
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ
ਚੰਡੀਗੜ੍ਹ (ਭੁੱਲਰ): ਸੂਬੇ ਵਿਚ ਕੋਵਿਡ ਦੀ ਪਹਿਲੀ ਲਹਿਰ ਤੋਂ ਵੱਡੀ ਪੱਧਰ ਉਤੇ ਬੇਅਸਰ ਰਹੇ ਪੇਂਡੂ ਇਲਾਕਿਆਂ ਵਿਚ ਹੁਣ ਕੋਵਿਡ ਦੇ ਪੈਰ ਪਸਾਰਨ ਦੇ ਮੱਦੇਨਜਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪਿੰਡ ਵਾਸੀਆਂ ਨੂੰ ਆਪੋ-ਆਪਣੇ ਪਿੰਡਾਂ ਵਿਚ ਸਿਰਫ ਉਨ੍ਹਾਂ ਵਿਅਕਤੀਆਂ ਨੂੰ ਦਾਖਲ ਹੋਣ ਦੇਣ ਦੀ ਅਪੀਲ ਕੀਤੀ ਜੋ ਕਰੋਨਾ ਵਾਇਰਸ ਤੋਂ ਮੁਕਤ ਹੋਣ।
Corona
ਫੇਸਬੁੱਕ ਦੇ ਲਾਈਵ ਪ੍ਰਸਾਰਨ ਦੌਰਾਨ ਪੰਜਾਬ ਵਾਸੀਆਂ ਨੂੰ ਮੁਖਾਤਿਬ ਹੁੰਦਿਆਂ ਮੁੱਖ ਮੰਤਰੀ ਨੇ ਅਗਲੇ ਦੋ ਮਹੀਨੇ ਪੇਂਡੂ ਇਲਾਕਿਆਂ ਵਿਚ ਸਖਤ ਕਦਮ ਉਠਾਉਣ ਦਾ ਸੱਦਾ ਦਿੱਤਾ ਹੈ ਅਤੇ ਉਨ੍ਹਾਂ ਨੇ ਆਉਂਦੇ ਦੋ ਮਹੀਨਿਆਂ ਨੂੰ ਬਹੁਤ ਹੀ ਗੰਭੀਰ ਸਮਾਂ ਦੱਸਿਆ। ਉਨ੍ਹਾਂ ਕਿਹਾ,“ਹੁਣ ਦਿਹਾਤੀ ਖੇਤਰਾਂ ਵਿਚ ਕੋਵਿਡ ਕੇਸਾਂ ਵਿਚ ਵਾਧਾ ਦੇਖਿਆ ਜਾ ਰਿਹਾ ਹੈ ਜਿਸ ਕਰਕੇ ਸਾਨੂੰ ਬਹੁਤ ਸੰਭਲਣ ਦੀ ਲੋੜ ਹੈ।” ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਠੀਕਰੀ ਪਹਿਰੇ ਲਾਉਣ ਦੀ ਵੀ ਅਪੀਲ ਕੀਤੀ ਤਾਂ ਕਿ ਬਾਹਰੀ ਲੋਕਾਂ ਨੂੰ ਦੂਰ ਰੱਖਣ ਅਤੇ ਸਿਰਫ ਕੋਵਿਡ ਮੁਕਤ ਲੋਕਾਂ ਨੂੰ ਪਿੰਡਾਂ ਵਿਚ ਪ੍ਰਵੇਸ਼ ਕਰਨ ਦੀ ਇਜਾਜਤ ਦਿੱਤੀ ਜਾ ਸਕੇ।
Captain Amarinder Singh
ਮੁੱਖ ਮੰਤਰੀ ਨੇ ਪੰਜਾਬ ਦੇ ਲੋਕਾਂ ਨੂੰ ਆਪਣੇ ਮੁਹੱਲੇ ਤੇ ਪਿੰਡ ਬਚਾਉਣ ਦਾ ਸੱਦਾ ਦਿੱਤਾ ਤਾਂ ਕਿ ਇਸ ਨਾਲ ਆਪਣੇ ਆਪ ਨੂੰ, ਆਪਣੇ ਪਰਿਵਾਰਾਂ ਨੂੰ ਅਤੇ ਪੰਜਾਬ ਨੂੰ ਬਚਾਇਆ ਜਾ ਸਕੇ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਇਲਾਜ ਲਈ ਹਸਪਤਾਲ ਜਾਣ ਵਿਚ ਦੇਰੀ ਨਾ ਕਰਨ ਲਈ ਆਖਿਆ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਅਪੀਲ ਕੀਤੀ,“ਸਾਡੇ ਕੋਲ ਹਰੇਕ ਜਗ੍ਹਾ ਡਾਕਟਰਾਂ ਦੀਆਂ ਟੀਮਾਂ ਹਨ ਅਤੇ ਜੇਕਰ ਤੁਸੀਂ ਠੀਕ ਮਹਿਸੂਸ ਨਹੀਂ ਕਰਦੇ ਤਾਂ ਇਨ੍ਹਾਂ ਡਾਕਟਰਾਂ ਤੱਕ ਪਹੁੰਚ ਕਰੋ।”
Captain Amarinder singh's appeal to the villagers
ਉਨ੍ਹਾਂ ਇਸ ਗੱਲ ਉਤੇ ਜੋਰ ਦਿੱਤਾ ਕਿ ਇਲਾਜ ਵਿਚ ਦੇਰੀ ਹੋਣ ਨਾਲ ਲੋਕਾਂ ਨੂੰ ਲੈਵਲ-3 ਵਿਚ ਜਾਣਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਵੇਲੇ ਐਲ-2 ਦੇ 50 ਫੀਸਦੀ ਬੈੱਡ ਭਰੇ ਹਨ ਜਦਕਿ ਐਲ-3 ਦੇ ਲਗਪਗ 90 ਫੀਸਦੀ ਬੈੱਡ ਭਰੇ ਹੋਏ ਹਨ ਅਤੇ ਸੂਬਾ ਸਰਕਾਰ 2000 ਹੋਰ ਬੈੱਡ ਸ਼ਾਮਲ ਕਰਨ ਦੀ ਪ੍ਰਕਿਰਿਆ ਵਿਚ ਹੈ ਜਿਸ ਨੂੰ ਲੋਕਾਂ ਵੱਲੋਂ ਸਮੇਂ ਸਿਰ ਇਲਾਜ ਲਈ ਨਾ ਜਾਣ ਦਾ ਕਾਰਨ ਦੱਸਿਆ।
Coronavirus
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਬਿਮਾਰੀ ਦੇ ਤਿੰਨ ਪੜਾਅ ਹਨ, ਜਿਨ੍ਹਾਂ ਵਿੱਚੋਂ ਪਹਿਲੀ ਸਟੇਜ ਉਤੇ ਘਰ ਵਿਚ ਹੀ ਪ੍ਰਬੰਧਨ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਲੋਕਾਂ ਨੂੰ ਲੱਛਣਾਂ ਦਾ ਪਹਿਲਾ ਸੰਕੇਤ ਮਿਲਣ ਉਤੇ ਹੀ ਤੁਰੰਤ ਡਾਕਟਰ ਕੋਲ ਜਾਣ ਲਈ ਆਖਿਆ। ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ,“ਇਲਾਜ ਕਰਨ ਦਾ ਫੈਸਲਾ ਡਾਕਟਰਾਂ ਨੂੰ ਕਰਨ ਦਿਓ, ਆਪਣੇ ਆਪ ਹੀ ਜਾਂਚ ਅਤੇ ਦਵਾਈਆਂ ਨਾ ਲਈ ਜਾਓ।”
Coronavirus
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,“ਮੈਨੂੰ ਤਾਂ ਇਹ ਸਮਝ ਨਹੀਂ ਆਉਂਦੀ ਕਿ ਤੁਸੀਂ ਇਸ ਢੰਗ ਨਾਲ ਆਪਣੇ ਪਰਿਵਾਰਾਂ ਅਤੇ ਸੂਬੇ ਦੇ ਹਿੱਤਾ ਨੂੰ ਨੁਕਸਾਨ ਕਿਉਂ ਪਹੁੰਚਾ ਰਹੇ ਹੋ।” ਉਨ੍ਹਾਂ ਕਿਹਾ,“ਅਸੀਂ ਪੰਜਾਬ ਨੂੰ ਦਿੱਲੀ ਅਤੇ ਮਹਾਰਾਸ਼ਟਰ ਦੇ ਰਾਹ ਨਹੀਂ ਪੈਣ ਦੇਣਾ ਚਾਹੁੰਦੇ ਜਿਨ੍ਹਾਂ ਨੂੰ ਦੂਜੀ ਲਹਿਰ ਦੇ ਦੌਰਾਨ ਅਣਕਿਆਸੀਆਂ ਸਮੱਸਿਆਵਾਂ ਵਿੱਚੋਂ ਗੁਜਰਨਾ ਪਿਆ।” ਉਨ੍ਹਾਂ ਕਿਹਾ ਕਿ ਇਸ ਨੇ ਸਮੁੱਚੀ ਦੁਨੀਆ ਨੂੰ ਆਪਣੀ ਲਪੇਟ ਵਿਚ ਹੋਇਆ ਹੈ ਅਤੇ ਇੱਥੋਂ ਤੱਕ ਕਿ ਅਗਾਂਹਵਧੂ ਮੁਲਕ ਵੀ ਇਸ ਦੇ ਅਸਰ ਤੋਂ ਬਚ ਨਹੀਂ ਸਕੇ। ਮੁੱਖ ਮੰਤਰੀ ਨੇ ਲੋਕਾਂ ਨੂੰ ਆਪਣਾ ਸੂਬਾ ਬਚਾਉਣ ਲਈ ਉਨ੍ਹਾਂ ਦੀ ਸਰਕਾਰ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।