
Tarntaran Encounter News: ਜਵਾਬੀ ਗੋਲੀਬਾਰੀ ਵਿਚ 1 ਗੁਰਗੇ ਨੂੰ ਲੱਗੀ ਗੋਲੀ
Tarntaran Encounter News in punjabi: ਤਰਨਤਾਰਨ 'ਚ ਦੇਰ ਰਾਤ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਗੁਰਗਿਆਂ ਅਤੇ ਪੁਲਿਸ ਵਿਚਾਲੇ ਹੋਏ ਮੁਕਾਬਲੇ 'ਚ ਇਕ ਮੁਲਜ਼ਮ ਜ਼ਖ਼ਮੀ ਹੋ ਗਿਆ ਜਦਕਿ ਦੋ ਹੋਰਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਥਾਣਾ ਸਦਰ ਤਰਨਤਾਰਨ ਦੀ ਪੁਲਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਲਖਬੀਰ ਦੇ ਗੁੰਡੇ ਇਲਾਕੇ 'ਚ ਕੋਈ ਵਾਰਦਾਤ ਕਰਨ ਦੀ ਯੋਜਨਾ ਬਣਾ ਰਹੇ ਹਨ।
ਪੁਲਿਸ ਨੇ ਪਿੰਡ ਭੁੱਲਰ ਨੇੜੇ ਨਾਕਾਬੰਦੀ ਕੀਤੀ ਹੋਈ ਸੀ। ਜਦੋਂ ਪੁਲਿਸ ਨੇ ਕਾਰ ਸਵਾਰ ਸ਼ੱਕੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨ੍ਹਾਂ ਪੁਲਿਸ 'ਤੇ ਗੋਲੀਆਂ ਚਲਾ ਦਿੱਤੀਆਂ। ਜਵਾਬੀ ਕਾਰਵਾਈ ਵਿੱਚ ਗੈਂਗਸਟਰ ਦਾ ਇੱਕ ਸਾਥੀ ਜਸਕਰਨ ਸਿੰਘ ਜ਼ਖ਼ਮੀ ਹੋ ਗਿਆ। ਉਸ ਦੇ ਸਾਥੀ ਹਰਮੰਦਰ ਸਿੰਘ ਅਤੇ ਹਰਮਨ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ।
ਗੋਇੰਦਵਾਲ ਸਾਹਿਬ ਦੇ ਡੀਐਸਪੀ ਅਤੁਲ ਸੋਨੀ ਅਨੁਸਾਰ ਜ਼ਖ਼ਮੀ ਜਸਕਰਨ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਮੁਲਜ਼ਮਾਂ ਕੋਲੋਂ ਪਾਕਿਸਤਾਨ ਦਾ ਬਣਿਆ 9 ਐਮਐਮ ਦਾ ਪਿਸਤੌਲ, ਦੋ ਮੈਗਜ਼ੀਨ ਅਤੇ ਤਿੰਨ ਕਾਰਤੂਸ ਬਰਾਮਦ ਹੋਏ ਹਨ।