ਕਿਹਾ - ਨਸ਼ਾ ਵਿਰੋਧੀ ਮੁਹਿੰਮ ਤਹਿਤ 33 ਹਜ਼ਾਰ ਤੋਂ ਜ਼ਿਆਦਾ ਨਸ਼ਾ ਤਸਕਰ ਕੀਤੇ ਗ੍ਰਿਫ਼ਤਾਰ
ਫ਼ਿਰੋਜ਼ਪੁਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਪੰਜਾਬ ਦੇ 5.62 ਲੱਖ ਛੋਟੇ ਅਤੇ ਸੀਮਾਂਤ ਕਿਸਾਨਾਂ ਦਾ 4700 ਰੁਪਏ ਕਰੋੜ ਦਾ ਕਰਜ਼ਾ ਮਾਫ਼ ਕੀਤਾ ਹੈ। ਅਗਲੇ ਪੜਾਅ ਵਿਚ 1.5 ਲੱਖ ਕਿਸਾਨਾਂ ਦਾ 1632 ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਜਾਵੇਗਾ। ਇਹ ਵਿਚਾਰ ਪੰਜਾਬ ਦੇ ਮਾਲ ਵਿਭਾਗ ਦੇ ਮੰਤਰੀ ਸ੍ਰ: ਗੁਰਪ੍ਰੀਤ ਸਿੰਘ ਕਾਂਗੜ ਨੇ ਵੀਰਵਾਰ ਨੂੰ ਫਿਰੋਜ਼ਪੁਰ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਚ 73ਵੇਂ ਸੁਤੰਤਰਤਾ ਦਿਵਸ ਸਮਾਰੋਹ ਦੌਰਾਨ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਲੋਕਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪੰਜਾਬ ਨੂੰ ਨਸ਼ਾ ਮੁਕਤ ਕਰਨ, ਕਿਸਾਨਾਂ ਨੂੰ ਕਰਜ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਤੋਂ ਇਲਾਵਾ ਪੰਜਾਬ ਨੂੰ ਹਰਿਆ-ਭਰਿਆ ਬਣਾਉਣ ਅਤੇ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸਖ਼ਤ ਕਦਮ ਚੁੱਕੇ ਗਏ ਹਨ।
ਮਾਲ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਕਿਸਾਨਾਂ ਦੇ ਹਿੱਤ ਵਿਚ ਕਈ ਵੱਡੇ ਕਦਮ ਚੁੱਕੇ ਹਨ, ਜਿਸ ਤਹਿਤ ਕੁਦਰਤੀ ਆਬਤਾ ਦੌਰਾਨ ਬਰਬਾਦ ਹੋਈ ਫ਼ਸਲ ਦਾ ਮੁਆਵਜ਼ਾ 8 ਹਜ਼ਾਰ ਰੁਪਏ ਪ੍ਰਤੀ ਏਕੜ ਤੋਂ ਵਧਾ ਕੇ 12 ਹਜ਼ਾਰ ਰੁਪਏ ਕਰ ਦਿੱਤਾ ਗਿਆ ਹੈ। ਇਸੇ ਤਰ੍ਹਾਂ ਮੰਡੀਆਂ ਵਿਚ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਸੁਨਿਸ਼ਚਿਤ ਕਰਨ ਲਈ 48 ਘੰਟੇ ਵਿਚ ਲਿਫ਼ਟਿੰਗ ਦੀ ਪਾਲਿਸੀ ਲਾਗੂ ਕੀਤੀ ਗਈ ਹੈ, ਜਿਸ ਤਹਿਤ ਫ਼ਸਲ ਦੇ ਮੰਡੀ ਵਿਚ ਆਉਣ ਤੇ 48 ਘੰਟੇ ਦੇ ਅੰਦਰ ਖ਼ਰੀਦ ਕਰਨੀ ਜ਼ਰੂਰੀ ਹੈ।
ਨਸ਼ੇ ਦੀ ਸਮੱਸਿਆ ਤੇ ਹਮਲਾ ਮਾਰਦੇ ਹੋਏ ਸਰਕਾਰ ਨੇ ਪੰਜਾਬ ਵਿਚ ਸਪੈਸ਼ਲ ਟਾਸਕ ਫੋਰਸ ਦਾ ਗਠਨ ਕੀਤਾ ਹੈ, ਜਿਸ ਤਹਿਤ ਹੁਣ ਤੱਕ 27 ਹਜ਼ਾਰ ਮੁਕੱਦਮੇ ਦਰਜ ਕਰਕੇ ਨਸ਼ਾ ਤਸਕਰੀ ਨਾਲ ਜੁੜੇ ਹੋਏ 33,000 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਨਾਲ ਹੀ ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਸਰਕਾਰ ਵੱਲੋਂ ਗੈਂਗਸਟਰਾਂ ਦੇ ਖਿਲਾਫ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਗਈ ਹੈ। ਇਨ੍ਹਾਂ ਆਰੋਪੀਆਂ ਤੋਂ ਭਾਰੀ ਮਾਤਰਾ ਵਿੱਚ ਨਸ਼ੀਲੀ ਸਮਗਰੀ ਬਰਾਮਦ ਕੀਤੀ ਗਈ ਹੈ। ਇਸੇ ਤਰ੍ਹਾਂ ਨੌਜਵਾਨਾਂ ਨੂੰ ਨਸ਼ੇ ਦੇ ਦਲਦਲ ਤੋਂ ਬਾਹਰ ਨਿਕਾਲਣ ਦੇ ਲਈ ਰਾਜ ਵਿੱਚ 34 ਨਸ਼ਾ ਛੁਡਾਊ ਕੇਂਦਰ, 20 ਸਰਕਾਰੀ ਪੁਨਰਵਾਸ ਕੇਂਦਰ, 98 ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਅਤੇ 43 ਨਿੱਜੀ ਪੁਨਰਵਾਸ ਕੇਂਦਰ ਚਲਾਏ ਜਾ ਰਹੇ ਹਨ।
ਇਸ ਤੋਂ ਇਲਾਵਾ ਬੱਚਿਆਂ ਵਿੱਚ ਨਸ਼ੇ ਦੀ ਬੁਰਾਈ ਦੇ ਖਿਲਾਫ ਜਾਗਰੂਕਤਾ ਦੇ ਲਈ ਬਡੀਜ਼ ਅਤੇ ਡੈਪੋ ਪ੍ਰੋਗਰਾਮ ਚਲਾਏ ਜਾ ਰਹੇ ਹਨ, ਜਿਸ ਦੇ ਤਹਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ 135 ਕਲੱਸਟਰ ਕੋਆਰਡੀਨੇਟਰ ਅਤੇ 789 ਨਸ਼ਾ ਰੋਕੂ ਕਮੇਟੀਆਂ ਦਾ ਗਠਨ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ 8 ਓਟ ਕਲੀਨਿਕ ਵੀ ਖੋਲ੍ਹੇ ਗਏ ਹੈ। ਰੁਜ਼ਗਾਰ ਦੇ ਮੁੱਦੇ ਤੇ ਬੋਲਦੇ ਹੋਏ ਮਾਲ ਮੰਤਰੀ ਸ੍ਰ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਸਰਕਾਰ ਨੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਵੁਣ ਦੇ ਲਈ ਘਰ-ਘਰ ਰੋਜ਼ਗਾਰ ਯਜਨਾ ਸ਼ੁਰੂ ਕੀਤੀ ਹੈ।
ਕੈਬਨਿਟ ਮੰਤਰੀ ਸ੍ਰ. ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਅਤੇ ਹਰਾ-ਭਰਾ ਬਣਾਉਣ ਦੇ ਲਈ ਸ੍ਰੀ. ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ, ਜਿਸ ਦੇ ਤਹਿਤ ਹਰ ਪਿੰਡ ਵਿੱਚ 550 ਪੌਦੇ ਲਗਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਯੋਜਨਾ ਦੇ ਤਹਿਤ ਹੁਣ ਤੱਕ ਫਿਰੋਜ਼ਪੁਰ ਜ਼ਿਲ੍ਹੇ ਦੇ 136 ਪਿੰਡਾਂ ਵਿੱਚ 75 ਹਜ਼ਾਰ ਪੌਦੇ ਲਗਾਏ ਜਾ ਚੁੱਕੇ ਹਨ। ਇਸੇ ਤਰ੍ਹਾਂ ਪਰਾਲੀ ਜਲਾਉਣ ਨਾਲ ਹੋਣ ਵਾਲੇ ਪ੍ਰਦੂਸ਼ਣ ਨੂੰ ਘੱਟ ਕਰਨ ਦੇ ਲਈ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਅਗਲੇ ਸੀਜ਼ਨ ਵਿੱਚ 28000 ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਜਾਣਗੀਆਂ, ਜਿਸ ਰਾਹੀਂ ਪਰਾਲੀ ਨੂੰ ਅੱਗ ਲਗਾਉਣ ਦੀ ਜ਼ਰੂਰਤ ਨਹੀਂ ਹੋਵੇਗੀ।
ਇਸ ਤੋਂ ਪਹਿਲਾ ਮਾਲ ਮੰਤਰੀ ਸ੍ਰ. ਗੁਰਪ੍ਰੀਤ ਸਿੰਘ ਕਾਂਗੜ ਨੇ ਹੁਸੈਨੀਵਾਲਾ ਵਿਖੇ ਸਥਿਤ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਸਮਾਰਕ ਤੇ ਮੱਥਾ ਟੇਕਿਆ। ਉਨ੍ਹਾਂ ਨੇ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦ ਦੇਸ਼ ਦੇ ਵਾਸੀ ਹਾਂ ਅਤੇ ਨੌਜਵਾਨਾਂ ਨੂੰ ਵੀ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਤੋਂ ਪ੍ਰੇਰਨਾ ਲੈਣ ਦੀ ਜ਼ਰੂਰਤ ਹੈ। ਪ੍ਰੋਗਰਾਮ ਦੇ ਦੌਰਾਨ ਵੱਖ-ਵੱਖ ਸਿੱਖਿਆ ਸੰਸਥਾਵਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਤੇ ਆਧਾਰਿਤ ਪੇਸ਼ਕਾਰੀ ਕੀਤੀ ਗਈ। ਵਿਦਿਆਰਥੀਆਂ ਨੇ ਭੰਗੜਾ ਅਤੇ ਗਿੱਦੇ ਦੀ ਪੇਸ਼ਕਾਰੀ ਨਾਲ ਸਾਰਿਆਂ ਦਾ ਦਿਲ ਜਿੱਤ ਲਿਆ। ਵੱਖ-ਵੱਖ ਸਰਕਾਰੀ ਵਿਭਾਗਾਂ ਵੱਲੋਂ ਸਰਕਾਰ ਦੀਆਂ ਲੋਕ ਕਲਿਆਣ ਵਾਲੀ ਸਕੀਮਾਂ ਨੂੰ ਲੈ ਕੇ ਝਾਕੀਆਂ ਪੇਸ਼ ਕੀਤੀਆਂ ਗਈਆਂ। ਮਾਲ ਮੰਤਰੀ ਸ੍ਰ. ਗੁਰਪ੍ਰੀਤ ਸਿੰਘ ਕਾਂਗੜ ਨੇ 10 ਵਿਦਿਆਰਥੀਆਂ ਨੂੰ ਨੌਕਰੀ ਦੇ ਲਈ ਮੌਕੇ 'ਤੇ ਹੀ ਜਾਬ ਸਰਟੀਫਿਕੇਟ ਦਿੱਤੇ, ਨਾਲ ਹੀ ਪੰਜ ਵਿਦਿਆਰਥੀਆਂ ਨੂੰ ਸਵੈ ਰੁਜ਼ਗਾਰ ਲਈ ਆਰਥਿਕ ਮਦਦ ਦੇ ਲਈ ਪੱਤਰ ਵੀ ਦਿੱਤੇ।
ਇਸ ਤੋਂ ਪਹਿਲਾਂ ਮੁੱਖ ਮਹਿਮਾਨ ਸ੍ਰ: ਗੁਰਪ੍ਰੀਤ ਸਿੰਘ ਕਾਂਗੜ ਨੇ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ। ਡਿਪਟੀ ਕਮਿਸ਼ਨਰ ਚੰਦਰ ਗੈਂਦ ਅਤੇ ਐਸਐਸਪੀ ਵਿਵੇਕ ਸ਼ੀਲ ਸੋਨੀ ਨੇ ਮੁੱਖ ਮਹਿਮਾਨ ਨੂੰ ਪਰੇਡ ਦਾ ਨਿਰੀਖਣ ਕਰਵਾਇਆ। ਅੰਤ ਵਿਚ ਕੈਬਨਿਟ ਮੰਤਰੀ ਨੇ ਕਾਰਗਿਲ ਦੀ ਲੜਾਈ ਵਿਚ ਸ਼ਹੀਦ ਹੋਏ ਜਵਾਨਾ ਦੇ ਪਰਿਵਾਰਕ ਮੈਂਬਰਾਂ, ਸੁਤੰਤਰਤਾ ਸੈਨਾਨੀਆਂ ਦੇ ਪਰਿਵਾਰਕ ਮੈਂਬਰਾਂ ਅਤੇ ਸਮਾਜ ਵਿਚ ਵੱਖ ਵੱਖ ਖੇਤਰਾਂ ਵਿਚ ਮੱਲ੍ਹਾਂ ਮਾਰਨ ਵਾਲੀਆਂ ਲਗਭਗ 200 ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ।