
Chandigarh News : ਇਸ ਕਦਮ ਨੂੰ ਦੋ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ
Chandigarh News : ਪੰਜਾਬ ਦੇ ਬਿਜਲੀ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਵਿਧਾਨ ਸਭਾ ਭਵਨ ਦੀ ਉਸਾਰੀ ਲਈ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕਰਨ ਦੇ ਫੈਸਲੇ ਦਾ ਸਖ਼ਤ ਵਿਰੋਧ ਕੀਤਾ ਹੈ। ਉਨ੍ਹਾਂ ਨੇ ਇਸ ਕਦਮ ਨੂੰ ਦੋਵਾਂ ਰਾਜਾਂ ਦਰਮਿਆਨ ਤਣਾਅ ਪੈਦਾ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ ਹੈ ਅਤੇ ਕੇਂਦਰ ਸਰਕਾਰ ਨੂੰ ਚੰਡੀਗੜ੍ਹ ਬਾਰੇ ਪੰਜਾਬ ਦੇ ਇਤਿਹਾਸਕ ਅਤੇ ਕਾਨੂੰਨੀ ਦਾਅਵਿਆਂ ਦਾ ਸਨਮਾਨ ਕਰਨ ਦੀ ਅਪੀਲ ਕਰਦਿਆਂ ਇਸ ਦੀ ਸਥਿਤੀ ਨੂੰ ਬਦਲਣ ਵਾਲੀ ਕਿਸੇ ਵੀ ਕਾਰਵਾਈ ਨੂੰ ਤੁਰੰਤ ਰੋਕਣ ਦੀ ਅਪੀਲ ਕੀਤੀ ਹੈ।
ਅੱਜ ਜਾਰੀ ਪ੍ਰੈਸ ਬਿਆਨ ਵਿੱਚ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਜ਼ੋਰ ਦੇ ਕੇ ਕਿਹਾ ਕਿ ਚੰਡੀਗੜ੍ਹ, ਪੰਜਾਬ ਦੀ ਰਾਜਧਾਨੀ ਹੋਣ ਦੇ ਨਾਤੇ, ਇੱਥੋਂ ਦੇ ਲੋਕਾਂ ਦੇ ਦਿਲਾਂ ਵਿੱਚ ਇੱਕ ਵਿਸ਼ੇਸ਼ ਸਥਾਨ ਰੱਖਦਾ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਚੰਡੀਗੜ੍ਹ ਦੀ ਜ਼ਮੀਨ ਹਰਿਆਣਾ ਨੂੰ ਅਲਾਟ ਕਰਨ ਦਾ ਕੋਈ ਵੀ ਕਦਮ ਪੰਜਾਬੀਆਂ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚਾਏਗਾ।
ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ, ਜੋ ਪਹਿਲਾਂ ਪੰਜਾਬ ਅਤੇ ਹਰਿਆਣਾ ਦੋਵਾਂ ਦੇ ਕਿਸਾਨਾਂ ਵੱਲੋਂ ਦਿਖਾਏ ਗਏ ਏਕੇ ਅੱਗੇ ਝੁਕ ਗਈ ਸੀ, ਵੱਲੋਂ ਇਸ ਫੈਸਲੇ ਨੂੰ ਦੋਵਾਂ ਰਾਜਾਂ ਦਰਮਿਆਨ ਟਕਰਾਅ ਪੈਦਾ ਕਰਨ ਲਈ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਸੂਬੇ ਵਿੱਚੋਂ ਚੌਲਾਂ ਦੀ ਲਿਫਟਿੰਗ ਵਿੱਚ ਕੀਤੀ ਦੇਰੀ ਕਾਰਨ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਦੌਰਾਨ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਦਲੀਲ ਦਿੱਤੀ ਕਿ ਇਹ ਫੈਸਲਾ ਵੀ ਕੇਂਦਰ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਫੰਡ ਰੋਕਣ ਅਤੇ ਸੂਬੇ ਦੇ ਹਿੱਤਾਂ ਨੂੰ ਨਜ਼ਰਅੰਦਾਜ਼ ਕਰਨ ਦੀਆਂ ਕਾਰਵਾਈਆਂ ਵਾਂਗ ਪੰਜਾਬ ਪ੍ਰਤੀ ਚਿੰਤਾਜਨਕ ਰਵੱਈਏ ਨੂੰ ਦਰਸਾਉਂਦਾ ਹੈ।
ਪੰਜਾਬ ਸਰਕਾਰ ਦੇ ਸਪਸ਼ਟ ਰੁਖ ਦੀ ਪੁਸ਼ਟੀ ਕਰਦਿਆਂ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਚੰਡੀਗੜ੍ਹ ‘ਤੇ ਸੂਬੇ ਦੇ ਦਾਅਵੇ ‘ਤੇ ਡਟ ਕੇ ਖੜ੍ਹੀ ਹੈ ਅਤੇ ਇਸ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਅਤੇ ਹਰਿਆਣਾ ਦੇ ਲੋਕਾਂ ਵਿੱਚ ਮਤਭੇਦ ਬੀਜਣ ਜਾਂ ਨਫ਼ਰਤ ਨੂੰ ਭੜਕਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਬਰਦਾਸ਼ਤ ਨਹੀਂ ਕਰਾਂਗੇ। ਉਨ੍ਹਾਂ ਕਿਹਾ ਕਿ ਅਜਿਹੇ ਪਾੜਾ ਪਾਉਣ ਵਾਲੇ ਯਤਨਾਂ ਦਾ ਡੱਟ ਕੇ ਮੁਕਾਬਲਾ ਕੀਤਾ ਜਾਵੇਗਾ,ਅਤੇ ਅਸੀਂ ਸਾਡੇ ਦੋਵਾਂ ਰਾਜਾਂ ਵਿੱਚ ਮੌਜੂਦ ਸਦਭਾਵਨਾ ਅਤੇ ਏਕਤਾ ਨੂੰ ਕਾਇਮ ਰੱਖਣ ਲਈ ਹਰ ਉਪਰਾਲਾ ਕਰਾਂਗੇ।
(For more news apart from Cabinet Minister Harbhajan Singh ETO's strong opposition allotment of land Haryana for Vidhan Sabha in Chandigarh News in Punjabi, stay tuned to Rozana Spokesman)