
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ।
ਚੰਡੀਗੜ੍ਹ: ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ 'ਤੇ ਸ਼ਿਕੰਜਾ ਕੱਸ ਰਹੀ ਹੈ। ਇਸ ਵਿਚਾਲੇ ਡੀਜੀਪੀ ਗੌਰਵ ਯਾਦਵ ਨੇ ਟਵੀਟ ਕੀਤਾ ਕਿ ਉਹਨਾਂ ਦੀ ਟੀਮ ਨੇ ਮੁੰਬਈ ਦੇ ਨਾਵਾ ਸ਼ੇਵਾ ਬੰਦਰਗਾਹ ਤੋਂ 73 ਕਿਲੋਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਉਹਨਾਂ ਅੱਗੇ ਦੱਸਿਆ ਕਿ ਇਕ ਖੁਫੀਆ ਜਾਣਕਾਰੀ ਮਿਲੀ ਸੀ, ਜਿਸ ਨੂੰ ਕੇਂਦਰੀ ਏਜੰਸੀਆਂ ਅਤੇ ਮਹਾਰਾਸ਼ਟਰ ਪੁਲਿਸ ਨਾਲ ਸਾਂਝਾ ਕੀਤਾ ਗਿਆ। ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੀ ਮਦਦ ਨਾਲ ਇਕ ਸਾਂਝੇ ਅੰਤਰਰਾਜੀ ਆਪ੍ਰੇਸ਼ਨ ਵਿਚ ਪਿਛਲੇ ਇਕ ਹਫ਼ਤੇ ਦੌਰਾਨ ਕੁੱਲ 148 ਕਿਲੋ ਹੈਰੋਇਨ ਜ਼ਬਤ ਕੀਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੰਜਾਬ ਪੁਲਿਸ ਨੂੰ ਹੈਰੋਇਨ ਆਉਣ ਦੀ ਸੂਚਨਾ ਮਿਲੀ ਸੀ। ਇਸ ਤੋਂ ਤੁਰੰਤ ਬਾਅਦ ਓਪਰੇਸ਼ਨ ਸੈੱਲ ਦੀ ਟੀਮ ਮਹਾਰਾਸ਼ਟਰ ਲਈ ਰਵਾਨਾ ਹੋਈ। ਉਹਨਾਂ ਕਿਹਾ ਕਿ ਇਸ ਮਾਮਲੇ ਸਬੰਧੀ ਜਾਂਚ ਜਾਰੀ ਹੈ ਅਤੇ ਜਲਦ ਹੀ ਪੂਰਾ ਮਾਮਲਾ ਬੇਨਕਾਬ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਗੁਜਰਾਤ ਦੇ ਮੁਦਰਾ ਪੋਰਟ ਤੋਂ 350 ਕਰੋੜ ਗੀ 75 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਇਸ ਦੀ ਸੂਚਨਾ ਪੰਜਾਬ ਪੁਲਿਸ ਨੂੰ ਮਿਲੀ ਸੀ, ਜਿਸ ਤੋਂ ਬਾਅਦ ਗੁਜਰਾਤ ਏਟੀਐਸ ਨਾਲ ਸਾਂਝੇ ਆਪਰੇਸ਼ਨ ਦੌਰਾਨ ਇਹ ਕਾਰਵਾਈ ਕੀਤੀ ਗਈ।
ਨਸ਼ਿਆਂ ਦੇ ਖ਼ਾਤਮੇ ਲਈ ਅਸੀਂ ਵਚਨਬੱਧ ਹਾਂ- CM ਮਾਨ
ਪੰਜਾਬ ਪੁਲਿਸ ਦੀ ਕਾਰਵਾਈ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਸੀਂ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ ਹਾਂ। ਉਹਨਾਂ ਟਵੀਟ ਕੀਤਾ, “ਪੰਜਾਬ ਪੁਲਿਸ ਦੀ ਜਾਣਕਾਰੀ 'ਤੇ ਪਿਛਲੇ ਇੱਕ ਹਫ਼ਤੇ 'ਚ 148kg ਹੈਰੋਇਨ ਫੜੀ ਗਈ ਹੈ। ਗੁਜਰਾਤ ਤੋਂ 75kg ਅਤੇ ਅੱਜ ਮਹਾਰਾਸ਼ਟਰ ਤੋਂ 73kg ਦੀ ਵੱਡੀ ਖੇਪ ਫੜਨ 'ਚ ਪੰਜਾਬ ਪੁਲਿਸ ਦੀ ਕਾਮਯਾਬੀ ਅਤੇ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਾ ਹਾਂ।''