
Punjab News : ਫਰਵਰੀ 1986 ਦੀਆਂ ਦੁਖਦਾਈ ਘਟਨਾਵਾਂ ਦਾ ਦਿੱਤਾ ਹਵਾਲਾ, ਵਿਧਾਨ ਸਭਾ ਸਪੀਕਰ ਵੱਲੋਂ ਕਮੇਟੀ ਦੇ ਗਠਨ ਦਾ ਐਲਾਨ
Punjab News in Punjabi : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਧਿਆਨ ਵਿੱਚ 1986 ਦੀਆਂ ਦੁਖਦਾਈ ਘਟਨਾਵਾਂ ਬਾਰੇ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਲਿਆਂਦੀ, ਜਿਸਦੀ ਇੱਕ ਕਾਪੀ ਵਿਧਾਨ ਸਭਾ ਵਿੱਚ ਹੈ, ਪਰ ਜਿਸਦੀ ਕਾਰਵਾਈ ਰਿਪੋਰਟ ਰਹੱਸਮਈ ਢੰਗ ਨਾਲ ਗਾਇਬ ਹੋ ਗਈ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਇਸ ਮਹੱਤਵਪੂਰਨ ਰਿਪੋਰਟ ਨੂੰ ਲੱਭਣ ਲਈ ਇੱਕ ਕਮੇਟੀ ਬਣਾਉਣ ਦੀ ਅਪੀਲ ਕੀਤੀ। ਇਸ ‘ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਗੁੰਮ ਹੋਈ ਰਿਪੋਰਟ ਦਾ ਪਤਾ ਲਗਾਉਣ ਲਈ ਇੱਕ ਕਮੇਟੀ ਦੇ ਗਠਨ ਦਾ ਐਲਾਨ ਕੀਤਾ।
‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’ ਬਾਰੇ ਚਰਚਾ ਦੌਰਾਨ ਪੰਜਾਬ ਵਿਧਾਨ ਸਭਾ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਜਸਟਿਸ ਗੁਰਨਾਮ ਸਿੰਘ ਕਮਿਸ਼ਨ ਦੀ ਰਿਪੋਰਟ ਦੇ ਇਸ ਗੁੰਮ ਹੋਏ ਹਿੱਸੇ ਨੂੰ ਲੱਭਣ ਨਾਲ ਸੂਬੇ ਦੇ ਲੋਕਾਂ ਨੂੰ 1986 ਦੀਆਂ ਘਟਨਾਵਾਂ ਦੇ ਪਿੱਛੇ ਦੀ ਸੱਚਾਈ ਦਾ ਪਤਾ ਲਗਾਉਣ, ਉਸ ਸਮੇਂ ਸ਼ਾਮਲ ਲੋਕਾਂ ਦੀਆਂ ਕਾਰਵਾਈਆਂ ਨੂੰ ਸਮਝਣ ਅਤੇ ਉਨ੍ਹਾਂ ਦੇ ਉੱਤਰਾਧਿਕਾਰੀਆਂ ਦੀਆਂ ਮੌਜੂਦਾ ਕਾਰਵਾਈਆਂ ਦੀ ਅਸਲੀਅਤ ਦੇਖਣ ਵਿੱਚ ਸਹਾਇਤਾ ਮਿਲੇਗੀ।
ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਪ੍ਰਸਤਾਵਿਤ ਕਾਨੂੰਨ ਦੀ ਅਹਿਮੀਅਤ ਅਤੇ ਜਵਾਬਦੇਹੀ ਦੀ ਲੋੜ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਜ਼ਿਕਰ ਕੀਤਾ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਤਿਹਾਸਕ ਤੌਰ 'ਤੇ, ਜਦੋਂ ਵੀ ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਜਾਂ ਧਾਰਮਿਕ ਤੌਰ 'ਤੇ ਜੁੜੀ ਸਰਕਾਰ ਸੱਤਾ ਵਿੱਚ ਆਈ, ਤਾਂ ਸੂਬੇ ਨੂੰ ਅਸਥਿਰ ਕਰਨ ਦੇ ਉਦੇਸ਼ ਨਾਲ, ਸਿੱਧੇ ਜਾਂ ਸਾਜ਼ਿਸ਼ਕਾਰਾਂ ਰਾਹੀਂ, ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦੀਆਂ ਕੋਸ਼ਿਸ਼ਾਂ ਹੋਈਆਂ। ਉਨ੍ਹਾਂ ਨੇ 2 ਫਰਵਰੀ, 1986 ਦੀ ਦੁਖਦਾਈ ਘਟਨਾ ਦਾ ਹਵਾਲਾ ਦਿੱਤਾ, ਜੋ ਕਿ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਲ ਦੌਰਾਨ ਵਾਪਰੀ ਸੀ, ਜਦੋਂ ਨਕੋਦਰ ਦੇ ਗੁਰਦੁਆਰਾ ਸਾਹਿਬ ਗੁਰੂ ਅਰਜਨ ਦੇਵ ਜੀ ਵਿਖੇ ਪੰਜ ਪਵਿੱਤਰ ਬੀੜਾਂ ਨੂੰ ਅੱਗ ਲਗਾ ਦਿੱਤੀ ਗਈ ਸੀ।
ਉਨ੍ਹਾਂ ਇਸ ਉਪਰੰਤ 4 ਫਰਵਰੀ, 1986 ਦੀਆਂ ਘਟਨਾਵਾਂ ਦਾ ਜ਼ਿਕਰ ਕੀਤਾ, ਜਦੋਂ ਚਾਰ ਨੌਜਵਾਨ - ਰਵਿੰਦਰ ਸਿੰਘ ਲਿੱਤਰਾਂ, ਬਲਧੀਰ ਸਿੰਘ ਰਾਮਗੜ੍ਹ, ਝਿਰਮਲ ਸਿੰਘ ਗੁਰਸਿਆਣਾ, ਅਤੇ ਹਰਮਿੰਦਰ ਸਿੰਘ – ਬਰਗਾੜੀ ਵਿਖੇ ਵੇਖੇ ਗਏ ਸ਼ਾਂਤਮਈ ਪ੍ਰਦਰਸ਼ਨਾਂ ਵਾਂਗ ਸ਼ਾਂਤਮਈ ਢੰਗ ਨਾਲ ਵਿਰੋਧ ਪ੍ਰਦਰਸ਼ਨ ਦੌਰਾਨ ਗੋਲੀਆਂ ਦਾ ਸ਼ਿਕਾਰ ਹੋ ਗਏ ਸਨ।
ਵਿੱਤ ਮੰਤਰੀ ਨੇ ਕਿਹਾ ਕਿ ਇਨ੍ਹਾਂ ਘਟਨਾਵਾਂ ਦੌਰਾਨ ਸੂਬੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸੀ, ਜਿਸ ਵਿੱਚ ਸੁਰਜੀਤ ਸਿੰਘ ਬਰਨਾਲਾ ਮੁੱਖ ਮੰਤਰੀ, ਕੈਪਟਨ ਕੰਵਲਜੀਤ ਸਿੰਘ ਗ੍ਰਹਿ ਮੰਤਰੀ, ਅਤੇ ਮੌਜੂਦਾ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਪਿਤਾ ਸੁਖਜਿੰਦਰ ਸਿੰਘ ਖਹਿਰਾ ਸਿੱਖਿਆ ਮੰਤਰੀ ਸਨ। ਉਨ੍ਹਾਂ ਨੇ ਅਫਸੋਸ ਪ੍ਰਗਟ ਕੀਤਾ ਕਿ ਉਸ ਸਮੇਂ ਦੀ ਸਰਕਾਰ ਦੁਆਰਾ ਇੱਕ ਵੀ ਕਾਰਵਾਈ ਜਾਂ ਐਫ.ਆਈ.ਆਰ ਦਰਜ ਨਹੀਂ ਕੀਤੀ ਗਈ।
(For more news apart from Finance Minister Cheema raises issue of missing 'action' report on 1986 incidents News in Punjabi, stay tuned to Rozana Spokesman)