
ਆਸ਼ੂ ਵਿਰੁੱਧ ਕੋਈ ਕਾਰਵਾਈ ਨਾ ਕੀਤੀ ਤਾਂ ਆਮ ਆਦਮੀ ਪਾਰਟੀ ਸੂਬੇ ਭਰ 'ਚ ਧਰਨੇ ਲਗਾਵੇਗੀ
ਚੰਡੀਗੜ੍ਹ : ਲੁਧਿਆਣਾ ਦੇ ਗਰੈਂਡ ਮੈਨਰ ਹੋਮ ਭ੍ਰਿਸ਼ਟਾਚਾਰ ਮਾਮਲੇ 'ਚ ਪੰਜਾਬ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਭੂਮਿਕਾ ਦੇ ਵਿਰੋਧ 'ਚ ਆਮ ਆਦਮੀ ਪਾਰਟੀ ਪਿਛਲੇ ਕਈ ਦਿਨਾਂ ਤੋਂ ਉਨ੍ਹਾਂ ਦੇ ਅਸਤੀਫ਼ੇ ਦੀ ਮੰਗ ਕਰ ਰਹੀ ਹੈ। ਆਪ' ਨੇ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਜੇ ਉਹ ਆਸ਼ੂ ਵਿਰੁੱਧ ਕੋਈ ਕਾਰਵਾਈ ਨਹੀਂ ਕਰਦੇ ਤਾਂ ਆਮ ਆਦਮੀ ਪਾਰਟੀ ਸੂਬੇ ਭਰ 'ਚ ਧਰਨੇ ਲਗਾਵੇਗੀ।
'ਆਪ' ਵਿਧਾਇਕਾ ਅਤੇ ਵਿਰੋਧੀ ਧਿਰ ਦੇ ਉਪ ਨੇਤਾ ਸਰਬਜੀਤ ਕੌਰ ਮਾਣੂਕੇ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੇ ਇਸ ਮੁੱਦੇ ਨੂੰ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਜ਼ੋਰ-ਸ਼ੋਰ ਨਾਲ ਚੁੱਕਦਿਆਂ ਆਸ਼ੂ ਦੇ ਅਸਤੀਫ਼ੇ ਦੀ ਮੰਗ ਕੀਤੀ ਸੀ ਪਰ ਸਰਕਾਰ ਨੇ ਇਸ ਸਬੰਧੀ ਕੋਈ ਕਾਰਵਾਈ ਨਹੀਂ ਕੀਤੀ ਹੈ। ਉਨ੍ਹਾਂ ਕਿਹਾ ਕਿ ਸਾਰੇ ਸਬੂਤਾਂ ਦੇ ਬਾਵਜੂਦ ਵੀ ਆਸ਼ੂ ਵਿਰੁੱਧ ਕਾਰਵਾਈ ਨਾ ਕਰਨਾ ਸਰਕਾਰ ਦੀ ਭ੍ਰਿਸ਼ਟਾਚਾਰੀਆਂ ਨਾਲ ਮਿਲੀਭੁਗਤ ਦਾ ਸੰਕੇਤ ਹੈ।
Bharat Bhushan Ashu
ਮਾਣੂੰਕੇ ਨੇ ਕਿਹਾ ਕਿ ਅਤਿ ਮੰਦਭਾਗਾ ਹੈ ਕਿ ਮੰਤਰੀ ਦੀ ਸ਼ਮੂਲੀਅਤ ਦੀ ਜਾਂਚ ਪੜਤਾਲ ਕਰ ਰਹੇ ਅਧਿਕਾਰੀਆਂ ਨੂੰ ਵੀ ਮੰਤਰੀ ਵੱਲੋਂ ਡਰਾਇਆ ਅਤੇ ਧਮਕਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਅਕਾਲੀਆਂ ਦੇ ਰਾਹ 'ਤੇ ਚੱਲਦੇ ਹੋਏ ਆਪਣੇ ਮੰਤਰੀਆਂ ਅਤੇ ਸੰਤਰੀਆਂ ਨੂੰ ਭ੍ਰਿਸ਼ਟਾਚਾਰ ਕਰਨ ਤੋਂ ਨਹੀਂ ਰੋਕ ਰਹੀ।
ਮਾਣੂੰਕੇ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਾਅਵੇ ਕਰਨ ਵਾਲੇ ਕੈਪਟਨ ਅਮਰਿੰਦਰ ਸਿੰਘ ਹੁਣ ਆਪਣੇ ਵਾਅਦੇ ਤੋਂ ਮੁਕਰ ਰਹੇ ਹਨ। ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇ ਕੈਪਟਨ ਅਮਰਿੰਦਰ ਸਿੰਘ ਮੰਤਰੀ ਮੰਡਲ 'ਚੋਂ ਆਸ਼ੂ ਨੂੰ ਬਰਖ਼ਾਸਤ ਨਹੀਂ ਕਰਦੇ ਤਾਂ ਆਉਣ ਵਾਲੇ ਸਮੇਂ ਵਿੱਚ ਆਮ ਆਦਮੀ ਸੂਬੇ ਭਰ 'ਚ ਧਰਨੇ ਪ੍ਰਦਰਸ਼ਨ ਕਰ ਕੇ ਭ੍ਰਿਸ਼ਟਾਚਾਰੀਆਂ ਨੂੰ ਨੰਗਾ ਕਰੇਗੀ।