
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਆਿਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ...
ਚੰਡੀਗੜ੍ਹ (ਸਸਸ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਅੰਦੋਲਨ ਕਰ ਰਹੇ ਅਧਆਿਪਕਾਂ ਅਤੇ ਹੋਰ ਐਡਹਾਕ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਦੀਆਂ ਕੋਸਿਸ਼ਾਂ ਕਰ ਰਹੀ ਹੈ ਅਤੇ ਇਸ ਸਬੰਧੀ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੌਰਾਨ ਹੱਲ ਕੱਢਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੁੱਖ ਮੰਤਰੀ ਨੇ ਦੱਸਿਆ ਕਿ ਭਾਵੇਂ ਇਨ੍ਹਾਂ ਨੂੰ ਭੂਗਤਾਨ ਕਰਨ ਵਾਸਤੇ ਸਰਕਾਰ ਕੋਲ ਪੈਸਾ ਨਹੀਂ ਹੈ ਪਰ ਫਿਰ ਵੀ ਸਰਕਾਰ ਅਧਿਆਪਕਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਵਾਚ ਰਹੀ ਹੈ ਅਤੇ ਇਨ੍ਹਾਂ ਦੇ ਹੱਲ ਲਈ ਆਪਣੀਆਂ ਬਿਹਤਰ ਕੋਸਿਸ਼ਾਂ ਕਰ ਰਹੀ ਹੈ।
ਮੁੱਖ ਮੰਤਰੀ ਨੇ ਦੱਸਿਆ ਕਿ ਅਧਿਆਪਕਾਂ ਸਣੇ ਤਕਰੀਬਨ ੪੦ ਹਜ਼ਾਰ ਮੁਲਾਜ਼ਮ ਹਨ ਜਿਨ੍ਹਾਂ ਨੂੰ ਰੈਗੂਲਰ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਨੇ ਅਧਿਆਪਕਾਂ ਨਾਲ ਗੱਲਬਾਤ ਕੀਤੀ ਅਤੇ ਅਧਿਆਪਕਾਂ ਨੂੰ ਇਹ ਛੋਟ ਦਿਤੀ ਗਈ ਸੀ ਕਿ ਉਹ ਜਾਂ ਤਾਂ ਲਗਾਤਾਰ ਠੇਕੇ ਦੇ ਆਧਾਰ ‘ਤੇ ਰਹਿ ਸਕਦੇ ਹਨ ਜਾਂ ਰੈਗੂਲਰ ਹੋਣ ਤੋਂ ਪਹਿਲਾਂ ਤਿੰਨ ਸਾਲ ਲਈ ੧੫ ਹਜ਼ਾਰ ਰੁਪਏ ਦੀ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਦਰਪੇਸ਼ ਵਿੱਤੀ ਸੰਕਟ ਦੇ ਮੱਦੇਨਜ਼ਰ ਉਨ੍ਹਾਂ ਕੋਲ ਇਹ ਰਸਤਾ ਹੈ
ਕਿ ਉਹ ਜਾਂ ਤਾਂ ਇਸ ਸਮੇਂ ਲਗਾਤਾਰ ਐਡਹਾਕ ਦੇ ਆਧਾਰ ‘ਤੇ ਕੰਮ ਕਰ ਸਕਦੇ ਹਨ ਜਾਂ ਮੁੱਢਲੀ ਤਨਖ਼ਾਹ ‘ਤੇ ਜੁਆਇਨ ਕਰ ਸਕਦੇ ਹਨ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਧਿਆਪਕਾਂ ਨਾਲ ਪੂਰੀ ਹਮਦਰਦੀ ਹੈ ਪਰ ਪਿਛਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਕੋਲੋਂ ਉਨ੍ਹਾਂ ਦੀ ਸਰਕਾਰ ਨੂੰ ਵਿਰਾਸਤ ਵਿੱਚ ਮਿਲੇ ਵਿੱਤੀ ਸੰਕਟ ਦੇ ਕਾਰਨ ਉਨ੍ਹਾਂ ਦੇ ਹੱਥ ਬੱਝੇ ਹੋਏ ਹਨ।