
400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਤ ਮੁਕਾਬਲਿਆਂ ’ਚ ਤਿੰਨ ਲੱਖ ਸਕੂਲੀ ਵਿਦਿਆਰਥੀਆਂ ਨੇ ਲਿਆ ਹਿੱਸਾ : ਵਿਜੈ ਇੰਦਰ ਸਿੰਗਲਾ
ਚੰਡੀਗੜ੍ਹ, 14 ਫ਼ਰਵਰੀ (ਭੁੱਲਰ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਯਾਦਗਾਰੀ ਬਣਾਉਣ ਲਈ ਸਾਲ ਭਰ ਚੱਲਣ ਵਾਲੇ ਜਸ਼ਨਾਂ ਤਹਿਤ ਵੱਖ-ਵੱਖ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਨ੍ਹਾਂ ਸਮਾਗਮਾਂ ਦੀ ਲੜੀ ਤਹਿਤ ਸਕੂਲ ਸਿਖਿਆ ਵਿਭਾਗ ਵਲੋਂ ਵੀ ਸੂਬੇ ਦੇ ਸਰਕਾਰੀ ਸਕੂਲਾਂ ’ਚ ਵੱਖ-ਵੱਖ ਤਰਾਂ ਦੇ ਮੁਕਾਬਲੇ ਕਰਵਾ ਕੇ, ਵਿਦਿਆਰਥੀਆਂ ਨੂੰ ਗੁਰੂ ਸਾਹਿਬ ਦੀ ਬਾਣੀ, ਲਾਸਾਨੀ ਸ਼ਹਾਦਤ ਅਤੇ ਸਿਖਿਆਵਾਂ ਦੇ ਪਸਾਰ ਲਈ ਵੱਡਾ ਉਪਰਾਲਾ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦਸਿਆ ਕਿ ਸਕੂਲ ਸਿਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਮੁਕਾਬਲਿਆਂ ਵਿਚ ਸੂਬੇ ਦੇ ਸਰਕਾਰੀ ਸਕੂਲਾਂ ਦੇ ਲਗਭਗ ਤਿੰਨ ਲੱਖ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲਿਆ। ਸਿਖਿਆ ਮੰਤਰੀ ਨੇ ਦਸਿਆ ਕਿ ਫ਼ਰਵਰੀ ਮਹੀਨੇ ਦੇ ਪਹਿਲੇ ਪੰਦਰਵਾੜੇ ਦੌਰਾਨ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ, ਕੁਰਬਾਨੀ ਤੇ ਉਪਦੇਸ਼ਾਂ ਬਾਰੇ ਭਾਸ਼ਣ ਮੁਕਾਬਲੇ ਕਰਵਾਏ। ਉਨਾਂ ਦਸਿਆ ਕਿ ਇਸ ਤੋਂ ਪਹਿਲਾਂ ਕੋਰੋਨਾ ਮਹਾਂਮਾਰੀ ਦੌਰਾਨ ਵੀ ਸਕੂਲ ਸਿਖਿਆ ਵਿਭਾਗ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਤ 11 ਸਹਿਵਿਦਿਅਕ ਆਨਲਾਈਨ ਮੁਕਾਬਲੇ ਕਰਵਾਏ ਜਾ ਚੁਕੇ ਹਨ, ਜਿਨ੍ਹਾਂ ਵਿਚ ਦਸਤਾਰਬੰਦੀ, ਸ਼ਬਦ ਗਾਇਨ, ਕਵਿਤਾ ਗਾਇਨ, ਭਾਸ਼ਣ, ਪੀਪੀਟੀ ਮੇਕਿੰਗ, ਗੀਤ ਗਾਇਨ, ਚਿਤਰਕਲਾ, ਪੋਸਟਰ ਮੇਕਿੰਗ, ਸਲੋਗਨ ਲਿਖਣਾ, ਸਾਜ ਵਾਦਨ ਤੇ ਸੁਲੇਖ ਰਚਨਾ ਸ਼ਾਮਲ ਸਨ। ਉਨ੍ਹਾਂ ਦਸਿਆ ਕਿ ਇਨ੍ਹਾਂ ਮੁਕਾਬਲਿਆਂ ਦੀ ਸ਼ੁਰੂਆਤ ਸਕੂਲ ਪੱਧਰ ਤੋਂ ਹੁੰਦੀ ਹੈ ਅਤੇ ਫਿਰ ਜੇਤੂਆਂ ਵਿਚਕਾਰ ਬਲਾਕ, ਜ਼ਿਲ੍ਹਾ ਅਤੇ ਸੂਬਾ ਪਧਰੀ ਮੁਕਾਬਲੇ ਕਰਵਾਏ ਜਾਂਦੇ ਹਨ। ਸਿੰਗਲਾ ਨੇ ਕਿਹਾ ਕਿ ਉਨ੍ਹਾਂ ਨੂੰ ਮਾਣ ਹੈ ਕਿ ਸਕੂਲ ਸਿਖਿਆ ਵਿਭਾਗ ਵਲੋਂ ਹਮੇਸ਼ਾ ਹੀ ਸੂਬਾ ਸਰਕਾਰ ਦੇ ਹਰ ਤਰ੍ਹਾਂ ਦੇ ਸਮਾਗਮਾਂ ਨੂੰ ਸਫ਼ਲ ਬਣਾਉਣ ਲਈ ਵੱਡਾ ਯੋਗਦਾਨ ਪਾਇਆ ਹੈ।