ਕਿਹਾ : ‘2021 ’ਚ ਰੰਧਾਵਾ ਦੀ ਅਗਵਾਈ ਵਾਲੀ ਟੀਮ ਨੇ ਹੀ ਦੱਸਿਆ ਸੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੁਬਾਨ ਦਾ ਕੱਚਾ’
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਜਨਰਲ ਸਕੱਤਰ ਬਲਤੇਜ ਸਿੰਘ ਪੰਨੂ ਨੇ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਦੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੁਬਾਨ ਦਾ ਪੱਕਾ ਦੱਸਣ ਵਾਲੇ ਬਿਆਨ ਦਾ ਮੋੜਵਾਂ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਲ 2021 ’ਚ ਸੁਖਜਿੰਦਰ ਸਿੰਘ ਰੰਧਾਵਾ ਵਾਲੀ ਟੀਮ ਨੇ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੁਬਾਨ ਦਾ ਕੱਚਾ ਦੱਸਿਆ ਸੀ। ਇਸ ਤੋਂ ਇਲਾਵਾ ਪੰਨੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਕਿੰਨੇ ਕੁ ਜ਼ੁਬਾਨ ਦੇ ਪੱਕੇ ਹਨ ਉਹ ਇਸ ਗੱਲ ਤੋਂ ਪਤਾ ਲਗਦਾ ਹੈ ਕਿ ਉਨ੍ਹਾਂ 2017 ਵਿਚ ਕੈਪਟਨ ਅਮਰਿੰਦਰ ਸਿੰਘ ਨੇ ਗੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਪੰਜਾਬ ਵਿਚੋਂ ਨਸ਼ੇ ਖਤਮ ਕਰਨ ਦੀ, ਪਰ ਉਨ੍ਹਾਂ ਵੱਲੋਂ ਇਸ ਵਾਅਦੇ ਨੂੰ ਪੂਰਾ ਨਹੀਂ ਕੀਤਾ ਗਿਆ। ਇਸ ਤੋਂ ਇਲਾਵਾ ਕੈਪਟਨ ਅਮਰਿੰਦਰ ਸਿੰਘ ਕਈ ਵਾਰ ਪਾਰਟੀਆਂ ਵੀ ਬਦਲ ਚੁੱਕੇ ਹਨ ਜਦਿਕ ਕੈਪਟਨ ਅਮਰਿੰਦਰ ਸਿੰਘ ਵੱਲੋਂ ਖੁਦ ਦੀ ਪਾਰਟੀ ਵੀ ਬਣਾਈ ਗਈ ਸੀ, ਇਸ ਤੋਂ ਹੀ ਪਤਾ ਲਗਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਿੰਨੇ ਕੁ ਜ਼ੁਬਾਨ ਦੇ ਪੱਕੇ ਸਨ। ਪੰਨੂ ਨੇ ਅੱਗੇ ਕਿਹਾ ਕਿ ਭਾਜਪਾ ਵਿਚ ਸ਼ਾਮਲ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੂੰ ਜ਼ੁਬਾਨ ਦਾ ਪੱਕਾ ਕਹਿਣਾ ਕਾਂਗਰਸ ਪਾਰਟੀ ਦੇ ਪਾਖੰਡ ਨੂੰ ਦਰਸਾਉਂਦਾ ਹੈ।
