ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜ਼ਿਲ੍ਹਾ ਜਲੰਧਰ ਵਿਖੇ ਤੈਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ...
ਚੰਡੀਗੜ੍ਹ (ਸਸਸ) : ਪੰਜਾਬ ਵਿਜੀਲੈਂਸ ਬਿਊਰੋ ਨੇ ਬਲਾਕ ਲੋਹੀਆਂ, ਜ਼ਿਲ੍ਹਾ ਜਲੰਧਰ ਵਿਖੇ ਤੈਨਾਤ ਬਲਾਕ ਵਿਕਾਸ ਤੇ ਪੰਚਾਇਤ ਅਫਸਰ (ਬੀ.ਡੀ.ਪੀ.ਓ.) ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬੀ.ਡੀ.ਪੀ.ਓ. ਗੁਰਮੀਤ ਸਿੰਘ ਕਾਹਲੋਂ ਨੂੰ ਸ਼ਿਕਾਇਤਕਰਤਾ ਮਨਮੋਹਨ ਸਿੰਘ, (ਸੇਵਾ ਮੁਕਤ) ਪੰਚਾਇਤ ਸਕੱਤਰ ਵਾਸੀ ਨਵਾਂ ਪਿੰਡ ਖਾਲੇਵਾਲ, ਜ਼ਿਲ੍ਹਾ ਜਲੰਧਰ ਦੀ ਸ਼ਿਕਾਇਤ ‘ਤੇ ਵਿਜੀਲੈਂਸ ਬਿਓਰੇ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੱਸਿਆ ਕਿ ਕਿ ਉਸ ਵਲੋਂ ਬਤੌਰ ਪੰਚਾਇਤ ਸਕੱਤਰ ਰਹਿੰਦਿਆਂ ਗ੍ਰਾਮ ਪੰਚਾਇਤ ਨਿਹਾਲੂਵਾਲ ਦੇ ਵਿਕਾਸ ਕਾਰਜਾਂ ਲਈ 16 ਲੱਖ ਰੁਪਏ ਦੀ ਗ੍ਰਾਂਟ ਖਰਚ ਕੀਤੀ ਗਈ ਸੀ। ਇਸ ਗ੍ਰਾਂਟ ਦੀ ਵਰਤੋਂ ਕਰਨ ਉਪਰੰਤ ਵਰਤੋਂ ਸਰਟੀਫਿਕੇਟ ਜਾਰੀ ਕਰਨ ਬਦਲੇ ਉਕਤ ਬੀ.ਡੀ.ਪੀ.ਓ ਨੇ 2 ਫ਼ੀਸਦੀ ਦੇ ਹਿਸਾਬ ਨਾਲ 32 ਹਜ਼ਾਰ ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਹੈ ਅਤੇ ਸੌਦਾ ਤਿੰਨ ਕਿਸ਼ਤਾਂ ਵਿਚ ਦੇਣਾ ਤੈਅ ਹੋਇਆ ਹੈ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਬੀ.ਡੀ.ਪੀ.ਓ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਪਹਿਲੀ ਕਿਸ਼ਤ ਦੇ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਉਸ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਹੈ।