ਸੂਬੇ ਭਰ 'ਚ ਨਸ਼ੀਲੇ ਪਦਾਰਥਾਂ ਅਤੇ ਅਪਰਾਧਾਂ ਦੇ ਹੌਟਸਪੌਟਸ 'ਚ ਸੈਂਕੜੇ ਪੁਲਿਸ ਮੁਲਾਜ਼ਮ, ਡਰੋਨ ਅਤੇ ਸਨੀਫਰ ਡੌਗ ਕੀਤੇ ਤਾਇਨਾਤ
- ਮੁਹਿੰਮ ਦਾ ਉਦੇਸ਼ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੁਲਿਸ ਦੀ ਮੌਜੂਦਗੀ ਨੂੰ ਵਧਾ ਕੇ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣਾ ਅਤੇ ਲੋਕਾਂ ਵਿੱਚ ਵਿਸ਼ਵਾਸ ਦੀ ਭਾਵਨਾ ਪੈਦਾ ਕਰਨਾ: ਡੀਜੀਪੀ ਪੰਜਾਬ
- ਹਰੇਕ ਪੁਲਿਸ ਜ਼ਿਲ੍ਹੇ ਵਿੱਚ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੇ ਇਸ ਵਿਸ਼ੇਸ਼ ਮੁਹਿੰਮ ਦੀ ਨਿੱਜੀ ਤੌਰ 'ਤੇ ਕੀਤੀ ਨਿਗਰਾਨੀ
-ਅਗਲੇ ਤਿੰਨ ਮਹੀਨਿਆਂ ਵਿੱਚ ਸਾਰੇ ਅਸਲਾ ਲਾਇਸੈਂਸ ਧਾਰਕਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਹੋਣ ਤੱਕ ਕੋਈ ਨਵਾਂ ਅਸਲਾ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ: ਡੀ.ਜੀ.ਪੀ. ਗੌਰਵ ਯਾਦਵ
- ਸੂਬੇ ਭਰ ਵਿੱਚ ਨਸ਼ੀਲੇ ਪਦਾਰਥਾਂ ਅਤੇ ਅਪਰਾਧਾਂ ਦੇ ਹੌਟਸਪੌਟਸ ਵਿੱਚ ਸੈਂਕੜੇ ਪੁਲਿਸ ਮੁਲਾਜ਼ਮ, ਡਰੋਨ ਅਤੇ ਸਨੀਫਰ ਡੌਗ ਕੀਤੇ ਤਾਇਨਾਤ
ਚੰਡੀਗੜ੍ਹ/ਲੁਧਿਆਣਾ : ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਦੀ ਅਗਵਾਈ ਹੇਠ ਅੱਜ ਪੂਰੀ ਪੰਜਾਬ ਪੁਲਿਸ ਫੋਰਸ ਨੇ ਸੂਬੇ ਦੇ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਸੀ.ਏ.ਐਸ.ਓ.) ਚਲਾਈ।
ਇਹ ਮੁਹਿੰਮ ਸੂਬੇ ਭਰ ਵਿੱਚ ਇੱਕੋ ਸਮੇਂ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤੱਕ ਚਲਾਈ ਗਈ ਅਤੇ ਪੰਜਾਬ ਪੁਲਿਸ ਹੈੱਡਕੁਆਰਟਰ ਦੇ ਏ.ਡੀ.ਜੀ.ਪੀ./ਆਈ.ਜੀ.ਪੀ. ਰੈਂਕ ਦੇ ਅਧਿਕਾਰੀਆਂ ਨੂੰ ਹਰੇਕ ਪੁਲਿਸ ਜ਼ਿਲ੍ਹੇ ਵਿੱਚ ਨਿੱਜੀ ਤੌਰ 'ਤੇ ਇਸ ਕਾਰਵਾਈ ਦੀ ਨਿਗਰਾਨੀ ਕਰਨ ਲਈ ਤਾਇਨਾਤ ਕੀਤਾ ਗਿਆ ਸੀ।
ਇਸ ਮੁਹਿੰਮ ਦੌਰਾਨ ਲੁਧਿਆਣਾ ਵਿੱਚ ਮੀਡੀਆ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਵੱਡੇ ਪੱਧਰ 'ਤੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦਾ ਮੰਤਵ ਲੋਕਾਂ ਵਿੱਚ ਵਿਸ਼ਵਾਸ ਵਧਾਉਣ ਅਤੇ ਸਮਾਜ ਵਿਰੋਧੀ ਅਨਸਰਾਂ ਦਰਮਿਆਨ ਡਰ ਪੈਦਾ ਕਰਨ ਲਈ ਪੁਲਿਸ ਦੀ ਮੌਜੂਦਗੀ ਨੂੰ ਵਧਾਉਣਾ ਸੀ।
ਡੀ.ਜੀ.ਪੀ. ਵੱਲੋਂ ਲੁਧਿਆਣਾ ਦੇ ਵੱਖ-ਵੱਖ ਖੇਤਰਾਂ ਵਿੱਚ ਏ.ਡੀ.ਜੀ.ਪੀ. ਕਮਿਊਨਿਟੀ ਅਫੇਅਰਜ਼ ਡਿਵੀਜ਼ਨ ਅਤੇ ਵੂਮਨ ਅਫੇਅਰਜ਼ ਗੁਰਪ੍ਰੀਤ ਕੌਰ ਅਤੇ ਲੁਧਿਆਣਾ ਦੇ ਪੁਲਿਸ ਕਮਿਸ਼ਨਰ (ਸੀ.ਪੀ.) ਮਨਦੀਪ ਸਿੰਘ ਸਿੱਧੂ ਦੀ ਅਗਵਾਈ ਵਿੱਚ ਚੱਲ ਰਹੇ ਅਪਰੇਸ਼ਨ ਦੌਰਾਨ ਵਿਅਕਤੀਗਤ ਤੌਰ 'ਤੇ ਅਗਵਾਈ ਕੀਤੀ ਗਈ।
ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਬਲਾਂ ਵੱਲੋਂ ਅੰਕੜਿਆਂ ਦੇ ਵਿਸ਼ਲੇਸ਼ਣ ਰਾਹੀਂ ਨਸ਼ਿਆਂ ਅਤੇ ਅਪਰਾਧਾਂ ਦੇ ਹੌਟਸਪੌਟਸ ਦੀ ਪਛਾਣ ਕਰਨ ਉਪਰੰਤ ਇਹ ਮੁਹਿੰਮ ਚਲਾਈ ਗਈ ਸੀ। ਉਨ੍ਹਾਂ ਕਿਹਾ ਕਿ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਪੁਲਿਸ ਫੋਰਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਘਰਾਂ ਦੀ ਪੂਰੀ ਤਲਾਸ਼ੀ ਲਈ ਗਈ। ਉਨ੍ਹਾਂ ਕਿਹਾ ਕਿ ਇਨ੍ਹਾਂ ਹੌਟਸਪੌਟਸ 'ਤੇ ਡਰੋਨ ਅਤੇ ਸਨਿਫਰ ਡੌਗ ਤਾਇਨਾਤ ਕੀਤੇ ਗਏ ਤਾਂ ਜੋ ਸਖ਼ਤ ਨਿਗਰਾਨੀ ਨੂੰ ਯਕੀਨੀ ਬਣਾਇਆ ਜਾ ਸਕੇ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੰਜਾਬ ਪੁਲਿਸ ਲੋਕਾਂ ਦੀ ਸੇਵਾ ਕਰਨ ਦੀ ਰਵਾਇਤ ਨੂੰ ਬਰਕਰਾਰ ਰੱਖੇਗੀ ਅਤੇ ਸੂਬੇ ਵਿੱਚੋਂ ਨਸ਼ਿਆਂ ਅਤੇ ਗੈਂਗਸਟਰਵਾਦ ਨੂੰ ਮੁੱਢੋਂ ਖ਼ਤਮ ਕਰਨ ਤੱਕ ਅਰਾਮ ਨਾਲ ਨਹੀਂ ਬੈਠੇਗੀ। ਅਸਲਾ ਲਾਇਸੈਂਸ ਜਾਰੀ ਕਰਨ ਸਬੰਧੀ ਨਵੇਂ ਨਿਰਦੇਸ਼ਾਂ ਬਾਰੇ ਪੁੱਛੇ ਜਾਣ 'ਤੇ ਡੀ.ਜੀ.ਪੀ. ਨੇ ਕਿਹਾ ਕਿ ਅਗਲੇ ਤਿੰਨ ਮਹੀਨਿਆਂ ਵਿੱਚ ਪਿਛਲੇ ਅਸਲਾ ਲਾਇਸੈਂਸਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਹੋਣ ਤੱਕ ਕੋਈ ਨਵਾਂ ਅਸਲਾ ਲਾਇਸੈਂਸ ਜਾਰੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ੋਸ਼ਲ ਮੀਡੀਆ 'ਤੇ ਵੀ ਹਥਿਆਰਾਂ ਦੀ ਜਨਤਕ ਪ੍ਰਦਰਸ਼ਨੀ ਕਰਨ 'ਤੇ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡੀ.ਜੀ.ਪੀ. ਨੇ ਦੱਸਿਆ ਕਿ ਉਲੰਘਣਾਵਾਂ ਨੂੰ ਰੋਕਣ ਲਈ ਪੰਜਾਬ ਪੁਲਿਸ ਦਾ ਸਾਈਬਰ ਵਿੰਗ ਸੋਸ਼ਲ ਨੈਟਵਰਕਿੰਗ ਸਾਈਟਾਂ 'ਤੇ ਨਜ਼ਰ ਰੱਖ ਰਿਹਾ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਭਾਈਚਾਰੇ ਵਿਰੁੱਧ ਨਫ਼ਰਤ ਭਰਿਆ ਭਾਸ਼ਣ ਦਿੰਦਾ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਐਫ.ਆਈ.ਆਰ. ਦਰਜ ਕੀਤੀ ਜਾਵੇਗੀ। ਉਹਨਾਂ ਅੱਗੇ ਕਿਹਾ ਕਿ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਜ਼ਿਕਰਯੋਗ ਹੈ ਕਿ ਲੁਧਿਆਣਾ ਵਿੱਚ ਘੋੜਾ ਕਲੋਨੀ, ਅੰਬੇਡਕਰ ਕਲੋਨੀ, ਮੋਤੀ ਨਗਰ ਅਤੇ ਪੀਰੂ ਬੰਦਾ ਇਲਾਕਿਆਂ ਵਿੱਚ ਮੁਹਿੰਮ ਚਲਾਈ ਗਈ। ਇਸ ਦੌਰਾਨ ਚਾਰ ਸ਼ੱਕੀ ਵਿਅਕਤੀਆਂ, ਜਿਹਨਾਂ ਵਿੱਚ ਦੁਰਗਾਪੁਰੀ ਮੁਹੱਲੇ ਦਾ ਮੋਹਿਤ ਕੁਮਾਰ, ਪੀਰੂ ਬੰਦਾ ਦਾ ਸੋਨੂੰ, ਚੰਦਰ ਨਗਰ ਦਾ ਗੌਰਵ ਅਤੇ ਨਵੀਂ ਕੁੰਦਨਪੁਰੀ ਦਾ ਮੋਹਨ ਸ਼ਾਮਲ ਹੈ, ਦੀ ਪਛਾਣ ਕਰਕੇ ਪੁੱਛਗਿਛ ਲਈ ਹਿਰਾਸਤ ‘ਚ ਲਿਆ ਜਦਕਿ ਘੋੜਾ ਕਾਲੋਨੀ 'ਚ ਤਲਾਸ਼ੀ ਦੌਰਾਨ 12 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।