
ਸ਼੍ਰੋਮਣੀ ਅਕਾਲੀ ਦਲ ਨੂੰ ਦੱਸਿਆ ਕਿਸਾਨਾਂ ਦਾ ਭਾਈਵਾਲ
ਭੁੱਲਥ (ਅੰਮ੍ਰਿਤਪਾਲ ਬਾਜਵਾ): ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਤਿੰਨ ਖੇਤੀਬਾੜੀ ਆਰਡੀਨੈਂਸਾਂ ਦਾ ਮੁੱਦਾ ਦਿਨੋ ਦਿਨ ਭਖਦਾ ਜਾ ਰਿਹਾ ਹੈ। ਇਸ ਮੁੱਦੇ 'ਤੇ ਸਿਆਸੀ ਜੰਗ ਵੀ ਤੇਜ਼ ਹੋ ਗਈ ਹੈ। ਇਸ ਦੇ ਚਲਦਿਆਂ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਪੰਜਾਬ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਾਂਗਰਸ ਪਾਰਟੀ 'ਤੇ ਖੇਤੀ ਆਰਡੀਨੈਂਸਾਂ ਨੂੰ ਲੈ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦਾ ਅਰੋਪ ਲਗਾਇਆ ਹੈ।
Bibi Jagir Kaur
ਉਹਨਾਂ ਕਿਹਾ ਕਿ ਸੂਬੇ ਵਿਚ ਕਾਂਗਰਸ ਸਰਕਾਰ ਨੇ ਲੋਕਾਂ ਨੂੰ ਗੁੰਮਰਾਹ ਕਰਨ ਦੀ ਬਜਾਏ ਕੁਝ ਨਹੀਂ ਕੀਤਾ। ਜਗੀਰ ਕੌਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਕਿਸਾਨਾਂ ਦੇ ਹਿੱਤਾਂ ਲਈ ਹਮੇਸ਼ਾਂ ਉਹਨਾਂ ਨਾਲ ਖੜ੍ਹਾ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਿਸਾਨਾਂ ਦੀ ਭਾਈਵਾਲ ਪਾਰਟੀ ਹੈ, ਜਿਸ ਨੇ ਕਿਸਾਨਾਂ ਦੇ ਹੱਕ ਦੀ ਅਵਾਜ਼ ਬੁਲੰਦ ਕੀਤੀ।
Punjab Congress
ਉਹਨਾਂ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਝੂਠ ਦਾ ਪ੍ਰਚਾਰ ਕਰਕੇ ਲੋਕਾਂ ਤੇ ਕਿਸਾਨਾਂ ਨੂੰ ਗੁੰਮਰਾਹ ਕਰਕੇ ਭੜਕਾਉਣ ਦੀ ਕੋਸ਼ਿਸ਼ ਕੀਤੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵੱਲ਼ੋਂ ਜਾਰੀ ਕੀਤੇ ਗਏ ਕਿਸਾਨ ਵਿਰੋਧੀ ਆਰਡੀਨੈਂਸਾਂ ਦਾ ਦੇਸ਼ ਭਰ ਵਿਚ ਵੱਡੇ ਪੱਧਰ 'ਤੇ ਵਿਰੋਧ ਹੋ ਰਿਹਾ ਹੈ।
Farmers Protest
ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਵੱਲੋਂ ਇਹਨਾਂ ਦੇ ਵਿਰੋਧ ਵਿਚ ਧਰਨੇ ਦਿੱਤੇ ਜਾ ਰਹੇ ਹਨ। ਇਹਨਾਂ ਆਰਡੀਨੈਂਸਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਸੜਕਾਂ 'ਤੇ ਉਤਰ ਆਏ ਹਨ। ਕਿਸਾਨਾਂ ਦੀ ਇਸ ਜੰਗ ਵਿਚ ਪੰਜਾਬ ਦੀਆਂ ਸਿਆਸੀ ਪਾਰਟੀਆਂ ਵੀ ਉਤਰੀਆਂ ਹਨ।
Shiromani Akali Dal
ਪੰਜਾਬ ਵਿਚ ਕਾਂਗਰਸ ਪਾਰਟੀ ਅਤੇ ਆਮ ਆਦਮੀ ਪਾਰਟੀ ਸਮੇਤ ਹੋਰ ਕਈ ਸਿਆਸੀ ਪਾਰਟੀਆਂ ਵੱਲੋਂ ਕਿਸਾਨਾਂ ਦੇ ਸਮਰਥਨ ਵਿਚ ਅਜ਼ਾਵ ਬੁਲੰਦ ਕੀਤੀ ਜਾ ਰਹੀ ਹੈ। ਇਹਨਾਂ ਤੋਂ ਇਲ਼ਾਵਾ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਡੈਮੋਕ੍ਰੇਟਿਕ ਵੀ ਕਿਸਾਨਾਂ ਦੇ ਹੱਕ ਵਿਚ ਖੜ੍ਹੀ ਹੋਈ ਹੈ। ਪਰ ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਖੇਤੀ ਆਰਡੀਨੈਂਸਾਂ ਸਬੰਧੀ ਅਪਣੇ ਸਟੈਂਡ ਨੂੰ ਲੈ ਕੇ ਸਵਾਲਾਂ ਦੇ ਘੇਰੇ ਵਿਚ ਹੈ।