
ਲੋਕਾਂ ਨੂੰ ਸਿਹਤ, ਖੇਡਾਂ ਤੇ ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੁਵਿਧਾਵਾਂ ਮੁਹੱਈਆਂ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ
ਫ਼ਿਰੋਜ਼ਪੁਰ : ਅੱਜ ਸੁਤੰਤਰਤਾ ਦਿਵਸ ਦੇ ਸਬੰਧ ਵਿਚ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਦਾ ਆਯੋਜਨ ਕੈਂਟ ਬੋਰਡ ਸਟੇਡੀਅਮ ਫਿਰੋਜ਼ਪੁਰ ਛਾਉਣੀ ਵਿਖੇ ਕੀਤਾ ਗਿਆ, ਜਿਸ ਵਿਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਤੇ ਉਨ੍ਹਾਂ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਇਸ ਮੌਕੇ ਉਨ੍ਹਾਂ ਬੀ.ਐਸ.ਐਫ., ਪੰਜਾਬ ਪੁਲਿਸ, ਪੰਜਾਬ ਪੁਲਿਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡ, ਐਨ.ਸੀ.ਸੀ., ਸਕਾਊਟ ਤੇ ਗਾਈਡ ਦੀਆਂ ਟੁਕੜੀਆਂ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ ਕਮਿਸ਼ਨਰ ਦੀਪਸਿਖ਼ਾ ਸ਼ਰਮਾ ਅਤੇ ਭੁਪਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਰੋਹ ਵਿਚ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਸੰਦੇਸ਼ ਵਿਚ ਮੁੱਖ ਮਹਿਮਾਨ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਅਨੇਕਾਂ ਸ਼ਹੀਦਾਂ, ਸੁਤੰਤਰਤਾ ਸੰਗਰਾਮੀਆਂ ਦੀਆਂ ਅਦੁੱਤੀਆਂ ਕੁਰਬਾਨੀਆਂ/ ਸੰਘਰਸ਼ ਸਦਕਾ ਸਾਡਾ ਦੇਸ਼ ਆਜ਼ਾਦ ਹੋਇਆ ਹੈ ਅਤੇ ਇਸ ਅਵਸਰ ਤੇ ਅਸੀਂ ਆਜ਼ਾਦੀ ਦੇ ਪਰਵਾਨਿਆਂ ਤੇ ਸਮੂਹ ਸ਼ਹੀਦਾਂ, ਸੂਰਬੀਰਾਂ ਤੇ ਵੱਖ-ਵੱਖ ਆਜ਼ਾਦੀ ਦੀਆ ਲਹਿਰਾਂ ਵਿਚ ਹਿੱਸਾ ਪਾਉਣ ਵਾਲੇ ਯੋਧਿਆਂ, ਸੂਰਬੀਰਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹਾਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਵੱਡੇ ਸਮਰਥਨ ਨਾਲ ਹੋਂਦ ਵਿਚ ਆਈ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਦਾ ਸਰਵ ਪੱਖੀ ਵਿਕਾਸ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ, ਨਸ਼ਿਆਂ ਦੇ ਖ਼ਾਤਮੇ, ਫ਼ਰਿਸ਼ਤੇ ਸਕੀਮ ਅਤੇ ਬਿਜਲੀ ਮੁਆਫੀ ਵਰਗੇ ਇਤਿਹਾਸਕ ਫ਼ੈਸਲੇ ਲਏ ਹਨ, ਜਿਨ੍ਹਾਂ ਦੇ ਬਹੁਤ ਵਧੀਆ ਪਰਿਣਾਮ ਨਿਕਲ ਕੇ ਸਾਹਮਣੇ ਆਏ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਧਰਤੀ ਦਾ ਜਰ੍ਹਾ-ਜਰ੍ਹਾ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰਪੂਰ ਹੈ ਤੇ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਹੋਣ ਦਾ ਮਾਣ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿਚ ਪੰਜਾਬੀਆ ਨੇ ਵੱਧ ਚੜ੍ਹ ਕੇ ਕੁਰਬਾਨੀਆਂ ਕੀਤੀਆਂ ਜਿਸ ਤੇ ਪੂਰੇ ਦੇਸ਼ ਨੂੰ ਮਾਣ ਹੈ। ਉਨ੍ਹਾਂ ਕਿਹਾ ਕਿ ਫਿਰੋਜ਼ਪੁਰ ਦੀ ਧਰਤੀ ਸਾਡੇ ਦੇਸ਼ ਦੇ ਮਹਾਨ ਸ਼ਹੀਦਾਂ ਦੀਆ ਗਤੀਵਿਧੀਆਂ ਦਾ ਮੁੱਖ ਕੇਂਦਰ ਰਹੀ ਹੈ।
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ, ਸਿਹਤ ਸਹੂਲਤਾ, ਖੇਡਾਂ, ਕਿਸਾਨਾਂ, ਮਜ਼ਦੂਰਾ, ਵਪਾਰੀਆਂ ਅਤੇ ਆਮ ਲੋਕਾਂ ਸਮੇਤ ਰਾਜ ਦੇ ਹਰ ਵਰਗ ਦੀ ਉੱਨਤੀ ਤੇ ਵਿਕਾਸ ਲਈ ਵੱਡੀਆਂ ਯੋਜਨਾਵਾਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਪੱਖੋਂ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ ਅਤੇ ਇਸ ਲਈ ਕਈ ਯੋਜਨਾਵਾਂ ਉਲੀਕੀਆਂ ਗਈਆਂ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 55 ਹਜ਼ਾਰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਜੋ ਕਿ ਬਿਨਾਂ ਕਿਸੇ ਸਿਫਾਰਸ਼ ਦੇ ਨਿਰੋਲ ਮੈਰਿਟ ਦੇ ਆਧਾਰ ਤੇ ਕਾਬਿਲ ਨੌਜਵਾਨਾਂ ਨੂੰ ਦਿੱਤੀਆਂ ਗਈਆਂ ਹਨ| ਉਨ੍ਹਾਂ ਕਿਹਾ ਕਿ ਸਰਕਾਰੀ ਬੱਸਾਂ ਵਿੱਚ ਔਰਤਾਂ ਲਈ ਮੁਫ਼ਤ ਸਫ਼ਰ ਦੀ ਸਹੂਲਤ ਨੂੰ ਜਾਰੀ ਰੱਖਦਿਆਂ 1 ਅਪ੍ਰੈਲ 2024 ਤੋਂ 30 ਜੂਨ 2025 ਤੱਕ ਸੂਬੇ ਦੀਆਂ ਔਰਤਾਂ ਵੱਲੋਂ ਕੀਤੇ ਗਏ ਮੁਫ਼ਤ ਸਫ਼ਰ ਲਈ ਸਰਕਾਰ ਨੇ 470 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਖਰਚ ਕੀਤੀ ਹੈ। ਉਹਨਾਂ ਕਿਹਾ ਕਿ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਅਤੇ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਹੋਰ ਸੁਧਾਰ ਵਾਸਤੇ ਸਿੱਖਿਆ ਕ੍ਰਾਂਤੀ ਤਹਿਤ ਸੂਬੇ ਦੇ 12 ਹਜ਼ਾਰ ਸਰਕਾਰੀ ਸਕੂਲਾਂ ਵਿੱਚ 2000 ਕਰੋੜ ਰੁਪਏ ਦੀ ਲਾਗਤ ਨਾਲ ਬੁਨਿਆਦੀ ਢਾਂਚਾ ਵਿਕਾਸ ਪ੍ਰੋਜੈਕਟ ਸਮਰਪਿਤ ਕੀਤੇ ਗਏ ਹਨ| ਉਹਨਾਂ ਕਿਹਾ ਕਿ ਸਰਕਾਰ ਨੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਲਈ 545 ਕਿਲੋਮੀਟਰ ਲੰਮੀਆਂ 79 ਨਹਿਰਾਂ ਬਹਾਲ ਕੀਤੀਆਂ ਹਨ ਇਸ ਨਾਲ 41, 135 ਏਕੜ ਰਕਬੇ ਨੂੰ ਨਹਿਰੀ ਪਾਣੀ ਮਿਲੇਗਾ|
ਇਸ ਤੋਂ ਪਹਿਲਾਂ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਕੌਮੀ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਵੀ ਭੇਟ ਕੀਤੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਇਨ੍ਹਾਂ ਮਹਾਨ ਸ਼ਹੀਦਾਂ ਦੀ ਬਦੌਲਤ ਹੀ ਅਸੀਂ ਅੱਜ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ।
ਇਸ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਪ੍ਰਾਪਤੀਆਂ ਕਰਨ ਵਾਲੀਆਂ ਸ਼ਖ਼ਸੀਅਤਾਂ, ਸੁਤੰਤਰਤਾ ਸੰਗਰਾਮੀਆਂ, ਕਾਰਗਿਲ ਸ਼ਹੀਦਾਂ ਦੇ ਪਰਿਵਾਰਾਂ, ਖਿਡਾਰੀਆਂ, ਵਿਦਿਆਰਥੀਆਂ, ਵਧੀਆਂ ਪੰਚਾਇਤਾਂ, ਅਧਿਕਾਰੀਆਂ, ਕਰਮਚਾਰੀਆਂ ਆਦਿ ਨੂੰ ਮੁੱਖ ਮਹਿਮਾਨ ਵਜੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੌਰਾਨ ਦੇਸ਼ ਭਗਤੀ ਨੂੰ ਦਰਸਾਉਂਦਾ ਰੰਗਾਂ ਰੰਗ ਸੱਭਿਆਚਾਰ ਪ੍ਰੋਗਰਾਮ ਤੋਂ ਇਲਾਵਾ ਪੰਜਾਬ ਦੇ ਲੋਕ ਨਾਚਾਂ ਗਿੱਧਾ ਤੇ ਭੰਗੜੇ ਦੀ ਪੇਸ਼ਕਾਰੀ ਵੀ ਕੀਤੀ ਗਈ। ਪਰੇਡ ਦੀ ਸਮੁੱਚੀ ਅਗਵਾਈ ਡੀ.ਐੱਸ.ਪੀ. ਕਰਨ ਸ਼ਰਮਾ ਵੱਲੋਂ ਕੀਤੀ ਗਈ।
ਇਸ ਸਮਾਗਮ ਵਿਚ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ੍ਰੀ ਰਜ਼ਨੀਸ ਦਹੀਆ, ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ, ਵਿਧਾਇਕ ਗੁਰੂਹਰਸਹਾਏ ਸ੍ਰੀ ਫੌਜਾ ਸਿੰਘ ਸਰਾਰੀ, ਕਮਿਸ਼ਨਰ ਫਿਰੋਜ਼ਪੁਰ ਮੰਡਲ ਸ੍ਰੀ ਅਰੁਣ ਸੇਖੜੀ, ਡੀ.ਆਈ.ਜੀ. ਸ੍ਰੀ ਗੁਰਮੀਤ ਸਿੰਘ ਚੌਹਾਨ, ਐਸ.ਸੀ. ਕਮਿਸ਼ਨ ਪੰਜਾਬ ਦੇ ਮੈਂਬਰ ਗੁਰਪ੍ਰੀਤ ਸਿੰਘ ਇੱਟਾਂ ਵਾਲੀ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਸੁਮਿਤ ਮਲਹੋਤਰਾ, ਸ਼੍ਰੀ ਹਰਜਿੰਦਰ ਸਿੰਘ ਘਾਂਗਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਵਧੀਕ ਡਿਪਟੀ ਕਮਿਸ਼ਨਰ (ਜ) ਦਮਨਜੀਤ ਸਿੰਘ ਮਾਨ, ਡਾ. ਨਿਧੀ ਕੁਮੁਦ ਬੰਬਾਹ, ਵਧੀਕ ਡਿਪਟੀ ਕਮਿਸ਼ਨਰ ਵਿਕਾਸ, ਸਹਾਇਕ ਕਮਿਸ਼ਨਰ ਗੁਰਦੇਵ ਸਿੰਘ ਧੰਮ, ਸਹਾਇਕ ਕਮਿਸ਼ਨਰ ਸਿਮਰਨਜੀਤ ਸਿੰਘ, ਆਈ.ਏ.ਐਸ ਯੂ. ਟੀ. ਮੈਡਮ ਲਿੰਦਿਆ ਸਮੇਤ ਵੱਡੀ ਗਿਣਤੀ ਵਿਚ ਅਧਿਕਾਰੀ, ਰਾਜਨੀਤਿਕ ਆਗੂ, ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ, ਅਧਿਆਪਕ, ਪੰਚਾਇਤਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।