
ਪੰਜਾਬ ਨੂੰ ਛੱਡ ਕੇ ਦੇਸ਼ ਦੇ ਬਾਕੀ ਸੂਬਿਆਂ ਵਿੱਚ 16 ਦਸੰਬਰ ਨੂੰ ਟਰੈਕਟਰ ਮਾਰਚ ਹੋਵੇਗਾ
ਹਰਿਆਣਾ-ਪੰਜਾਬ ਦੇ ਸ਼ੰਭੂ ਸਰਹੱਦ ਤੋਂ ਰਵਾਨਾ ਹੋਏ 101 ਕਿਸਾਨਾਂ ਦੇ ਜਥੇ ਨੂੰ 2 ਘੰਟੇ ਬਾਅਦ ਵਾਪਸ ਬੁਲਾ ਲਿਆ ਗਿਆ। ਕਿਸਾਨ ਦੁਪਹਿਰ 12 ਵਜੇ ਦਿੱਲੀ ਲਈ ਰਵਾਨਾ ਹੋਏ। ਪੁਲਿਸ ਨੇ ਉਨ੍ਹਾਂ ਨੂੰ ਘੱਗਰ ਦਰਿਆ ’ਤੇ ਬਣੇ ਪੁਲ ’ਤੇ ਰੋਕ ਲਿਆ। ਕਰੀਬ ਅੱਧਾ ਘੰਟਾ ਪੁਲਿਸ ਨਾਲ ਬਹਿਸ ਕਰਨ ਮਗਰੋਂ ਕਿਸਾਨਾਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ। ਇਸ ਤੋਂ ਬਾਅਦ ਪੁਲਿਸ ਨੇ ਅੱਥਰੂ ਗੈਸ ਤੇ ਵਾਟਰ ਕੈਨਨ ਦੀ ਵਰਤੋਂ ਕੀਤੀ। ਇਸ ਵਿਚ 10 ਕਿਸਾਨ ਜ਼ਖ਼ਮੀ ਹੋਏ ਹਨ।
ਇਸ ਤੋਂ ਬਾਅਦ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ 101 ਕਿਸਾਨਾਂ ਦਾ ਜਥਾ ਸ਼ਾਂਤਮਈ ਢੰਗ ਨਾਲ ਦਿੱਲੀ ਕੂਚ ਕਰ ਰਿਹਾ ਸੀ। ਇਸ ਤੋਂ ਬਾਅਦ ਪੁਲਿਸ ਨੇ ਬਲ ਦਾ ਪ੍ਰਯੋਗ ਕੀਤਾ। ਪੁਲਿਸ ਐਕਸ਼ਨ ਵਿਚ 17 ਕਿਸਾਨ ਹੋਏ ਜ਼ਖ਼ਮੀ ਹੋ ਗਏ ਜਿਨ੍ਹਾਂ ਵਿਚੋਂ ਕੁਝ ਦੀ ਹਾਲਤ ਗੰਭੀਰ ਹੈ।
ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਦੇਸ਼ ਦਾ ਕਿਹੜਾ ਸੰਵਿਧਾਨ ਕਿਸਾਨਾਂ ਉੱਤੇ ਬਲ ਪ੍ਰਯੋਗ ਕਰਨ ਦੀ ਇਜਾਜ਼ਤ ਦਿੰਦਾ? ਪਾਰਲੀਮੈਂਟ ਵਿਚ ਕਿਸਾਨਾਂ ਦੇ ਮੁੱਦੇ ਦੀ ਚਰਚਾ ਨਹੀਂ ਹੋ ਰਹੀ। ਉਨ੍ਹਾਂ ਕਿਹਾ ਕਿ ਸਾਨੂੰ ਦੱਸਿਆ ਜਾਵੇ ਕਿ 100 ਲੋਕਾਂ ਦਾ ਜਥਾ ਕਾਨੂੰਨ ਲਈ ਕਿਵੇਂ ਖ਼ਤਰਾ ਹੈ। ਭਾਵੇਂ ਅਸੀਂ ਸਰਹੱਦ ਤੋਂ ਪਾਰ ਨਹੀਂ ਜਾ ਸਕੇ ਪਰ ਸਾਡੀ ਆਵਾਜ਼ ਦੇਸ਼ ਦੇ ਹਰ ਘਰ ਤੱਕ ਪਹੁੰਚ ਰਹੀ ਹੈ।
ਕਿਸਾਨ ਆਗੂ ਸਰਵਣ ਪੰਧੇਰ ਨੇ ਕਿਹਾ ਕਿ 16 ਦਸੰਬਰ ਨੂੰ ਪੰਜਾਬ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਟਰੈਕਟਰ ਮਾਰਚ ਕੀਤਾ ਜਾਵੇਗਾ। 18 ਦਸੰਬਰ ਨੂੰ ਦੁਪਹਿਰ 12 ਤੋਂ 3 ਵਜੇ ਤੱਕ ਪੰਜਾਬ ਭਰ ਵਿੱਚ ਰੇਲ ਰੋਕੋ ਅੰਦੋਲਨ ਚਲਾਇਆ ਜਾਵੇਗਾ। ਰੇਲਵੇ ਸਟੇਸ਼ਨਾਂ ਅਤੇ ਫਾਟਕਾਂ 'ਤੇ ਰੇਲ ਜਾਮ ਰਹੇਗਾ। ਕੱਲ੍ਹ ਸ਼ੰਭੂ ਬਾਰਡਰ 'ਤੇ ਵੀ ਪ੍ਰੈੱਸ ਕਾਨਫਰੰਸ ਹੋਵੇਗੀ।