਾਂ ਦੇ ਹੱਕ ਦਿਵਾਉਣ ਲਈ ਅਪਣੀ ਜਾਨ ਕੁਰਬਾਨ ਕਰਨ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਨੂੰ ਕੇਂਦਰ ਸਰਕਾਰ ਨੂੰ ਕਿਸਾਨਾਂ ਦੀਆਂ ਮੰਗਾਂ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦਾ ਹੁਕਮ ਜਾਰੀ ਕਰਨਾ ਚਾਹੀਦਾ ਹੈ। ਇਸ ਦੌਰਾਨ ਕਾਂਗਰਸ ਨੇਤਾ ਬਜਰੰਗ ਪੂਨੀਆ ਸ਼ੰਭੂ ਬਾਰਡਰ ’ਤੇ ਗਏ ਅਤੇ ਕਿਸਾਨਾਂ ਨੂੰ ਦਿੱਲੀ ਵਲ ਮਾਰਚ ਕਰਨ ਦੀ ਇਜਾਜ਼ਤ ਨਾ ਦਿਤੇ ਜਾਣ ’ਤੇ ਨਿਰਾਸ਼ਾ ਜ਼ਾਹਰ ਕੀਤੀ।
ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ’ਚ ਸ਼ਾਮਲ ਹੋਏ ਭਲਵਾਨ ਪੂਨੀਆ ਨੇ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਅੱਥਰੂ ਗੈਸ ਦੇ ਗੋਲੇ ਅਤੇ ਪਾਣੀ ਦੀਆਂ ਤੋਪਾਂ ਚਲਾਉਣ ਲਈ ਹਰਿਆਣਾ ਦੇ ਸੁਰੱਖਿਆ ਕਰਮਚਾਰੀਆਂ ਦੀ ਵੀ ਆਲੋਚਨਾ ਕੀਤੀ।
ਉਨ੍ਹਾਂ ਰਾਜਪੁਰਾ ਦੇ ਸਿਵਲ ਹਸਪਤਾਲ ਦਾ ਵੀ ਦੌਰਾ ਕੀਤਾ ਅਤੇ ਜ਼ਖਮੀ ਕਿਸਾਨਾਂ ਦੀ ਸਿਹਤ ਬਾਰੇ ਜਾਣਕਾਰੀ ਲਈ। ਪੂਨੀਆ ਨੇ ‘ਐਕਸ’ ’ਤੇ ਪੋਸਟ ਕੀਤਾ, ‘‘ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਕਿਸਾਨਾਂ ਨੂੰ ਅੱਜ ਤਸੀਹੇ ਦਿਤੇ ਜਾ ਰਹੇ ਹਨ। ਕੀ ਇਹ ਸਰਕਾਰ ਦਾ ‘ਕਿਸਾਨ ਸਨਮਾਨ’ ਹੈ? ਜਦੋਂ ਅਪਣੇ ਅਧਿਕਾਰਾਂ ਲਈ ਆਵਾਜ਼ ਉਠਾਉਣਾ ਜੁਰਮ ਬਣ ਜਾਂਦਾ ਹੈ ਤਾਂ ਲੋਕਤੰਤਰ ਦਾ ਕੀ ਮਤਲਬ ਹੈ?’’