CM ਵਲੋਂ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕਰਨ ਦਾ ਐਲਾਨ; ਕੀਤਾ ਜਾਵੇਗਾ ਸਰਬਪੱਖੀ ਵਿਕਾਸ
Published : Sep 15, 2023, 8:43 pm IST
Updated : Sep 15, 2023, 8:43 pm IST
SHARE ARTICLE
Chief Minister Bhagwant Mann
Chief Minister Bhagwant Mann

ਉਦਮੀਆਂ ਲਈ ਉਨ੍ਹਾਂ ਦੇ ਉਦਯੋਗਿਕ ਪਲਾਟਾਂ 'ਤੇ ਉਸਾਰੀ ਦਾ ਸਮਾਂ ਇਕ ਸਾਲ ਵਧਾਇਆ

 

ਐਸ.ਏ.ਐਸ.ਨਗਰ (ਮੁਹਾਲੀ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਮੁਹਾਲੀ ਨੂੰ ਸੂਬੇ ਦੇ ਹੱਬ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਉਦਯੋਗਾਂ ਦੀ ਸਹੂਲਤ ਲਈ ਇਸ ਸ਼ਹਿਰ ਦੇ ਵਿਗਿਆਨਕ ਲੀਹਾਂ 'ਤੇ ਵਿਕਾਸ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।ਅੱਜ ਇੱਥੇ ਸਰਕਾਰ-ਸਨਅਤਕਾਰ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ ਤਾਂ ਜੋ ਇੱਥੇ ਵੱਧ ਤੋਂ ਵੱਧ ਨਿਵੇਸ਼ ਲਿਆਂਦਾ ਜਾ ਸਕੇ। ਉਨ੍ਹਾਂ ਕਿਹਾ ਕਿ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਮੁਹਾਲੀ ਸ਼ਹਿਰ ਵਿੱਚ ਸੂਬੇ ਦੇ ਉਦਯੋਗਿਕ ਧੁਰੇ ਵਜੋਂ ਵਿਕਸਤ ਹੋਣ ਦੀ ਵੱਡੀ ਸੰਭਾਵਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇੱਕ ਵਾਰ ਅਤਿ ਆਧੁਨਿਕ ਲੀਹਾਂ ’ਤੇ ਵਿਕਾਸ ਹੋਣ ਨਾਲ ਮੁਹਾਲੀ ਸ਼ਹਿਰ ਸੂਬੇ ਦੀ ਅਗਵਾਈ ਕਰੇਗਾ ਅਤੇ ਵਿਕਾਸ ਦੇ ਇਸ ਮਾਡਲ ਨੂੰ ਪੰਜਾਬ ਦੇ ਹੋਰਨਾਂ ਹਿੱਸਿਆਂ ਵਿੱਚ ਵੀ ਦੁਹਰਾਇਆ ਜਾਵੇਗਾ।

 

ਉਦਯੋਗਿਕ ਪਲਾਟਾਂ 'ਤੇ ਉਸਾਰੀ ਲਈ ਇੱਕ ਸਾਲ ਦਾ ਵਾਧਾ

ਉਦਯੋਗਪਤੀਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਉੱਦਮੀਆਂ ਨੂੰ ਉਨ੍ਹਾਂ ਦੇ ਉਦਯੋਗਿਕ ਪਲਾਟਾਂ 'ਤੇ ਉਸਾਰੀ ਲਈ ਇੱਕ ਸਾਲ ਦਾ ਵਾਧਾ ਦੇਣ ਦਾ ਐਲਾਨ ਵੀ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਉਦਯੋਗਪਤੀਆਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਹਮਦਰਦੀ ਨਾਲ ਵਿਚਾਰਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ-ਸਨਅਤਕਾਰ ਮਿਲਣੀ ਦਾ ਉਦੇਸ਼ ਉਦਯੋਗ ਜਗਤ ਦੇ ਆਗੂਆਂ ਨਾਲ ਸਿੱਧੀ ਗੱਲਬਾਤ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਉਨ੍ਹਾਂ ਦੀਆਂ ਜ਼ਰੂਰਤਾਂ ਨੂੰ ਸਮਝ ਕੇ ਉਸ ਅਨੁਸਾਰ ਕੰਮ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੀਆਂ ਸਰਕਾਰਾਂ ਦੌਰਾਨ ਪ੍ਰਚਲਤ ਲਾਲ ਫੀਤਾਸ਼ਾਹੀ ਦੀ ਕਵਾਇਦ ਨੂੰ ਸਨਅਤਕਾਰਾਂ ਲਈ ਰੈੱਡ ਕਾਰਪੇਟ ਵਿੱਚ ਬਦਲ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਉਦਯੋਗਪਤੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਸਮਰਪਿਤ ਸਿੰਗਲ ਵਿੰਡੋ ਪ੍ਰਣਾਲੀ ਸ਼ੁਰੂ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਇਸ ਦਿਸ਼ਾ ਵਿੱਚ ਅੱਗੇ ਵਧਦੇ ਹੋਏ ਸੂਬਾ ਸਰਕਾਰ ਹੁਣ ਨਵੀਆਂ ਸਨਅਤੀ ਇਕਾਈਆਂ ਲਈ ‘ਡੀਮਡ ਅਪਰੂਵਲਜ਼’ ਜਾਰੀ ਕਰੇਗੀ।

ਸੂਬੇ ਭਰ ਦੇ ਫੋਕਲ ਪੁਆਇੰਟਾਂ ਨੂੰ ਮਾਡਲ ਉਦਯੋਗਿਕ ਹੱਬ ਵਜੋਂ ਵਿਕਸਤ ਕਰਨ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਇਸ ਮੰਤਵ ਲਈ ਪਹਿਲਾਂ ਹੀ ਰਾਹ ਪੱਧਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਚਾਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਇੱਕ ਅਜਿਹੇ ਨੌਜਵਾਨ ਦੀ ਉਦਾਹਰਨ ਵੀ ਦਿੱਤੀ ਜਿਸ ਨੇ ਆਸਟ੍ਰੇਲੀਆ ਤੋਂ ਭਾਰਤ ਵਾਪਸ ਆ ਕੇ ਇੱਕ ਰੈਸਟੋਰੈਂਟ ਸ਼ੁਰੂ ਕੀਤਾ ਅਤੇ ਸਖ਼ਤ ਮਿਹਨਤ ਅਤੇ ਲਗਨ ਨਾਲ ਆਪਣੇ ਕਾਰੋਬਾਰ ਨੂੰ ਸਫ਼ਲਤਾ ਦੀਆਂ ਬੁਲੰਦੀਆਂ ‘ਤੇ ਪਹੁੰਚਾਇਆ।

ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ

ਮੁੱਖ ਮੰਤਰੀ ਨੇ ਉਦਯੋਗਪਤੀਆਂ ਨੂੰ ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਕਿਉਂਕਿ ਮੌਜੂਦਾ ਸਮੇਂ ਪੰਜਾਬ ਵਿਸ਼ਵ ਭਰ ਦੇ ਨਿਵੇਸ਼ ਲਈ ਸਭ ਤੋਂ ਪਸੰਦੀਦਾ ਸਥਾਨਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਨੌਜਵਾਨਾਂ ਦੇ ਹੱਥਾਂ ਵਿੱਚ ਨਸ਼ਿਆਂ ਦੀ ਥਾਂ ਟਿਫ਼ਨ ਦੇਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਤਾਂ ਹੀ ਸੰਭਵ ਹੈ ਜਦੋਂ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾਣ ਜਿਸ ਲਈ ਵੱਡੇ ਪੱਧਰ 'ਤੇ ਉਦਯੋਗੀਕਰਨ ਲੋੜੀਂਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਵੱਧ ਤੋਂ ਵੱਧ ਉਦਯੋਗਿਕ ਇਕਾਈਆਂ ਨੂੰ ਮਨਜ਼ੂਰੀ ਦੇਣ ਲਈ ਤਿਆਰ ਹਨ ਪਰ ਉਦਯੋਗਪਤੀ ਵੀ ਉਨ੍ਹਾਂ ਨਾਲ ਵਾਅਦਾ ਕਰਨ ਕਿ ਉਹ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੇ ਹੁਣ ਤੱਕ 50871 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਕੀਤਾ ਹੈ ਜਿਸ ਨਾਲ ਨੌਜਵਾਨਾਂ ਲਈ 2.86 ਲੱਖ ਨੌਕਰੀਆਂ ਪੈਦਾ ਹੋਣਗੀਆਂ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਪ੍ਰਾਪਤ ਕੀਤਾ ਜਾਵੇਗਾ।

ਸੂਬੇ ਵਿੱਚ ਗ੍ਰੀਨ ਸਟੈਂਪ ਪੇਪਰ ਦੀ ਸ਼ੁਰੂਆਤ ਨੂੰ ਅਹਿਮ ਪ੍ਰਾਪਤੀ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਉਪਰਾਲੇ ਨਾਲ ਸਕਾਰਾਤਮਕ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਨਾਲ ਉਦਯੋਗਾਂ ਦਾ ਬੋਝ ਵੀ ਘੱਟ ਹੋਇਆ ਹੈ ਜਿਸ ਨਾਲ ਉਨ੍ਹਾਂ ਦੀ ਊਰਜਾ, ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿੱਚ ਆਉਣ ਉਪਰੰਤ ਪੰਜਾਬ ਵਿੱਚ ਸਿਰਜੇ ਸਾਜ਼ਗਾਰ ਮਾਹੌਲ ਨੇ ਵੱਡੀ ਗਿਣਤੀ ਵਿੱਚ ਨਿਵੇਸ਼ ਆਕਰਸ਼ਿਤ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਅੱਜ ਦੇਸ਼ ਦਾ ਸਭ ਤੋਂ ਸ਼ਾਂਤ ਸੂਬਾ ਹੈ ਜਿਸ ਕਾਰਨ ਵੱਡੀ ਗਿਣਤੀ ਵਿੱਚ ਨਿਵੇਸ਼ਕ ਇਥੇ ਨਿਵੇਸ਼ ਕਰਨਾ ਚਾਹੁੰਦੇ ਹਨ।

ਫੋਕਲ ਪੁਆਇੰਟਾਂ ਲਈ 14 ਨਵੀਆਂ ਪੁਲਿਸ ਪੋਸਟਾਂ ਸਥਾਪਤ ਕਰਨ ਦਾ ਐਲਾਨ

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਸੂਬਾ ਸਰਕਾਰ ਨੇ ਆਪਣੇ ਕਾਰਜਕਾਲ ਦੇ ਮਹਿਜ਼ 18 ਮਹੀਨਿਆਂ ਵਿੱਚ ਹੀ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਕੂਲ ਆਫ਼ ਐਮੀਨੈਂਸ ਅਤੇ ਹੋਰਨਾਂ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਜਿਹੜੇ ਵਾਅਦੇ ਲੋਕਾਂ ਨਾਲ ਨਹੀਂ ਵੀ ਕੀਤੇ ਗਏ ਸਨ, ਉਨ੍ਹਾਂ ਨੂੰ ਵੀ ਪੂਰਾ ਕਰ ਦਿੱਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ।

ਮੁੱਖ ਮੰਤਰੀ ਨੇ ਉੱਦਮੀਆਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਲਈ ਸੂਬੇ ਭਰ ਦੇ ਫੋਕਲ ਪੁਆਇੰਟਾਂ ਲਈ 14 ਨਵੀਆਂ ਪੁਲਿਸ ਪੋਸਟਾਂ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੌਮੀ ਮਾਰਗਾਂ 'ਤੇ ਹਾਦਸਿਆਂ ਕਾਰਨ ਹੋ ਰਹੀਆਂ ਮੌਤਾਂ ਨੂੰ ਰੋਕਣ ਲਈ ਪਹਿਲਾਂ ਹੀ ਸੜਕ ਸੁਰੱਖਿਆ ਫੋਰਸ ਲਾਂਚ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਸੂਬੇ ਦੇ ਸਰਵਪੱਖੀ ਵਿਕਾਸ ਅਤੇ ਲੋਕਾਂ ਦੀ ਪ੍ਰਗਤੀ ਨੂੰ ਯਕੀਨੀ ਬਣਾਉਣ ਸਬੰਧੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਉਦਯੋਗਪਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਅਤੇ ਮੌਕੇ 'ਤੇ ਹੀ ਅਧਿਕਾਰੀਆਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਅਸੀਂ ਪ੍ਰਸ਼ਾਸਨ ਵਿੱਚ ਉਦਯੋਗਪਤੀਆਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ। ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੀ.ਐਚ.ਡੀ ਚੈਂਬਰਜ਼ ਦੀ ਕਿਤਾਬ ਦੀ ਘੁੰਡ ਚੁਕਾਈ ਕੀਤੀ।

ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਧੰਨਵਾਦ ਦੇ ਸ਼ਬਦ ਬੋਲਦਿਆਂ ਦੋਵੇਂ ਮੁੱਖ ਮੰਤਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਇਨਕਲਾਬੀ ਤੇ ਦੂਰਅੰਦੇਸ਼ੀ ਸੋਚ ਵਾਲੇ ਆਗੂ ਦੱਸਿਆ। ਮੁੱਖ ਸਕੱਤਰ ਅਨੁਰਾਗ ਵਰਮਾ ਨੇ ਸੂਬੇ ਦੀ ਉਦਯੋਗ ਅਤੇ ਵਪਾਰ ਨੀਤੀ ਦੀਆਂ ਵੱਖ-ਵੱਖ ਵਿਸ਼ੇਸ਼ਤਾਵਾਂ ਬਾਰੇ ਗੱਲ ਕੀਤੀ। ਇਸ ਮੌਕੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਅਤੇ ਅਮਨ ਅਰੋੜਾ, ਸੰਸਦ ਮੈਂਬਰ ਰਾਘਵ ਚੱਢਾ, ਵਿਕਰਮਜੀਤ ਸਾਹਨੀ ਅਤੇ ਅਸ਼ੋਕ ਮਿੱਤਲ, ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਹਾਜ਼ਰ ਸਨ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 13/07/2025

13 Jul 2025 9:00 PM

ਖੇਡਾਂ ਬਦਲਣਗੀਆਂ ਪੰਜਾਬ ਦਾ ਭਵਿੱਖ, ਕਿਵੇਂ ਖ਼ਤਮ ਹੋਵੇਗਾ ਨਸ਼ਾ ?

13 Jul 2025 8:56 PM

Chandigarh police slapped a Sikh youth | Police remove Sikh turban | Chandigarh police Latest News

12 Jul 2025 5:52 PM

Batala Conductor Woman Clash : Batala 'ਚ Conductor ਨਾਲ਼ ਤੂੰ ਤੂੰ ਮੈਂ ਮੈਂ ਮਗਰੋਂ ਔਰਤ ਹੋਈ ਬੇਹੋਸ਼

12 Jul 2025 5:52 PM

Harpal Cheema VS Partap Bajwa : ਪ੍ਰਤਾਪ ਬਾਜਵਾ ਤੇ ਹਰਪਾਲ ਚੀਮਾ ਦੀ ਹੋ ਗਈ ਬਹਿਸ ਤੁਸੀ ਗੈਂਗਸਟਰ ਪਾਲੇ ਆ

11 Jul 2025 12:17 PM
Advertisement