ਅੰਨਦਾਤਾ ਵਿਰੁੱਧ ਪੁਲਿਸ ਕਾਰਵਾਈ ਨੇ ਮੋਦੀ ਦੀ ਅਗਵਾਈ ਵਾਲੀ ਸਰਕਾਰ ਦਾ ਜਮਹੂਰੀਅਤ ਵਿਰੋਧੀ ਕਿਰਦਾਰ ਨੰਗਾ ਕੀਤਾ: ਜੌੜਾਮਾਜਰਾ
Published : Feb 15, 2024, 9:52 pm IST
Updated : Feb 15, 2024, 9:52 pm IST
SHARE ARTICLE
Chetan Singh Jouramajra
Chetan Singh Jouramajra

ਜਲ ਸਰੋਤ ਮੰਤਰੀ ਵੱਲੋਂ ਕਿਸਾਨਾਂ ਵਿਰੁੱਧ ਦਮਨਕਾਰੀ ਕਾਰਵਾਈਆਂ ਦੀ ਸਖ਼ਤ ਨਿਖੇਧੀ

 

ਚੰਡੀਗੜ੍ਹ : ਖਨੌਰੀ ਅਤੇ ਸ਼ੰਭੂ ਸਰਹੱਦ 'ਤੇ ਹਰਿਆਣਾ ਪੁਲਿਸ ਵੱਲੋਂ ਕਿਸਾਨਾਂ 'ਤੇ ਕੀਤੇ ਗਏ ਤਸ਼ੱਦਦ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਕਿਹਾ ਕਿ ਇਸ ਕਾਰੇ ਨਾਲ ਭਾਜਪਾ ਸਰਕਾਰਾਂ ਦੀ ਜਮਹੂਰੀਅਤ ਵਿਰੋਧੀ ਅਤੇ ਤਾਨਾਸ਼ਾਹੀ ਮਾਨਸਿਕਤਾ ਦਾ ਘਿਨੌਣਾ ਚਿਹਰਾ ਸਾਹਮਣੇ ਆ ਗਿਆ ਹੈ, ਜੋ ਕਿਸਾਨਾਂ ਦੀ ਆਵਾਜ਼ ਨੂੰ ਦਬਾਉਣ ਲਈ ਇੰਨੀ ਹੱਦ ਤੱਕ ਡਿੱਗ ਗਈ ਹੈ।

ਕੈਬਨਿਟ ਮੰਤਰੀ ਨੇ ਕਿਸਾਨਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਲਈ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਸਖ਼ਤ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਇਹ ਸਰਕਾਰ ਕਿਸਾਨੀ ਭਾਈਚਾਰੇ ਦੀਆਂ ਜਾਇਜ਼ ਮੰਗਾਂ ਨੂੰ ਨਜ਼ਰਅੰਦਾਜ਼ ਕਰਕੇ, ਉਲਟਾ ਵੱਡੇ ਉਦਯੋਗਪਤੀਆਂ ਨੂੰ ਕਰੋੜਾਂ ਰੁਪਏ ਦੀਆਂ ਵੱਡੀਆਂ ਰਾਹਤਾਂ ਅਤੇ ਛੋਟਾਂ ਦੇਣ ਵਿੱਚ ਰੁੱਝੀ ਹੋਈ ਹੈ।

ਉਨ੍ਹਾਂ ਕਿਹਾ ਕਿ ਕਿਸਾਨ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਕੇਂਦਰ ਸਰਕਾਰ ਤੋਂ ਸਨਮਾਨਜਨਕ ਰਵੱਈਏ ਦੇ ਹੱਕਦਾਰ ਹਨ। ਉਨ੍ਹਾਂ ਨੇ ਹਾਲਾਤ ਵਿਗੜਨ 'ਤੇ ਨਿਰਾਸ਼ਾ ਜ਼ਾਹਰ ਕਰਦਿਆਂ ਕਿਹਾ ਕਿ ਇਹ ਮਾਰੂ ਕਾਰਵਾਈਆਂ ਮੋਦੀ ਸਰਕਾਰ ਦੇ ਕਿਸਾਨਾਂ ਦਾ ਸਾਹਮਣਾ ਕਰਨ ਤੋਂ ਡਰ ਨੂੰ ਜੱਗ-ਜ਼ਾਹਰ ਕਰਦੀਆਂ ਹਨ।

ਮੀਡੀਆ ਨੂੰ ਜ਼ਖ਼ਮੀ ਕਿਸਾਨਾਂ ਦੀਆਂ ਤਸਵੀਰਾਂ ਜਾਰੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਵਿਰੁੱਧ ਅੱਥਰੂ ਗੈਸ ਅਤੇ ਪੈਲੇਟ ਗੰਨਾਂ ਦੀ ਵਰਤੋਂ, ਸੜਕਾਂ 'ਤੇ ਬੈਰੀਕੇਡ ਲਗਾਉਣ ਅਤੇ ਕੌਮੀ ਰਾਜਧਾਨੀ ਦੀ ਕਿਲ੍ਹਾਬੰਦੀ ਕਰਨ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਪੂਰਾ ਨਾ ਕਰਨਾ ਅਤੇ ਇਸ ਕਦਰ ਤਣਾਅਪੂਰਣ ਸਥਿਤੀ ਪੈਦਾ ਕਰਨਾ ਅਫ਼ਸੋਸਨਾਕ ਹੈ।

ਕਿਸਾਨਾਂ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਦਿੜ੍ਹ ਹਮਾਇਤ ਨੂੰ ਦੁਹਰਾਉਂਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਾਅਦੇ ਪੂਰੇ ਕਰਨ ਵਿੱਚ ਅਸਫ਼ਲ ਹੋਣ 'ਤੇ ਕਿਸਾਨਾਂ 'ਤੇ ਜ਼ੁਲਮ ਢਾਹ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ 'ਤੇ ਉਹ ਖ਼ੁਦ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਜ਼ਖ਼ਮੀ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਦਾ ਦੌਰਾ ਕਰ ਰਹੇ ਹਨ।

ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ 'ਤੇ ਵਰ੍ਹਦਿਆਂ ਕੈਬਨਿਟ ਮੰਤਰੀ ਨੇ ਕਿਸਾਨਾਂ ਨੂੰ ਉਨ੍ਹਾਂ ਦੇ ਸ਼ਾਂਤਮਈ ਮਾਰਚ ਤੋਂ ਰੋਕਣ ਲਈ ਪੁਲਿਸ ਦੀ ਵਰਤੋਂ ਕਰਨ ਦੀ ਨਿੰਦਾ ਕੀਤੀ। ਉਨ੍ਹਾਂ ਇਸ ਨੂੰ ਨਿਰਾਦਰ ਭਰਿਆ ਅਤੇ ਗ਼ੈਰ-ਜਮਹੂਰੀ ਕਾਰਵਾਈ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਕਿਸਾਨਾਂ ਦੇ ਮੁੱਦਿਆਂ ਦਾ ਤੁਰੰਤ ਹੱਲ ਕਰਨ ਅਤੇ ਕੀਤੇ ਵਾਅਦੇ ਮੁਤਾਬਕ ਸੁਧਾਰਾਂ ਨੂੰ ਲਾਗੂ ਕਰਨ ਅਤੇ ਦੇਸ਼ ਦੀ ਖੁਰਾਕ ਸੁਰੱਖਿਆ ਤੇ ਪੇਂਡੂ ਖੇਤਰਾਂ ਦੀ ਖ਼ੁਸ਼ਹਾਲੀ ਲਈ ਕਿਸਾਨਾਂ ਦੀ ਭਲਾਈ ਨੂੰ ਤਰਜੀਹ ਦੇਣ ਦੀ ਅਪੀਲ ਕੀਤੀ।

ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਅਤੇ ਖੱਟਰ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਬੰਦ ਕਰਨ ਅਤੇ ਦੇਸ਼ ਦੀ ਤਰੱਕੀ ਵਿੱਚ "ਅੰਨਦਾਤਾ" ਦੀ ਅਹਿਮ ਭੂਮਿਕਾ ਨੂੰ ਪਛਾਣਨ ਦੀ ਅਪੀਲ ਕਰਦਿਆਂ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਭਾਜਪਾ ਸਰਕਾਰਾਂ ਨੇ ਕਿਸਾਨਾਂ ਨਾਲ ਕੀਤੇ ਆਪਣੇ ਵਾਅਦਿਆਂ ਨੂੰ ਭੁੱਲਾ ਦਿੱਤਾ ਹੈ ਅਤੇ ਉਨ੍ਹਾਂ ਨੂੰ ਵੱਡੀਆਂ ਚੁਣੌਤੀਆਂ ਨਾਲ ਜੂਝਣ ਲਈ ਛੱਡ ਦਿੱਤਾ ਹੈ, ਜੋ ਸਵੀਕਾਰ ਨਹੀਂ ਕੀਤਾ ਜਾ ਸਕਦਾ।

SHARE ARTICLE

ਏਜੰਸੀ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement