
ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਪਣੀਆਂ...
ਚੰਡੀਗੜ੍ਹ (ਸ.ਸ.ਸ) : ਆਮ ਆਦਮੀ ਪਾਰਟੀ (ਆਪ) ਪੰਜਾਬ ਦੀ ਸੂਬਾ ਕੋਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਪ੍ਰਿੰਸੀਪਲ ਬੁੱਧਰਾਮ ਨੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਹੈ। 'ਆਪ' ਨੇ ਕੈਪਟਨ ਸਰਕਾਰ ਨੂੰ ਆਪਣੇ ਇਸ ਤਾਨਾਸ਼ਾਹੀ ਫ਼ੈਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ।
AAP
ਪਾਰਟੀ ਹੈੱਡਕੁਆਟਰ ਵੱਲੋਂ ਜਾਰੀ ਬਿਆਨ ਰਾਹੀਂ ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਅਧਿਆਪਕ ਆਗੂ ਹਰਦੀਪ ਸਿੰਘ ਟੋਡਰਪੁਰ ਅਤੇ ਉਨ੍ਹਾਂ ਦੇ 4 ਹੋਰ ਅਧਿਆਪਕ ਸਾਥੀਆਂ ਨੂੰ ਬਰਖ਼ਾਸਤ ਕਰਨ ਦੀ ਕਾਰਵਾਈ ਪੂਰੀ ਤਰ੍ਹਾਂ ਗੈਰ ਲੋਕਤੰਤਰਿਕ ਅਤੇ ਤਾਨਾਸ਼ਾਹੀ ਹੈ। ਪ੍ਰਿੰਸੀਪਲ ਬੁੱਧਰਾਮ ਨੇ ਕਿਹਾ ਕਿ ਰਮਸਾ ਅਤੇ ਐਸ.ਐਸ.ਏ ਅਧੀਨ ਕਈ-ਕਈ ਤਰ੍ਹਾਂ ਭਰਤੀ ਪ੍ਰਕ੍ਰਿਆ ਰਾਹੀਂ ਨਿਯੁਕਤ ਹੋਏ ਹਜ਼ਾਰਾਂ ਅਧਿਆਪਕਾਂ ਦੀਆਂ ਤਨਖ਼ਾਹਾਂ 'ਚ 70 ਫ਼ੀਸਦੀ ਤੱਕ ਕਟੌਤੀ ਕਰਨ ਵਾਲੇ ਤੁਗ਼ਲਕੀ ਫ਼ਰਮਾਨ ਵਿਰੁੱਧ ਇਹ ਅਧਿਆਪਕ ਆਗੂ ਸੰਘਰਸ਼ ਕਰ ਰਹੇ ਸਨ।
Captain Amarinder Singh
ਅਧਿਆਪਕਾਂ ਦੇ ਇਸ ਸੰਘਰਸ਼ ਨੂੰ ਦਬਾਉਣ ਲਈ ਕੈਪਟਨ ਸਰਕਾਰ ਅਧਿਆਪਕ ਆਗੂਆਂ ਨੂੰ ਬਰਖ਼ਾਸਤ ਕਰਨ ਤੱਕ ਚਲੀ ਗਈ, ਜਦਕਿ ਰਮਸਾ/ਐਸਐਸਏ ਅਧਿਆਪਕ ਸਹੀ ਅਤੇ ਸਰਕਾਰ ਗ਼ਲਤ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਘਰ-ਘਰ ਸਰਕਾਰੀ ਨੌਕਰੀ ਦੇਣ ਵਾਲੇ ਵਾਅਦੇ ਤੋਂ ਭੱਜੀ ਕੈਪਟਨ ਸਰਕਾਰ ਨੂੰ ਕੋਈ ਨੈਤਿਕ ਹੱਕ ਨਹੀਂ ਹੈ ਕਿ ਇਹ ਕਿਸੇ ਦੀ ਵੀ ਲੱਗੀ ਹੋਈ ਨੌਕਰੀ ਖੋਹ ਲਵੇ।
Captain Amarinder Singh
ਇਸ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿੱਖਿਆ ਮੰਤਰੀ ਓ.ਪੀ ਸੋਨੀ ਨੂੰ ਆਪਣੇ ਇਸ ਫ਼ੈਸਲੇ 'ਤੇ ਮੁੜ ਵਿਚਾਰ ਕਰਨਾ ਚਾਹੀਦਾ ਹੈ। ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਆਮ ਆਦਮੀ ਪਾਰਟੀ ਇਨ੍ਹਾਂ ਅਧਿਆਪਕਾਂ ਨਾਲ ਡਟ ਕੇ ਖੜੀ ਹੈ। ਉਨ੍ਹਾਂ ਪਾਰਟੀ ਦੇ ਲੀਗਲ ਵਿੰਗ ਦੀ ਤਰਫ਼ੋਂ ਇਨ੍ਹਾਂ ਅਧਿਆਪਕਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਦੇਣ ਦੀ ਵੀ ਪੇਸ਼ਕਸ਼ ਕੀਤੀ।