'ਆਪ' ਨੂੰ ਸੂਬੇ 'ਚ ਸੱਤਾ ਸੰਭਾਲੇ ਦੋ ਤੋਂ ਵੱਧ ਸਮਾਂ ਹੋ ਗਿਆ ਹੈ
ਚੰਡੀਗੜ - ਅੰਮ੍ਰਿਤਸਰ ਉੱਤਰੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਵੱਲੋਂ ਆਪਣੀ ਹੀ ਪਾਰਟੀ 'ਤੇ ਨਸ਼ਿਆਂ ਅਤੇ ਬੇਅਦਬੀ ਬਾਰੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਅਸਫਲ ਰਹਿਣ ਦਾ ਦੋਸ਼ ਲਾਉਣ ਤੋਂ ਬਾਅਦ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਸੋਮਵਾਰ ਨੂੰ ਕਿਹਾ ਕਿ ਹੁਣ ਪਾਰਟੀ ਆਗੂਆਂ ਨੇ ਵੀ ਪਾਰਟੀ ਦੀਆਂ ਗਲਤੀਆਂ ਦਾ ਪਰਦਾਫਾਸ਼ ਕਰਨਾ ਸ਼ੁਰੂ ਕਰ ਦਿੱਤਾ ਹੈ।
ਬਾਜਵਾ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਤਵਾਰ ਨੂੰ 'ਆਪ' ਦੇ ਕੈਬਨਿਟ ਮੰਤਰੀ ਅਤੇ ਅੰਮ੍ਰਿਤਸਰ ਲੋਕ ਸਭਾ ਤੋਂ 'ਆਪ' ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਦੀ ਮੌਜੂਦਗੀ 'ਚ 'ਆਪ' ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ, ਰਾਜ ਸਭਾ ਮੈਂਬਰ ਰਾਘਵ ਚੱਢਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ 'ਚੋਂ ਨਸ਼ਿਆਂ ਨੂੰ ਖਤਮ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ 'ਚ ਇਨਸਾਫ ਨਾ ਮਿਲਣ 'ਤੇ ਕਟਹਿਰੇ 'ਚ ਖੜ੍ਹਾ ਕੀਤਾ।
ਉਨ੍ਹਾਂ ਕਿਹਾ ਕਿ 'ਆਪ' ਨੂੰ ਸੂਬੇ 'ਚ ਸੱਤਾ ਸੰਭਾਲੇ ਦੋ ਤੋਂ ਵੱਧ ਸਮਾਂ ਹੋ ਗਿਆ ਹੈ। ਵੋਟਰਾਂ ਨੂੰ ਲੁਭਾਉਣ ਲਈ 'ਆਪ' ਦੇ ਕੁਝ ਮੁੱਖ ਚੋਣ ਵਾਅਦੇ ਸੂਬੇ ਵਿਚੋਂ ਨਸ਼ਿਆਂ ਨੂੰ ਖਤਮ ਕਰਨਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਇਨਸਾਫ ਦਿਵਾਉਣਾ ਸੀ। ਬਾਜਵਾ ਨੇ ਕਿਹਾ ਕਿ ਇਸ ਦੌਰਾਨ ਇਸ ਦੇ ਦੋਵੇਂ ਵਾਅਦੇ ਹੋਰ ਵਾਅਦਿਆਂ ਵਾਂਗ ਖੋਖਲੇ ਸਾਬਤ ਹੋਏ ਹਨ।
ਸੀਨੀਅਰ ਕਾਂਗਰਸੀ ਆਗੂ ਨੇ ਕਿਹਾ ਕਿ ਕੁੰਵਰ ਵਿਜੇ ਪ੍ਰਤਾਪ, ਜੋ ਅਕਸਰ ਵਿਧਾਨ ਸਭਾ ਸੈਸ਼ਨਾਂ ਅਤੇ ਹੋਰ ਮੰਚਾਂ 'ਤੇ ਇਹ ਮੁੱਦੇ ਉਠਾਉਂਦੇ ਹਨ, ਨੂੰ 'ਆਪ' ਨੇ ਨਜ਼ਰਅੰਦਾਜ਼ ਕਰ ਦਿੱਤਾ ਹੈ। ਹੁਣ ਇਹ ਸਾਬਿਤ ਹੋ ਗਿਆ ਹੈ ਕਿ 'ਆਪ' ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੋਟਾਂ ਹਾਸਲ ਕਰਨ ਲਈ ਪੰਜਾਬੀਆਂ ਖਾਸ ਕਰਕੇ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨਾਲ ਖੇਡਿਆ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਦੋ ਸਾਲਾਂ ਤੋਂ ਗੈਰ-ਕਾਰਗੁਜ਼ਾਰੀ ਵਾਲੀ ਸਰਕਾਰ ਦੇਖੀ ਹੈ। ਉਨ੍ਹਾਂ ਨੇ ਇਸ ਲੋਕ ਸਭਾ ਚੋਣਾਂ 'ਚ 'ਆਪ' ਨੂੰ ਸਬਕ ਸਿਖਾਉਣ ਦਾ ਫੈਸਲਾ ਕੀਤਾ ਹੈ। ਬਾਜਵਾ ਨੇ ਕਿਹਾ ਕਿ ਲੋਕ ਨਿਸ਼ਚਤ ਤੌਰ 'ਤੇ 'ਆਪ' ਨੂੰ ਲੋਕ ਸਭਾ ਚੋਣਾਂ 'ਚ ਹਰਾ ਦੇਣਗੇ।