
ਸੁਸਾਈਡ ਨੋਟ 'ਚ ਪ੍ਰਵਾਰ ਵਾਲਿਆਂ ਤੇ ਤੰਗ-ਪ੍ਰੇਸ਼ਾਨ ਕਰਨ ਦੇ ਲਗਾਏ ਇਲਜ਼ਾਮ
ਲੁਧਿਆਣਾ: ਲੁਧਿਆਣਾ ਜ਼ਿਲ੍ਹੇ ਦੇ ਖੰਨਾ ਕਸਬੇ ਵਿਚ ਇਕ ਵਿਅਕਤੀ ਨੇ ਆਪਣੇ ਪਿਤਾ, ਮਤਰੇਈ ਮਾਂ ਅਤੇ ਉਹਨਾਂ ਦੇ ਬੱਚਿਆਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। 47 ਸਾਲਾ ਅਸ਼ੋਕ ਪਾਸਵਾਨ ਨੇ ਘਰ 'ਚ ਪਈ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਕੁਝ ਸਮੇਂ ਬਾਅਦ ਉਸ ਦੀ ਮੌਤ ਹੋ ਗਈ। ਹਾਲਾਂਕਿ ਰਿਸ਼ਤੇਦਾਰਾਂ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਅਤੇ ਉਸ ਨੂੰ ਸਿਵਲ ਹਸਪਤਾਲ ਖੰਨਾ ਦਾਖਲ ਕਰਵਾਇਆ ਗਿਆ। ਜਿਥੋਂ ਉਸ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਚੰਡੀਗੜ੍ਹ ਰੈਫਰ ਕਰ ਦਿਤਾ ਗਿਆ।
ਪਰ ਅਸ਼ੋਕ ਪਾਸਵਾਨ ਦੀ ਫਤਿਹਗੜ੍ਹ ਸਾਹਿਬ ਪਹੁੰਚਦੇ ਹੀ ਰਸਤੇ ਵਿਚ ਮੌਤ ਹੋ ਗਈ। ਅਸ਼ੋਕ ਪਾਸਵਾਨ ਨੇ ਜ਼ਹਿਰ ਨਿਗਲਣ ਤੋਂ ਪਹਿਲਾਂ ਸੁਸਾਈਡ ਨੋਟ ਵੀ ਲਿਖਿਆ ਸੀ। ਜਿਸ ਵਿਚ ਉਸ ਨੇ ਆਪਣੀ ਮੌਤ ਲਈ ਆਪਣੇ ਪਿਤਾ, ਮਤਰੇਈ ਮਾਂ ਅਤੇ ਉਸ ਦੇ ਦੋ ਬੱਚਿਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।