
ਜਿਨ੍ਹਾਂ ਸਮਾਂ ਭਾਜਪਾ ਕਿਸਾਨਾਂ ਦੀਆਂ ਪੂਰੀਆਂ ਮੰਗਾਂ ਨਹੀਂ ਮੰਨਦੀ, ਓਨਾ ਸਮਾਂ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।
ਸ੍ਰੀ ਮੁਕਤਸਰ ਸਾਹਿਬ: ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੇਂਦਰੀ ਰੱਖਿਆ ਮੰਤਰੀ ਰਾਜਨਾਥ ਸਿੰਘ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਭਾਜਪਾ ਦੇ ਸ੍ਰੀ ਮੁਕਤਸਰ ਸਾਹਿਬ ਤੋਂ ਉਮੀਦਵਾਰ ਰਾਜੇਸ਼ ਗੋਰਾ ਪਠੇਲਾ ਦੇ ਹੱਕ ਦੇ ਵਿਚ ਚੋਣ ਰੈਲੀ ਕੀਤੀ। ਉਨ੍ਹਾਂ ਦੀ ਚੋਣ ਰੈਲੀ ਤੋਂ ਪਹਿਲਾਂ ਉਨ੍ਹਾਂ ਦਾ ਵਿਰੋਧ ਕਰਨ ਲਈ ਕਿਸਾਨ ਸੰਗਠਨਾਂ ਨੇ ਪਹਿਲਾਂ ਹੀ ਸੱਦਾ ਦਿੱਤਾ ਹੋਇਆ ਸੀ। ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਵਿਚ ਕਿਸਾਨ ਸਰਕਾਰੀ ਕਾਲਜ ਤੋਂ ਰੈਲੀ ਸਥਾਨ ਵੱਲ ਤੁਰੇ ਤਾਂ ਉਨ੍ਹਾਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਡਾ ਕੇਹਰ ਸਿੰਘ ਚੌਕ ਵਿਖੇ ਪੁਲਿਸ ਵਲੋਂ ਰੋਕ ਲਿਆ ਗਿਆ। ਕਿਸਾਨਾਂ ਨੇ ਉਸੇ ਚੌਕ ’ਚ ਧਰਨਾ ਲਾ ਕੇ ਕੇਂਦਰ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਦਿੱਲੀ ਧਰਨਾ ਚੁੱਕਣ ਸਮੇਂ ਜੋ ਵਾਅਦੇ ਭਾਜਪਾ ਨੇ ਕੀਤੇ ਸਨ ਉਹ ਅਜੇ ਤੱਕ ਪੂਰੇ ਨਹੀਂ ਹੋਏ ਅਤੇ ਲਖੀਮਪੁਰ ਖੇੜੀ ਦੀ ਘਟਨਾ ਦੇ ਸੰਬੰਧ ’ਚ ਪੁਲਿਸ ਦੀ ਢਿੱਲੀ ਕਾਰਵਾਈ ਚੱਲ ਰਹੀ ਹੈ। ਇਸ ਸਬੰਧ ਵਿਚ ਜੇਕਰ ਬਣਦੀ ਕਾਰਵਾਈ ਨਾ ਕੀਤੀ ਗਈ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਮਾਂ ਭਾਜਪਾ ਕਿਸਾਨਾਂ ਦੀਆਂ ਪੂਰੀਆਂ ਮੰਗਾਂ ਨਹੀਂ ਮੰਨਦੀ, ਓਨਾ ਸਮਾਂ ਭਾਜਪਾ ਦਾ ਇਸੇ ਤਰ੍ਹਾਂ ਵਿਰੋਧ ਕੀਤਾ ਜਾਵੇਗਾ।