
ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਿੰਚਾਈ ਵਿਭਾਗ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਕਰੇਗੀ।
ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਲਗਾਤਾਰ ਪਿਛਲੀਆਂ ਸਰਕਾਰਾਂ ਦੌਰਾਨ ਹੋਏ ਘੁਟਾਲਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਹੁਣ ਪੰਜਾਬ ਸਰਕਾਰ ਨੇ ਸਿੰਚਾਈ ਘੁਟਾਲੇ ਨੂੰ ਲੈ ਕੇ ਵੱਡਾ ਫੈਸਲਾ ਲਿਆ ਹੈ। ਦਰਅਸਲ ਅਕਾਲੀ ਭਾਜਪਾ ਸਰਕਾਰ ਦੇ ਸਮੇਂ ਸਿੰਚਾਈ ਵਿਭਾਗ ਵਿਚ ਹੋਏ ਕਰੋੜਾਂ ਰੁਪਏ ਦੇ ਘਪਲੇ ਦੀ ਜਾਂਚ ਹੁਣ ਵਿਜੀਲੈਂਸ ਬਿਊਰੋ ਕਰੇਗੀ।
ਜਾਣਕਾਰੀ ਅਨੁਸਾਰ ਵਿਜੀਲੈਂਸ ਇਸ ਸਬੰਧੀ ਸੇਵਾਮੁਕਤ ਉੱਚ ਅਧਿਕਾਰੀਆਂ ਅਤੇ ਕਈ ਆਗੂਆਂ ਤੋਂ ਪੁੱਛਗਿੱਛ ਕਰ ਸਕਦੀ ਹੈ। ਸੀਐਮ ਮਾਨ ਨੇ ਘੁਟਾਲੇ ਦੀ ਜਾਂਚ ਨੂੰ ਪ੍ਰਵਾਨਗੀ ਦਿੱਤੀ ਹੈ, ਮੁੱਖ ਮੰਤਰੀ ਦਫ਼ਤਰ ਦੇ ਸੂਤਰਾਂ ਨੇ ਇਸ ਦੀ ਪੁਸ਼ਟੀ ਕੀਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਜੂਨ ’ਚ ਪੰਜਾਬ ਵਿਜੀਲੈਂਸ ਬਿਊਰੋ ਨੇ ਅਕਾਲੀ-ਭਾਜਪਾ ਸਰਕਾਰ ਸਮੇਂ ਸਿੰਚਾਈ ਵਿਭਾਗ ਵਿਚ ਹੋਏ ਘੁਟਾਲੇ ਵਿਚ ਜਾਂਚ ਕਰਦਿਆਂ ਸੂਬੇ ਦੇ ਤਿੰਨ ਸੇਵਾਮੁਕਤ ਆਈਏਐਸ ਅਫ਼ਸਰਾਂ ਖਿਲਾਫ਼ ਕਾਰਵਾਈ ਲਈ ਸਰਕਾਰ ਤੋਂ ਮਨਜ਼ੂਰੀ ਮੰਗੀ ਸੀ। ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 17ਏ ਤਹਿਤ ਸਮਰੱਥ ਅਥਾਰਟੀ ਤੋਂ ਕਾਰਵਾਈ ਦੀ ਪ੍ਰਵਾਨਗੀ ਲਈ ਪੱਤਰ ਲਿਖਿਆ ਹੈ।
ਵਿਜੀਲੈਂਸ ਸੂਤਰਾਂ ਮੁਤਾਬਕ ਘੁਟਾਲੇ ਦੇ ਮੁੱਖ ਦੋਸ਼ੀ ਵਜੋਂ ਨਾਮਜ਼ਦ ਕੀਤੇ ਗਏ ਗੁਰਿੰਦਰ ਸਿੰਘ ਨੇ ਬਿਆਨ ਦਰਜ ਕਰਵਾਇਆ ਸੀ। ਬਿਆਨ ਮੁਤਾਬਕ ਤਿੰਨ ਸੇਵਾਮੁਕਤ ਆਈਏਐਸ ਅਧਿਕਾਰੀਆਂ, ਦੋ ਸਾਬਕਾ ਮੰਤਰੀਆਂ ਅਤੇ ਦੋਵੇਂ ਮੰਤਰੀਆਂ ਦੇ ਨਿੱਜੀ ਸਹਾਇਕਾਂ ਨੇ ਮੋਟੀਆਂ ਰਕਮਾਂ ਹਾਸਲ ਕੀਤੀਆਂ ਸਨ। ਬਿਊੁਰੋ ਨੇ ਇਹ ਬਿਆਨ 17 ਅਗਸਤ 2017 ਨੂੰ ਦਰਜ ਕੀਤੇ ਗਏ ਮਾਮਲੇ ਵਿਚ ਲਏ ਸਨ।