
ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਪਰਾਲੀ ਦੇ ਨਿਪਟਾਰੇ ਲਈ ਹੁਣ ਤਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ
ਚੰਡੀਗੜ੍ਹ, 14 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ) : ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਕਿਸਾਨਾਂ ਨੂੰ ਫਸਲੀ ਰਹਿੰਦ-ਖੂੰਹਦ ਦੇ ਪ੍ਰਬੰਧਨ ਸਕੀਮ ਦੇ ਤਹਿਤ ਖੇਤੀ ਮਸ਼ੀਨਰੀ ਮੁਹਈਆ ਕਰਵਾਉਣ ਲਈ ਪੰਜਾਬ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੇ ਕਿਸਾਨਾਂ, ਸਹਿਕਾਰੀ ਸਭਾਵਾਂ, ਪੰਚਾਇਤਾਂ ਅਤੇ ਕਸਟਮ ਹਾਇਰਿੰਗ ਸੈਂਟਰਾਂ (ਸੀ.ਐਸ.ਸੀ.) ਨੂੰ ਹੁਣ ਤਕ 31,970 ਖੇਤੀ ਮਸ਼ੀਨਾਂ/ਉਪਕਰਨ ਸਬਸਿਡੀ ਉਤੇ ਖ਼ਰੀਦਣ ਦੀ ਮਨਜ਼ੂਰੀ ਦੇ ਦਿਤੀ ਹੈ | ਅੱਜ ਇਥੇ ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਕਿਹਾ ਕਿ ਸਹਿਕਾਰੀ ਸਭਾਵਾਂ, ਪੰਚਾਇਤਾਂ, ਕਿਸਾਨ ਸੁਸਾਇਟੀਆਂ ਤਹਿਤ ਰਜਿਸਟਰਡ ਕਸਟਮ ਹਾਇਰਿੰਗ ਸੈਂਟਰਾਂ ਅਤੇ ਕਿਸਾਨਾਂ ਪਾਸੋਂ ਪ੍ਰਾਪਤ ਹੋਈਆਂ 10297 ਅਰਜ਼ੀਆਂ ਨੂੰ ਪ੍ਰਵਾਨਗੀ
ਦਿਤੀ ਜਾ ਚੁੱਕੀ ਹੈ ਤਾਂ ਕਿ ਝੋਨੇ ਦੀ
ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਸਬੰਧਤ ਖੇਤੀ ਮਸ਼ੀਨਾਂ ਦੀ ਖ਼ਰੀਦ ਕੀਤੀ ਜਾ ਸਕੇ |
ਉਨ੍ਹਾਂ ਅੱਗੇ ਕਿਹਾ ਕਿ ਖੇਤੀ ਮਸ਼ੀਨਾਂ ਦੀ ਖ਼ਰੀਦ ਲਈ ਵਿਭਾਗ ਵਲੋਂ ਪੰਜ ਪੜਾਵਾਂ ਵਿਚ ਜਾਰੀ ਕੀਤੀਆਂ ਪ੍ਰਵਾਨਗੀਆਂ ਦੇ ਮੁਤਾਬਕ ਵਿਅਕਤੀਗਤ ਤੌਰ ਉਤੇ ਕਿਸਾਨਾਂ ਨੂੰ 10023
ਮਸ਼ੀਨਾਂ, ਕਸਟਮ ਹਾਇਰਿੰਗ ਸੈਂਟਰਾਂ ਲਈ 15498 ਮਸ਼ੀਨਾਂ, ਪੰਚਾਇਤਾਂ ਲਈ 5543, ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਲਈ 906 ਮਸ਼ੀਨਾਂ ਖ਼ਰੀਦਣ ਦੀ ਪ੍ਰਵਾਨਗੀ ਦੇ ਦਿਤੀ ਗਈ ਹੈ ਜਿਸ ਨਾਲ ਹੁਣ ਤਕ 31970 ਮਸ਼ੀਨਾਂ ਨੂੰ ਮਨਜ਼ੂਰੀ ਮਿਲ ਚੁੱਕੀ ਹੈ |
ਸਿੱਧੂ ਨੇ ਖੇਤੀ ਮਸ਼ੀਨਰੀ ਖ਼ਰੀਦਣ ਲਈ ਪ੍ਰਵਾਨਗੀਆਂ ਹਾਸਲ ਕਰ ਚੁੱਕੇ ਬਿਨੈਕਾਰਾਂ ਨੂੰ ਛੇਤੀ ਤੋਂ ਛੇਤੀ ਮਸ਼ੀਨਾਂ ਖ਼ਰੀਦਣ ਦੀ ਅਪੀਲ ਕੀਤੀ ਹੈ | ਉਨ੍ਹਾਂ ਕਿਹਾ ਕਿ ਬੀਤੇ ਤਿੰਨ ਸਾਲਾਂ ਵਿਚ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਨੂੰ ਸਬਸਿਡੀ ਉਤੇ 76000 ਮਸ਼ੀਨਾਂ ਦਿਤੀਆਂ ਗਈਆਂ ਸਨ | ਕਿਸਾਨਾਂ ਨੂੰ ਲੋੜੀਂਦੀ ਮਸ਼ੀਨਰੀ ਸਪਲਾਈ ਕਰਨ ਦੇ ਸਬੰਧ ਵਿਚ ਵਿਭਾਗ ਨੇ ਝੋਨੇ ਦੀ ਵਾਢੀ ਦੇ ਸੀਜ਼ਨ ਤੋਂ ਪਹਿਲਾਂ ਇਨ੍ਹਾਂ ਖੇਤੀ ਸੰਦਾਂ ਦੀ ਵੰਡ ਦਾ ਕਾਰਜ ਮੁਕੰਮਲ ਕਰਨ ਲਈ ਪੂਰੀ ਤਿਆਰੀ ਕਰ ਲਈ ਹੈ |