
ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ
Fazilka News : ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਮੰਤਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਫਾਜ਼ਿਲਕਾ ਦੇ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਤਿਰੰਗਾ ਲਹਿਰਾਇਆ ਅਤੇ ਆਜ਼ਾਦੀ ਲਈ ਕੁਰਬਾਨੀਆਂ ਦੇਣ ਵਾਲੇ ਸੁਤੰਤਰਤਾ ਸੰਗਰਾਮੀਆਂ ਨੂੰ ਸਿੱਜਦਾ ਕੀਤਾ।
ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਨੇ ਕਿਹਾ ਕਿ ਅੱਜ ਅਸੀਂ ਦੇਸ਼ ਲਈ ਸ਼ਹੀਦੀਆਂ ਪਾਉਣ ਵਾਲੇ ਸ਼ਹੀਦਾਂ ਦੀ ਯਾਦ ਵਿੱਚ ਇਹ ਦਿਹਾੜਾ ਮਨਾ ਰਹੇ ਹਾਂ। ਇਸ ਤੋਂ ਬਾਅਦ ਉਨ੍ਹਾਂ ਸਰਕਾਰ ਦੇ ਵਿਕਾਸ ਕਾਰਜਾਂ ਦੀ ਸ਼ਲਾਘਾ ਵੀ ਕੀਤੀ।
ਇਸ ਸਮਾਗਮ ਵਿੱਚ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ, ਵਿਧਾਇਕ ਬਲੂਆਣਾ ਅਮਨਦੀਪ ਸਿੰਘ ਗੋਲਡੀ ਮੁਸਾਫਿਰ, ਵਿਧਾਇਕ ਜਲਾਲਾਬਾਦ ਜਗਦੀਪ ਸਿੰਘ ਗੋਲਡੀ ਕੰਬੋਜ, ਆਈ.ਜੀ. ਬਲਜੋਦ ਸਿੰਘ, ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ, ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਅਤੇ ਵਧੀਕ ਡਿਪਟੀ ਕਮਿਸ਼ਨਰ ਰਾਕੇਸ਼ ਕੁਮਾਰ ਪੋਪਲੀ ਆਦਿ ਮੌਜੂਦ ਸਨ।
ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿੱਚ ਝੰਡਾ ਲਹਿਰਾਇਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅੱਜ ਦੇਸ਼ ਨੂੰ ਆਜ਼ਾਦ ਹੋਇਆਂ 78 ਸਾਲ ਹੋ ਗਏ ਹਨ। ਅਜ਼ਾਦੀ ਦਾ ਪੰਜਾਬੀਆਂ ਲਈ ਵਿਸ਼ੇਸ਼ ਮਹੱਤਵ ਹੈ। ਕਿਉਂਕਿ ਆਜ਼ਾਦੀ ਲਈ ਪੰਜਾਬੀਆਂ ਨੇ 80 ਫੀਸਦੀ ਕੁਰਬਾਨੀਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਕਿੰਨੇ ਹੀ ਸ਼ਹੀਦਾਂ ਦੇ ਨਾਂ ਲਏ ਜਾ ਸਕਦੇ ਹਨ, ਜਿਨ੍ਹਾਂ ਦੇ ਯਤਨਾਂ ਸਦਕਾ ਇਹ ਆਜ਼ਾਦੀ ਮਿਲੀ ਹੈ। ਜਦੋਂ ਦੇਸ਼ ਆਜ਼ਾਦ ਹੋਇਆ ਤਾਂ ਪੰਜਾਬ ਦੀ ਵੰਡ ਹੋ ਗਈ।