
ਕੈਪਟਨ ਅਮਰਿੰਦਰ ਸਿੰਘ ਵਲੋਂ ਅਜਿਹੇ ਘਰੇਲੂ ਯਾਤਰੀਆਂ ਨੂੰ ਸ਼ਰਤਾਂ ਨਾਲ ਛੋਟ ਦੇਣ ਦਾ ਐਲਾਨ
ਚੰਡੀਗੜ੍ਹ, 14 ਜੁਲਾਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਵਿਚ 72 ਘੰਟੇ ਤੋਂ ਘੱਟ ਸਮੇਂ ਲਈ ਆਉਣ ਵਾਲਿਆਂ ਨੂੰ ਘਰੇਲੂ ਏਕਾਂਤਵਾਸ ਤੋਂ ਛੋਟ ਦੇ ਦਿਤੀ ਗਈ ਹੈ ਪਰ ਉਨ੍ਹਾਂ ਨੂੰ ਸੂਬੇ ਦੀ ਸੀਮਾ 'ਤੇ ਚੈੱਕ ਪੋਸਟ ਵਿਖੇ ਸਿਰਫ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਸੂਬੇ ਵਿਚ ਆਉਣ ਵਾਲੇ ਘਰੇਲੂ ਮੁਸਾਫ਼ਰਾਂ ਲਈ ਇਸ ਰਾਹਤ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਖਿਆ ਕਿ ਇਹ ਰਿਆਇਤ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਹੋਰ ਕਾਰੋਬਾਰੀ ਮੁਸਾਫ਼ਰਾਂ ਆਦਿ ਨੂੰ ਦੇਣ ਦਾ ਫ਼ੈਸਲਾ ਲਿਆ ਹੈ ਜਿਨ੍ਹਾਂ ਦੀ ਇਥੇ ਪਹੁੰਚਣ 'ਤੇ 72 ਘੰਟਿਆਂ ਤੋਂ ਘੱਟ ਸਮੇਂ ਦੀ ਠਹਿਰ ਹੈ।
Capt Amrinder Singh
ਉਨ੍ਹਾਂ ਕਿਹਾ ਕਿ ਅਜਿਹੇ ਯਾਤਰੀਆਂ ਨੂੰ 14-ਦਿਨਾ ਦੇ ਲਾਜ਼ਮੀ ਏਕਾਂਤਵਾਸ ਦੀ ਜ਼ਰੂਰਤ ਤੋਂ ਵੀ ਛੋਟ ਦੇਣ ਦਾ ਫ਼ੈਸਲਾ ਲਿਆ ਗਿਆ ਜਦਕਿ ਪੰਜਾਬ ਆਉਣ ਵਾਲੇ ਬਾਕੀ ਘਰੇਲੂ ਮੁਸਾਫ਼ਰਾਂ ਲਈ ਘਰੇਲੂ ਏਕਾਂਤਵਾਸ ਦੀ ਵਿਵਸਥਾ ਪਹਿਲਾਂ ਵਾਂਗ ਬਰਕਰਾਰ ਰਹੇਗੀ। ਜਿਨ੍ਹਾਂ ਯਾਤਰੀਆਂ ਨੂੰ ਇਹ ਛੋਟ ਹਾਸਲ ਹੈ, ਉਨ੍ਹਾਂ ਨੂੰ ਕੋਵਾ ਐਪ 'ਤੇ ਮੁਹੱਈਆ ਕਰਵਾਈ ਤੈਅ ਪ੍ਰਕ੍ਰਿਆ ਵਿਚ ਚੈੱਕ ਪੋਸਟ ਦੇ ਅਫ਼ਸਰ ਇੰਚਾਰਜ ਕੋਲ ਰਸਮੀ ਸਵੈ-ਘੋਸ਼ਣਾ ਪੱਤਰ ਸੌਂਪਣ ਦੀ ਜ਼ਰੂਰਤ ਹੋਵੇਗੀ। ਉਨ੍ਹਾਂ ਨੂੰ ਅਪਣੇ ਮੋਬਾਈਲਾਂ 'ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ। ਇਸ ਐਪ 'ਤੇ ਮੁਸਾਫ਼ਰਾਂ ਬਾਰੇ ਸੂਚਨਾ ਵਾਲੇ ਹਿੱਸੇ ਵਿਚ ਅਪਣੀ ਜਾਣਕਾਰੀ ਦੇਣ ਤੋਂ ਇਲਾਵਾ ਇਨ੍ਹਾਂ ਵਿਅਕਤੀਆਂ ਨੂੰ ਇਹ ਘੋਸ਼ਣਾ-ਪੱਤਰ ਦੇਣਾ ਹੋਵੇਗਾ ਕਿ ਪੰਜਾਬ ਵਿਚ ਠਹਿਰ ਦੌਰਾਨ ਕੋਵਾ ਐਪ ਸਰਗਰਮ ਰਖਣੀ ਪਵੇਗੀ।