Punjab news : ਇਨ੍ਹਾਂ ਜ਼ਿਲ੍ਹਿਆਂ ’ਚ ਝੋਨੇ ਦੀ ਲਵਾਈ ਅੱਜ ਤੋਂ ਹੋਵੇਗੀ ਸ਼ੁਰੂ, ਪਾਵਰਕਾਮ ਵੱਲੋਂ ਨਿਰਵਿਘਨ ਬਿਜਲੀ ਦੇਣ ਲਈ ਤਿਆਰੀ ਮੁਕੰਮਲ

By : BALJINDERK

Published : Jun 15, 2024, 11:51 am IST
Updated : Jun 15, 2024, 11:52 am IST
SHARE ARTICLE
file photo
file photo

Punjab news : ਗੁਰਦਾਸਪੁਰ ’ਚ 1.70 ਲੱਖ ਹੈਕਟੇਅਰ ਰਕਬੇ ’ਚ ਲਾਇਆ ਜਾਣਾ ਝੋਨਾ, ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਕੀਤੀ ਅਪੀਲ

Punjab news :ਗੁਰਦਾਸਪੁਰ- ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲਾ ਪਾਣੀ ਬਚਾਉਣ ਲਈ ਬਣਾਏ ਪੰਜਾਬ ਪ੍ਰੀਜ਼ਰਵੇਸ਼ਨ ਆਪ ਸਬ ਸਾਇਲ ਵਾਟਰ ਐਕਟ 2009 ਤਹਿਤ ਅੱਜ 15 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ਗੁਰਦਾਸਪੁਰ ਸਮੇਤ ਵੱਖ-ਵੱਖ ਜ਼ਿਲ੍ਹਿਆਂ ’ਚ ਸ਼ੁਰੂ ਹੋਣ ਜਾ ਰਿਹਾ ਹੈ। ਕਿਸਾਨਾਂ ਨੇ ਸਾਰੀਆਂ ਤਿਆਰੀਆਂ ਮੁਕੰਮਲ ਕਰਕੇ, ਸ਼ਾਮ ਤੱਕ ਆਪਣੇ ਖੇਤ ਵੀ ਤਿਆਰ ਕਰ ਲਏ ਹਨ, ਜਿਸ ਤੋਂ ਬਾਅਦ ਅੱਜ ਝੋਨੇ ਦੀ ਲਵਾਈ ਦਾ ਕੰਮ ਸ਼ੁਰੂ ਹੋਵੇਗਾ। 

ਇਸ ਸਬੰਧੀ ਪਾਵਰਕਾਮ ਵੱਲੋਂ ਵੀ ਕਿਸਾਨਾਂ ਨੂੰ ਨਿਰਵਿਘਨ ਤਿੰਨ ਫੇਜ਼ ਬਿਜਲੀ ਸਪਲਾਈ ਦੇਣ ਲਈ ਤਿਆਰੀਆਂ ਕੀਤੀਆਂ ਗਈਆਂ ਹਨ। ਜਦੋਂਕਿ ਬਹੁਤ ਸਾਰੀਆਂ ਨਹਿਰਾਂ ’ਚ ਪਾਣੀ ਆ ਚੁੱਕਾ ਹੈ ਅਤੇ ਕਈ ਰਜਬਾਹਿਆਂ ’ਚ ਵੀ ਪਾਣੀ ਛੱਡ ਦਿੱਤਾ ਗਿਆ ਹੈ। ਓਧਰ ਦੂਜੇ ਪਾਸੇ ਕਈ ਰਜਬਾਹਿਆਂ ’ਚ ਅਜੇ ਵੀ ਸਾਫ਼-ਸਫ਼ਾਈ ਨਾ ਹੋਣ ਕਰਕੇ ਕਿਸਾਨਾਂ ’ਚ ਨਿਰਾਸ਼ਾ ਪਾਈ ਜਾ ਰਹੀ ਹੈ। 

ਦੱਸਣਯੋਗ ਹੈ ਕਿ ਪੰਜਾਬ ਦੇ ਕੁਝ ਜ਼ਿਲ੍ਹਿਆਂ ’ਚ ਝੋਨੇ ਦੀ ਲਵਾਈ ਦਾ ਕੰਮ 11 ਜੂਨ ਤੋਂ ਸ਼ੁਰੂ ਹੋ ਗਿਆ ਸੀ, ਜਦੋਂਕਿ ਗੁਰਦਾਸਪੁਰ, ਮੋਗਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਪਟਿਆਲਾ, ਫਤਹਿਗੜ੍ਹ ਸਾਹਿਬ, ਮੁਹਾਲੀ, ਰੂਪਨਗਰ, ਲੁਧਿਆਣਾ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਤਰਨ ਤਾਰਨ, ਅੰਮ੍ਰਿਤਸਰ ਅਤੇ ਪਠਾਨਕੋਟ ’ਚ 15 ਜੂਨ ਤੋਂ ਝੋਨੇ ਦੀ ਲਵਾਈ ਅਜੇ ਸ਼ੁਰੂ ਹੋਣੀ ਹੈ।  ਝੋਨੇ ਦੀ ਲਵਾਈ ਦਾ ਸਮਾਂ ਆਉਣ ਕਾਰਨ ਕਿਸਾਨਾਂ ਵੱਲੋਂ ਖੇਤ ਵਾਹ ਕੇ ਤਿਆਰ ਕਰ ਲਏ ਗਏ ਹਨ ਅਤੇ ਪਨੀਰੀ ਵੀ ਤਿਆਰ ਹੋ ਚੁੱਕੀ ਹੈ। ਪ੍ਰਵਾਸੀ ਮਜ਼ਦੂਰ ਵੀ ਵੱਖ-ਵੱਖ ਥਾਵਾਂ ’ਤੇ ਪਹੁੰਚ ਗਏ ਹਨ, ਜਿਨ੍ਹਾਂ ਵੱਲੋਂ ਕੱਲ ਲਵਾਈ ਦਾ ਕੰਮ ਕੀਤਾ ਜਾਣਾ ਹੈ। ਇਸ ਵਾਰ ਕਿਸਾਨਾਂ ਦਾ ਰੁਝਾਨ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਕਾਸ਼ਤ ਵੱਲ ਜ਼ਿਆਦਾ ਹੈ ਅਤੇ ਕਿਸਾਨਾਂ ਨੇ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਪਨੀਰੀ ਹੀ ਤਿਆਰ ਕੀਤੀ ਹੈ।
ਜ਼ਿਲ੍ਹਾ ਗੁਰਦਾਸਪੁਰ ਅੰਦਰ ਹਰੇਕ ਸਾਲ ਤਕਰੀਬਨ 1 ਲੱਖ 70 ਹਜ਼ਾਰ ਹੈਕਟੇਅਰ ਰਕਬੇ ’ਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਹੁੰਦੀ ਹੈ, ਜਿਸ ’ਚੋਂ 1 ਲੱਖ 30 ਹਜ਼ਾਰ ਹੈਕਟੇਅਰ ਰਕਬਾ ਝੋਨੇ ਦੀਆਂ ਕਿਸਮਾਂ ਹੇਠ ਹੁੰਦਾ ਹੈ, ਜਦੋਂਕਿ 40 ਹਜ਼ਾਰ ਹੈਕਟੇਅਰ ਦੇ ਕਰੀਬ ਰਕਬੇ ’ਚ ਬਾਸਮਤੀ ਲਾਈ ਜਾਂਦੀ ਹੈ। ਜ਼ਿਲ੍ਹੇ ਅੰਦਰ ਕੁੱਲ 2 ਲੱਖ 58 ਹਜ਼ਾਰ ਹੈਕਟੇਅਰ ਭੂਗੋਲਿਕ ਰਕਬੇ ’ਚੋਂ 32000 ਹੈਕਟੇਅਰ ਰਕਬਾ ਬੰਜਰ ਹੈ। ਜਦੋਂਕਿ 6400 ਹੈਕਟੇਅਰ ਰਕਬਾ ਬਰਾਨੀ ਹੈ। ਬਾਕੇ ਦੇ 2 ਲੱਖ 20 ਹਜ਼ਾਰ ਹੈਕਟੇਅਰ ਵਾਹੀਯੋਗ ਰਕਬੇ ’ਚੋਂ 1 ਲੱਖ 70 ਹਜ਼ਾਰ ਹੈਕਟੇਅਰ ਰਕਬੇ ’ਚ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਕੀਤੀ ਜਾਂਦੀ ਹੈ। ਕਰੀਬ 14 ਹਜ਼ਾਰ ਹੈਕਟੇਅਰ ਰਕਬਾ ਨਹਿਰੀ ਪਾਣੀ ਹੇਠ ਹੈ ਜਦੋਂਕਿ ਬਾਕੀ ਦੇ ਰਕਬੇ ’ਚ ਟਿਊਬਵੈੱਲਾਂ ਰਾਹੀਂ ਸਿੰਜਾਈ ਕੀਤੀ ਜਾਂਦੀ ਹੈ।

ਇਸ ਮੌਕੇ ਪਿੰਡ ਮੁਸਤਫਾਬਾਦ ਦੇ ਕਿਸਾਨ ਗੁਰਦੀਪ ਸਿੰਘ ਅਤੇ ਹੋਰ ਕਿਸਾਨਾਂ ਨੇ ਕਿਹਾ ਕਿ ਪਿਛਲੇ ਸਾਲ ਸਰਕਾਰ ਨੇ ਹਰੇਕ ਰਜਬਾਹੇ ਦੀ ਟੇਲ ਤੱਕ ਪਾਣੀ ਪਹੁੰਚਾ ਕੇ ਕਿਸਾਨਾਂ ਦੇ ਦਿਲ ਜਿੱਤ ਲਏ ਸਨ, ਪਰ ਇਸ ਵਾਰ ਅਜੇ ਤੱਕ ਕਈ-ਕਈ ਰਜਬਾਹਿਆਂ ਦੀ ਸਫ਼ਾਈ ਨਹੀਂ ਕੀਤੀ ਗਈ, ਜਿਸ ਕਾਰਨ ਕਿਸਾਨਾਂ ਨੂੰ ਪ੍ਰੇਸ਼ਾਨੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਗਾਜ਼ੀਕੋਟ ਤੋਂ ਵਾਇਆ ਬੱਬੇਹਾਲੀ ਅਤੇ ਮੁਸਤਫਾਬਾਦ ਅਗਾਂਹ ਜਾਣ ਵਾਲਾ ਰਜਬਾਹਾ ਅਜੇ ਵੀ ਜੜ੍ਹੀ ਬੂਟੀਆਂ ਨਾਲ ਭਰਿਆ ਹੋਇਆ ਹੈ। ਜਿਸ ਦੀ ਸਫ਼ਾਈ ਨਾ ਹੋਣ ਕਰ ਕੇ ਕਿਸਾਨ ਨਿਰਾਸ਼ ਹਨ। ਉਨ੍ਹਾਂ ਮੰਗ ਕੀਤੀ ਕਿ ਜਲ਼ਦ ਤੋਂ ਜਲ਼ਦ ਇਸ ਰਜਬਾਹੇ ਦੀ ਸਫ਼ਾਈ ਕਰਵਾ ਕੇ ਪਾਣੀ ਛੱਡਿਆ ਜਾਵੇ ਤਾਂ ਜੋ ਨਹਿਰੀ ਪਾਣੀ ’ਤੇ ਨਿਰਭਰ ਕਰਦੇ ਕਿਸਾਨ ਵੀ ਸਮੇਂ ਸਿਰ ਝੋਨੇ ਦੀ ਲਵਾਈ ਕਰ ਸਕਣ।

ਮੁੱਖ ਖੇਤੀਬਾੜੀ ਅਫ਼ਸਰ ਡਾ. ਸੁਰਿੰਦਰਪਾਲ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸੰਜਮ ਨਾਲ ਪਾਣੀ ਦੀ ਵਰਤੋਂ ਕਰਨ ਅਤੇ ਜਲ਼ਦਬਾਜ਼ੀ ਕਰਨ ਦੀ ਬਜਾਏ ਤਸੱਲੀ ਨਾਲ ਝੋਨੇ ਦੀ ਲਵਾਈ ਕਰਨ। ਉਨ੍ਹਾਂ ਕਿਹਾ ਕਿ ਇਹ ਪੂਰਾ ਮਹੀਨਾ ਝੋਨੇ ਦੀ ਲਵਾਈ ਲਈ ਢੁੱਕਵਾਂ ਸਮਾਂ ਹੈ। ਇਸ ਲਈ ਕਿਸਾਨਾਂ ਨੂੰ ਕੋਈ ਕਾਹਲੀ ਕਰਨ ਦੀ ਲੋੜ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਝੋਨੇ ਦੀ ਲਵਾਈ ਤੋਂ ਬਾਅਦ ਖਾਦਾਂ ਅਤੇ ਦਵਾਈਆਂ ਦੀ ਵੀ ਸੁਚੱਜੀ ਵਰਤੋਂ ਕੀਤੀ ਜਾਵੇ ਅਤੇ ਕੋਈ ਵੀ ਬੇਲੋੜੀ ਖਾਦ ਜਾਂ ਦਵਾਈ ਨਾ ਪਾਈ ਜਾਵੇ।

(For more news apart from paddy Harvesting will start in these Cities form today, Powercom is ready to provide electricity News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement