
2 ਤਸਕਰ ਗ੍ਰਿਫਤਾਰ, 3 ਭੱਜਣ 'ਚ ਕਾਮਯਾਬ
ਅੰਮ੍ਰਿਤਸਰ: ਪੰਜਾਬ ਵਿੱਚ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਨੇ ਪਾਕਿਸਤਾਨ ਤੋਂ ਹੈਰੋਇਨ ਲਿਆ ਕੇ ਸੂਬੇ ਭਰ ਵਿਚ ਨਸ਼ਿਆਂ ਦਾ ਕਾਰੋਬਾਰ ਕਰਨ ਵਾਲੇ ਇੱਕ ਗਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਕੋਲੋਂ 45 ਕਰੋੜ ਰੁਪਏ ਦੀ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ, ਜਦਕਿ ਤਸਕਰਾਂ ਦੇ ਤਿੰਨ ਮੈਂਬਰਾਂ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਮੁਲਜ਼ਮਾਂ ਖ਼ਿਲਾਫ਼ ਐਨਡੀਪੀਐਸ ਕੇਸ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਇਕ ਨਵੰਬਰ ਨੂੰ ਹੋਣ ਵਾਲੀ ਬਹਿਸ ਤੋਂ ਭੱਜ ਰਹੀਆਂ ਨੇ ਵਿਰੋਧੀ ਪਾਰਟੀਆਂ-ਮੁੱਖ ਮੰਤਰੀ ਨੇ ਕੀਤੀ ਸਖ਼ਤ ਆਲੋਚਨਾ
ਐਸਟੀਐਫ ਨੂੰ ਸਰਹੱਦ ਪਾਰ ਤੋਂ ਹੈਰੋਇਨ ਦੀ ਇੱਕ ਖੇਪ ਆਉਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵਿਸ਼ੇਸ਼ ਯੋਜਨਾ ਬਣਾ ਕੇ ਕਾਰਵਾਈ ਸ਼ੁਰੂ ਕਰ ਦਿਤੀ ਗਈ। ਪੁਲਿਸ ਨੇ ਅੰਮ੍ਰਿਤਸਰ 'ਚ ਭਾਰਤ-ਪਾਕਿਸਤਾਨ ਸਰਹੱਦ 'ਤੇ ਸਥਿਤ ਘਰਿੰਡਾ ਪੁਲਿਸ ਸਟੇਸ਼ਨ ਅਧੀਨ ਪੈਂਦੇ ਪਿੰਡ ਅਟਲਗੜ੍ਹ ਦੇ ਰਹਿਣ ਵਾਲੇ ਲਵਜੀਤ ਸਿੰਘ ਅਤੇ ਪਿੰਡ ਕਾਉਂਕੇ ਦੇ ਰਹਿਣ ਵਾਲੇ ਨਿਸ਼ਾਨ ਸਿੰਘ ਉਰਫ ਬਾਊ ਨੂੰ ਗ੍ਰਿਫਤਾਰ ਕੀਤਾ ਹੈ। ਦੋਵਾਂ ਨੂੰ ਸਰਹੱਦੀ ਪਿੰਡ ਡਾਂਡੇ ਤੋਂ ਕਾਬੂ ਕੀਤਾ ਗਿਆ, ਜਦੋਂ ਕਿ ਇਨ੍ਹਾਂ ਦੇ ਤਿੰਨ ਸਾਥੀ ਭੱਜਣ ਵਿੱਚ ਕਾਮਯਾਬ ਹੋ ਗਏ। ਪੁਲਿਸ ਮੁਲਜ਼ਮਾਂ ਦੇ ਘਰਾਂ ਅਤੇ ਰਿਸ਼ਤੇਦਾਰਾਂ ਦੇ ਘਰਾਂ ’ਤੇ ਛਾਪੇ ਮਾਰ ਰਹੀ ਹੈ, ਤਾਂ ਜੋ ਹੋਰ ਸਾਥੀਆਂ ਨੂੰ ਵੀ ਜਲਦੀ ਗ੍ਰਿਫ਼ਤਾਰ ਕੀਤਾ ਜਾ ਸਕੇ।
ਇਹ ਵੀ ਪੜ੍ਹੋ: ਝੋਨੇ ਦੀ ਪਰਾਲੀ ਤੋਂ ਲੱਖਾਂ ਰੁਪਏ ਕਮਾ ਰਿਹੈ ਮਾਲੇਰਕੋਟਲਾ ਦਾ ਕਿਸਾਨ
ਸ਼ੁਰੂਆਤੀ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਤਸਕਰਾਂ ਦੇ ਸਰਹੱਦ ਪਾਰੋਂ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਸਨ। ਉਹ ਡਰੋਨ ਰਾਹੀਂ ਹੈਰੋਇਨ ਦੀ ਖੇਪ ਮੰਗਵਾ ਰਹੇ ਸਨ। ਫਿਲਹਾਲ ਪੁਲਿਸ ਨੇ ਤਸਕਰਾਂ ਕੋਲੋਂ ਕਰੀਬ 2.50 ਕਿਲੋ ਹੈਰੋਇਨ ਦੀ ਖੇਪ ਬਰਾਮਦ ਕੀਤੀ ਹੈ। ਇਹ ਖੇਪ ਪੰਜਾਬ ਨੂੰ ਹੀ ਨਹੀਂ ਸਗੋਂ ਹੋਰ ਸੂਬਿਆਂ ਨੂੰ ਵੀ ਸਪਲਾਈ ਕੀਤੀ ਜਾਣੀ ਸੀ। ਤਸਕਰਾਂ ਨੂੰ ਇਹ ਖੇਪ ਕਿੱਥੋਂ ਮਿਲ ਰਹੀ ਸੀ ਅਤੇ ਅੱਗੇ ਕਿਸ ਨੂੰ ਵੇਚੀ ਜਾਣੀ ਸੀ, ਇਸ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।