
ਵਿਦਿਆਰਥੀ 18 ਅਕਤੂਬਰ ਨੂੰ ਕੱਢਣਗੇ ਜਾਗਰੂਕ ਮਾਰਚ
ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਝੋਨੇ ਦੀ ਪਰਾਲੀ ਨਾ ਸਾੜਨ ਵਿਰੁਧ ਵਿੱਢੀ ਮੁਹਿੰਮ 'ਚ ਹੁਣ ਪੰਜਾਬ ਦੇ ਸਕੂਲੀ ਬੱਚੇ ਵੀ ਆਪਣਾ ਯੋਗਦਾਨ ਪਾਉਣਗੇ। ਪੇਂਡੂ ਖੇਤਰ ਵਿਚ ਪੈਂਦੇ ਸੂਬੇ ਦੇ ਸਮੂਹ ਪ੍ਰਾਇਮਰੀ, ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀ 18 ਅਕਤੂਬਰ ਨੂੰ ਆਪੋ-ਆਪਣੇ ਖੇਤਰਾਂ ਦੇ ਪਿੰਡਾਂ ਵਿਚ ਸਵੇਰੇ 9 ਤੋਂ 10 ਵਜੇ ਤੱਕ ਜਾਗਰੂਕਤਾ ਰੈਲੀਆਂ ਰਾਹੀਂ ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਤੋਂ ਜਾਣੂੰ ਕਰਵਾਉਣਗੇ।
Stubble burning
ਇਸ ਬਾਰੇ ਖੇਤੀਬਾੜੀ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦਸਿਆ ਕਿ ਮੁੱਖ ਮੰਤਰੀ ਪੰਜਾਬ ਵਲੋਂ ਬੀਤੇ ਦਿਨ ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ਸੀ ਜਿਸ ਵਿਚ ਉਨ੍ਹਾਂ ਪਰਾਲੀ ਨਾ ਸਾੜਨ ਵਾਲੇ ਕਿਸਾਨਾਂ ਦੇ ਸੁਝਾਅ ਸੁਣੇ। ਇਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਕਿ ਪਰਾਲੀ ਨਾ ਸਾੜਨ ਦੀ ਮੁਹਿੰਮ ਨੂੰ ਪੂਰਨ ਸਫਲ ਬਣਾਉਣ ਲਈ ਜਾਗਰੂਕਤਾ ਸਭ ਤੋਂ ਅਹਿਮ ਹਥਿਆਰ ਹੈ ਜਿਸ ਲਈ ਸਕੂਲੀ ਬੱਚੇ ਸਭ ਤੋਂ ਕਾਰਗਾਰ ਸਾਬਤ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਵਲੋਂ ਸੂਬੇ ਦੇ ਸਕੂਲ ਸਿੱਖਿਆ ਦੇ ਸਕੱਤਰ, ਸਮੂਹ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਲਿਖ ਕੇ 18 ਅਕਤੂਬਰ ਨੂੰ ਕੱਢੀਆਂ ਜਾਣ ਵਾਲੀਆਂ ਰੈਲੀਆਂ ਲਈ ਪਰਾਲੀ ਨਾ ਸਾੜਨ ਦੇ ਮਾੜੇ ਪ੍ਰਭਾਵ ਬਾਰੇ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ।
Stubble Burning
ਸਰਕਾਰ ਵਲੋਂ ਡਿਪਟੀ ਕਮਿਸ਼ਨਰਾਂ ਤੇ ਸਕੂਲ ਸਿੱਖਿਆ ਵਿਭਾਗ ਰਾਹੀਂ ਪਰਾਲੀ ਨਾ ਸਾੜਨ ਦੇ ਸਲੋਗਨ ਵੀ ਸਕੂਲਾਂ ਨੂੰ ਮੁਹੱਈਆ ਕਰਵਾਏ ਗਏ ਹਨ। ਇਸ ਦੇ ਨਾਲ ਹੀ ਪਰਾਲੀ ਸਾੜਨ ਨਾਲ ਹੁੰਦੇ ਧਰਤੀ ਦੇ ਖੁਰਾਕੀ ਤੱਤਾਂ ਦੇ ਨੁਕਸਾਨ ਅਤੇ ਵਾਤਾਵਰਣ ਵਿਚ ਫ਼ੈਲਦੀਆਂ ਗੰਧਲੀਆਂ ਗੈਸਾਂ ਬਾਰੇ ਵੀ ਜਾਣਕਾਰੀ ਮੁਹੱਈਆ ਕਰਵਾਈ ਗਈ ਹੈ। ਪੰਨੂੰ ਨੇ ਦਸਿਆ ਕਿ ਸੂਬਾ ਸਰਕਾਰ ਵਲੋਂ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਤੋਂ ਰੋਕਣ ਲਈ ਬਹੁਤ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਵਿਚ ਕਿਸਾਨਾਂ ਨੂੰ ਸਬਸਿਡੀ 'ਤੇ ਮਸ਼ੀਨਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਪਰਾਲੀ ਸਾੜਣ ਨਾਲ ਵਾਤਾਵਰਨ 'ਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ।
Stubble Burning
ਉਨ੍ਹਾਂ ਕਿਹਾ ਕਿ ਨਵਬੰਰ ਮਹੀਨੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ 'ਤੇ ਮਨਾਇਆ ਜਾ ਰਿਹਾ ਹੈ। ਗੁਰੂ ਸਾਹਿਬ ਵੱਲੋਂ ਪੌਣ, ਪਾਣੀ ਅਤੇ ਧਰਤੀ ਨੂੰ ਸਾਫ ਰੱਖਣ ਦੇ ਦਿੱਤੇ ਸੰਦੇਸ਼ ਨੂੰ ਅਮਲੀ ਰੂਮ ਵਿਚ ਲਾਗੂ ਕਰਨ ਲਈ ਸਕੂਲ ਵਿਦਿਆਰਥੀ ਅਹਿਮ ਰੋਲ ਨਿਭਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਕੂਲਾਂ ਵਿਚ 60 ਲੱਖ ਦੇ ਕਰੀਬ ਬੱਚੇ ਪੜ੍ਹ ਰਹੇ ਹਨ ਅਤੇ ਪਲੀਤ ਹੁੰਦੇ ਵਾਤਾਵਰਨ ਦਾ ਸਭ ਤੋਂ ਵੱਡਾ ਖਾਮਿਆਜਾ ਇਨ੍ਹਾਂ ਬੱਚਿਆਂ ਅਤੇ ਵਿਦਿਆਰਥੀਆਂ ਨੂੰ ਭੁਗਤਨਾ ਪੈਂਦਾ ਹੈ। ਇਸੇ ਲਈ ਪੇਂਡੂ ਖੇਤਰਾਂ ਦੇ ਸਾਰੇ ਸਕੂਲਾਂ ਦੇ ਬੱਚੇ ਹੁਣ ਖੁਦ ਜਾਗਰੂਕ ਮੁਹਿੰਮ ਦੀ ਕਮਾਨ ਸੰਭਾਲਦੇ ਹੋਏ ਵਾਤਾਵਰਣ ਨੂੰ ਪਲੀਤ ਹੋਣ ਤੋਂ ਰੋਕਣ ਲਈ ਆਪਣੀ ਆਵਾਜ਼ ਬੁਲੰਦ ਕਰਨਗੇ।