
ਗ੍ਰਾਮ ਸਭਾਵਾਂ ਰਾਹੀਂ ਪੰਚਾਇਤਾਂ ਦੇ ਅਧਿਕਾਰਾਂ ਨੂੰ ਮੁੜ ਸੁਰਜੀਤ ਕਰਨਾ ਸਰਕਾਰ ਦਾ ਮੁੱਖ ਟੀਚਾ : ਧਾਲੀਵਾਲ
5500 ਏਕੜ ਤੋਂ ਵਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ
ਬਠਿੰਡਾ, 14 ਜੂਨ (ਸ਼ਿਵਰਾਜ ਸਿੰਘ ਰਾਜੂ) : ਇੱਕ ਮਹੀਨੇ 'ਚ 5500 ਏਕੜ ਤੋਂ ਵੱਧ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਕਰਵਾਇਆ ਮੁਕਤ ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਬਠਿੰਡਾ ਵਿਖੇ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਦੋ ਮਿਸ਼ਨ ਸ਼ੁਰੂ ਕੀਤੇ ਹਨ ਜਿਸ ਵਿਚ ਪੰਚਾਇਤੀ ਜ਼ਮੀਨਾਂ ਨੂੰ ਬਚਾਉਣਾ ਅਤੇ ਰਾਜ ਵਿਚ ਗ੍ਰਾਮ ਸਭਾਵਾਂ ਦੀ ਪੁਨਰ ਸੁਰਜੀਤੀ ਕਰਨਾ ਸ਼ਾਮਲ ਹਨ |
ਉਨ੍ਹਾਂ ਅੱਗੇ ਕਿਹਾ ਕਿ ਸੂਬੇ ਭਰ ਵਿਚ 5500 ਏਕੜ ਤੋਂ ਵੱਧ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਛੁਡਵਾਇਆ ਜਾ ਚੁੱਕਾ ਹੈ ਅਤੇ ਅਧਿਕਾਰੀਆਂ ਵਲੋਂ ਇਕ-ਇਕ ਇੰਚ ਜ਼ਮੀਨ ਨੂੰ ਸਫ਼ਲਤਾਪੂਰਵਕ ਕਬਜ਼ਾ ਮੁਕਤ ਕਰਵਾਉਣ ਤਕ ਮੁਹਿੰਮ ਜਾਰੀ ਰਹੇਗੀ | ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਸਰਕਾਰ ਵਲੋਂ ਪੰਚਾਇਤੀ ਜ਼ਮੀਨਾਂ 'ਤੇ ਨਾਜਾਇਜ਼ ਕਬਜ਼ੇ ਨੂੰ ਹਟਾਉਣ ਲਈ ਆਮ ਲੋਕਾਂ ਅਤੇ ਐਨ.ਆਰ.ਆਈ ਵੀਰਾਂ ਵਲੋਂ ਵੀ ਭਰਵਾਂ ਹੁੰਗਾਰਾ ਦਿਤਾ ਜਾ ਰਿਹਾ ਹੈ |
ਕੈਬਨਿਟ ਮੰਤਰੀ ਨੇ ਰਾਜ ਵਿਚ ਪੰਚਾਇਤੀ ਰਾਜ ਸੰਸਥਾਵਾਂ ਦੀ ਹਾਲਤ ਵਿਗੜਨ ਲਈ ਪਿਛਲੀਆਂ ਸੂਬਾ ਸਰਕਾਰਾਂ ਦੀ ਵੀ ਆਲੋਚਨਾ ਕੀਤੀ ਅਤੇ ਇਨ੍ਹਾਂ ਨੂੰ ਮੁੜ ਸੁਰਜੀਤ ਕਰਨ ਲਈ ਅਪਣੀ ਵਚਨਬੱਧਤਾ ਨੂੰ ਦੁਹਰਾਇਆ | ਉਨ੍ਹਾਂ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪੰਚਾਂ/ਸਰਪੰਚਾਂ/ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਮੈਂਬਰਾਂ ਅਤੇ ਚੇਅਰਪਰਸ਼ਨਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀ ਧੜੇਬੰਦੀ, ਪਾਰਟੀਬਾਜ਼ੀ, ਸ਼ਰੀਕੇਬਾਜ਼ੀ ਤੋਂ ਉਪਰ ਉਠ ਕੇ ਆਪੋ-ਅਪਣੇ ਪਿੰਡਾਂ ਦੇ ਵਿਕਾਸ ਲਈ ਰਲ-ਮਿਲ ਕੇ ਹੰਭਲੇ ਮਾਰਨ | ਇਸ ਦੌਰਾਨ ਉਨ੍ਹਾਂ ਵਲੋਂ ਵੱਖ-ਵੱਖ ਪਿੰਡਾਂ ਤੋਂ ਆਏ ਲੋਕਾਂ ਕੋਲੋਂ ਉਨ੍ਹਾਂ ਦੀਆਂ ਸਮਸਿਆਵਾਂ ਸਬੰਧੀ ਦਰਖਾਸਤਾਂ ਵੀ ਪ੍ਰਾਪਤ ਕੀਤੀਆਂ ਗਈਆਂ ਅਤੇ ਜਾਇਜ਼ ਸਮੱਸਿਆਵਾਂ ਦਾ ਜਲਦ ਹੱਲ ਕਰਵਾਉਣ ਦਾ ਵਿਸ਼ਵਾਸ ਵੀ ਦਿਵਾਇਆ |
2T4_S89VR1•_14_12