
ਵਿਵਾਦਗ੍ਰਸਤ ਬਿੱਲ ਤੋਂ ਮੁਸਲਮਾਨਾਂ ਨੂੰ ਬਾਹਰ ਰੱਖਣ ਬਾਰੇ ਸੁਖਬੀਰ ਨੂੰ ਅਕਾਲੀ ਦਲ ਦਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ
ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਨਾਗਰਿਕਤਾ ਸੋਧ ਬਿੱਲ ਦੇ ਸੰਦਰਭ ਵਿਚ ਅਫ਼ਗਾਨਿਸਤਾਨ ਦੇ ਸਿੱਖਾਂ ਬਾਰੇ ਸੁਖਬੀਰ ਬਾਦਲ ਵਲੋਂ ਕੀਤੀ ਟਿੱਪਣੀ ਦਾ ਜਵਾਬ ਦਿੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਜਿਵੇਂ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਸੰਵਿਧਾਨਿਕ ਕਦਰਾਂ-ਕੀਮਤਾਂ ਦੀ ਰਾਖੀ ਕਰਨ ਦੀ ਬਜਾਏ ਘਟੀਆ ਸਿਆਸਤ ਖੇਡਣ ਵਿਚ ਵਧੇਰੇ ਦਿਲਚਸਪੀ ਰੱਖਦਾ ਹੈ।
Capt Amrinder Singh
ਇਸ ਮਸਲੇ 'ਤੇ ਸੁਖਬੀਰ ਬਾਦਲ ਵਲੋਂ ਕੀਤੀ ਬਿਆਨਬਾਜ਼ੀ 'ਤੇ ਉਸ ਨੂੰ ਸਵਾਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, 'ਕੀ ਤੁਹਾਨੂੰ ਸ਼ਰਮ ਨਹੀਂ ਆਉਂਦੀ? ਤੁਸੀਂ ਅਪਣੇ ਸੌੜੇ ਸਿਆਸੀ ਮੁਫ਼ਾਦਾਂ ਖਾਤਰ ਮੁਲਕ ਦੇ ਧਰਮ ਨਿਰਪੱਖ ਸਰੂਪ ਨੂੰ ਤਬਾਹ ਕਰਨ 'ਤੇ ਤੁਲੇ ਹੋਏ ਹੋ।' ਮੁੱਖ ਮੰਤਰੀ ਨੇ ਕਿਹਾ ਕਿ ਮੁਲਕ ਦੇ ਧਰਮ ਨਿਰਪੱਖ ਚਰਿੱਤਰ ਅਤੇ ਸੰਵਿਧਾਨ ਦੀ ਰਾਖੀ ਖਾਤਰ ਲੜਾਈ ਲੜ ਰਹੇ ਲੋਕ ਮਾਰੇ ਜਾ ਰਹੇ ਹਨ ਜਦਕਿ ਦੂਜੇ ਪਾਸੇ ਸੁਖਬੀਰ ਅਜਿਹੀ ਗੰਭੀਰ ਸਥਿਤੀ 'ਤੇ ਹੋਛੀ ਪੱਧਰ ਦੀ ਸਿਆਸਤ ਖੇਡਣ ਵਿਚ ਰੁੱਝਿਆ ਹੋਇਆ ਹੈ।
Sukhbir Badal
ਉਨ੍ਹਾਂ ਕਿਹਾ ਕਿ ਭਾਰਤ ਦੇ ਜਮਹੂਰੀ ਅਤੇ ਧਰਮ ਨਿਰਪੱਖਤਾ ਦੇ ਵਿਲੱਖਣ ਅਤੇ ਨਿਆਰੇਪਣ ਨੂੰ ਕਾਇਮ ਰੱਖਣ ਲਈ ਸਭ ਕੁਝ ਦਾਅ 'ਤੇ ਲੱਗਾ ਹੋਇਆ ਹੈ।
ਸੁਖਬੀਰ ਨੇ ਇਹ ਸਵਾਲ ਕੀਤਾ ਸੀ ਕਿ ਕੀ ਅਮਰਿੰਦਰ ਸਿੰਘ ਅਫ਼ਗਾਨਿਸਤਾਨ ਤੋਂ ਹਿਜਰਤ ਕਰਨ ਵਾਲੇ ਸਿੱਖਾਂ ਨੂੰ ਭਾਰਤੀ ਨਾਗਰਿਕਤਾ ਮਿਲਣ ਦੇ ਹੱਕ ਵਿਚ ਨਹੀਂ, ਜਿਸ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਮਸਲਾ ਇਸ ਵੇਲੇ ਕਿਸੇ ਖਾਸ ਭਾਈਚਾਰੇ ਨੂੰ ਨਾਗਰਿਕਤਾ ਦੇਣ ਜਾਂ ਨਾ ਦੇਣ ਦਾ ਨਹੀਂ ਹੈ ਸਗੋਂ ਇਹ ਮਸਲਾ ਕੇਂਦਰ ਸਰਕਾਰ ਵਲੋਂ ਸਾਡੇ ਸੰਵਿਧਾਨ ਜੋ ਮੁਲਕ ਦੀ ਹੋਂਦ ਦਾ ਆਧਾਰ ਹੈ, ਨਾਲ ਛੇੜ-ਛਾੜ ਕੀਤੇ ਜਾਣ ਦਾ ਖ਼ਤਰਨਾਕ ਕੋਸ਼ਿਸ਼ ਨਾਲ ਜੁੜਿਆ ਹੈ ਅਤੇ ਅਤੇ ਕੇਂਦਰ ਸਰਕਾਰ ਵਿਚ ਅਕਾਲੀ ਦਲ ਵੀ ਭਾਈਵਾਲ ਹੈ।
Muslim
ਮੁੱਖ ਮੰਤਰੀ ਨੇ ਕਿਹਾ ਕਿ ਕੀ ਸ਼੍ਰੋਮਣੀ ਅਕਾਲੀ ਦਲ ਨੇ ਇਸ ਬਿੱਲ ਬਾਰੇ ਅਪਣੇ ਮੁਢਲੇ ਪ੍ਰਤੀਕ੍ਰਮ ਵਿਚ ਇਹ ਨਹੀਂ ਕਿਹਾ ਸੀ ਕਿ ਇਸ ਸੋਧ ਬਿੱਲ ਦਾ ਲਾਭ ਮੁਸਲਮਾਨਾਂ ਨੂੰ ਵੀ ਦਿਤਾ ਜਾਣਾ ਚਾਹੀਦਾ ਹੈ? ਉਨ੍ਹਾਂ ਨੇ ਇਸ ਮਸਲੇ 'ਤੇ ਅਕਾਲੀਆਂ ਵਲੋਂ ਯੂ-ਟਰਨ ਲਏ ਜਾਣ 'ਤੇ ਇਸ ਦਾ ਜਵਾਬ ਦੇਣ ਲਈ ਆਖਿਆ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਭਾਰਤ ਦੀਆਂ ਧਰਮ ਨਿਰਪੱਖ ਤੰਦਾਂ ਹਮੇਸ਼ਾ ਹੀ ਇਸ ਦੀਆਂ ਮਜ਼ਬੂਤ ਅਧਾਰ ਰਹੀਆਂ ਹਨ ਅਤੇ ਇਸ ਨਾਲ ਕਿਸੇ ਕਿਸਮ ਦੀ ਛੇੜ-ਛਾੜ ਦੀ ਕਾਂਗਰਸ ਪਾਰਟੀ ਅਤੇ ਦੇਸ਼ ਵਾਸੀ ਡਟ ਕੇ ਮੁਖਾਲਫ਼ਤ ਕਰਨਗੇ।
Citizenship Amendment Bill
ਅਸਾਮ ਵਿੱਚ ਕਾਰਗਿਲ ਜੰਗ ਦੇ ਇਕ ਯੋਧੇ ਨੂੰ ਵਿਦੇਸ਼ੀ ਦੱਸ ਕੇ ਨਜ਼ਰਬੰਦੀ ਕੇਂਦਰ ਵਿੱਚ ਭੇਜਣ ਦੀ ਤਾਜ਼ਾ ਘਟਨਾ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਅਤੇ ਉਸ ਦੇ ਭਾਈਵਾਲ ਅਜਿਹੀਆਂ ਖਤਰਨਾਕ ਕਾਰਵਾਈਆਂ ਨਾਲ ਨਿਕਲਣ ਵਾਲੇ ਸਿੱਟਿਆਂ ਨੂੰ ਸੋਚੇ-ਸਮੇਝੇ ਬਿਨਾਂ ਮੁਲਕ ਦੀਆਂ ਨੀਹਾਂ ਨੂੰ ਕਮਜ਼ੋਰ ਕਰਨ ਲਈ ਪੱਬਾਂ ਭਾਰ ਹੋਏ ਪਏ ਹਨ।