
ਅੰਮ੍ਰਿਤਸਰ ਅਦਾਲਤ ਨੇ ਸੁਣਾਇਆ ਫ਼ੈਸਲਾ
ਅੰਮ੍ਰਿਤਸਰ: ਸੁਧੀਰ ਸੂਰੀ ਕਤਲ ਮਾਮਲੇ ਵਿਚ ਗ੍ਰਿਫਤਾਰ ਕੀਤੇ ਸੰਦੀਪ ਨੂੰ ਅੱਜ ਫਿਰ ਪੁਲਿਸ ਵਲੋਂ ਅੰਮ੍ਰਿਤਸਰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਥੇ ਅੰਮ੍ਰਿਤਸਰ ਅਦਾਲਤ ਨੇ ਸੰਦੀਪ ਨੂੰ ਮੁੜ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤੋ ਹੈ। ਇਹ ਰਿਮਾਂਡ ਅੰਮ੍ਰਿਤਸਰ ਪੁਲਿਸ ਨੂੰ ਹਾਸਲ ਹੋਇਆ ਹੈ। ਦੱਸ ਦੇਈਏ ਕਿ ਪਹਿਲਾਂ ਵੀ ਸੰਦੀਪ ਅੰਮ੍ਰਿਤਸਰ ਪੁਲਿਸ ਕੋਲ ਹੀ ਰਿਮਾਂਡ 'ਤੇ ਸੀ ਅਤੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਸੀ।
ਇਸ ਮੌਕੇ ਸੁਧੀਰ ਸੂਰੀ ਪੱਖ ਦੇ ਵਕੀਲ ਨੇ ਗਲਬਾਤ ਕਰਦਿਆਂ ਦੱਸਿਆ ਕਿ ਸੰਦੀਪ ਸੰਨੀ ਦਾ ਚਾਰ ਦਿਨ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਦੋਹਾਂ ਧਿਰਾਂ ਦੀਆਂ ਦਲੀਲਾਂ ਸੁਣਨ ਮਗਰੋਂ ਸੰਦੀਪ ਨੂੰ ਦੋ ਦਿਨ ਦੇ ਰਿਮਾਂਡ 'ਤੇ ਭੇਜਿਆ ਹੈ ਤਾਂ ਜੋ ਹੋਰ ਪੁੱਛਗਿੱਛ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਣ ਸੰਦੀਪ ਨੂੰ 17 ਨਵੰਬਰ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ ਅਤੇ ਕੀਤੀ ਗਈ ਪੁੱਛਗਿੱਛ ਦਾ ਵੇਰਵਾ ਅਦਾਲਤ ਨਾਲ ਸਾਂਝਾ ਵੀ ਕੀਤਾ ਜਾਵੇਗਾ।
ਇਸ ਮੌਕੇ ਉਨ੍ਹਾਂ ਦੱਸਿਆ ਕਿ ਸੰਦੀਪ ਦਾ ਮੋਬਾਈਲ ਵੀ ਚੈੱਕ ਕੀਤਾ ਜਾ ਰਿਹਾ ਹੈ ਜਿਸ ਦੀ ਰਿਪੋਰਟ ਵੀ ਆ ਚੁੱਕੀ ਹੈ। ਇਸ ਵਿਚ ਪੂਰੇ ਇੱਕ ਸਾਲ ਦਾ ਡਾਟਾ ਰਿਕਾਰਡ ਵਿਚ ਦਰਜ ਕੀਤਾ ਗਿਆ ਹੈ ਅਤੇ ਇਸ ਅਨੁਸਾਰ ਉਸ ਨੇ 81 ਲੋਕਾਂ ਦੇ ਨੰਬਰਾਂ 'ਤੇ ਵਾਰ-ਵਾਰ ਰਾਬਤਾ ਕੀਤਾ ਹੈ। ਇਨ੍ਹਾਂ ਵਿਚੋਂ ਕੁਝ ਨੰਬਰ ਭਾਰਤ ਜਦਕਿ ਕੁਝ ਵਿਦੇਸ਼ਾਂ ਦੇ ਹਨ। ਉਨ੍ਹਾਂ ਦੱਸਿਆ ਕਿ ਉਕਤ ਲੋਕਾਂ ਨੂੰ ਵੀ ਹੁਣ ਤਫਤੀਸ਼ ਵਿਚ ਸ਼ਾਮਲ ਕੀਤਾ ਜਾਵੇਗਾ। ਇਸ ਤੋਂ ਇਲਾਵਾ ਫੋਰੈਂਸਿਕ ਸਾਇੰਸ ਲੈਬੋਟਰੀ ਤੋਂ ਮਿਲੀ ਰਿਪੋਰਟ 'ਤੇ ਵੀ ਕਾਰਵਾਈ ਕੀਤੀ ਜਾ ਰਹੀ ਹੈ।