ਕਿਹਾ : ਸੁਖਜਿੰਦਰ ਸਿੰਘ ਰੰਧਾਵਾ ਖੁਦ ਭਾਜਪਾ ’ਚ ਸ਼ਾਮਲ ਹੋਣਾ ਚਾਹੁੰਦੇ ਹਨ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਵਿਧਾਇਕ ਤੇ ਸੀਨੀਅਰ ਸਪੋਕਸ ਪਰਸਨ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕਾਂਗਰਸੀ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ’ਤੇ ਸਿਆਸੀ ਹਮਲਾ ਕੀਤਾ। ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਦੀ ਸ਼ਲਾਘਾ ਕਰਨ ’ਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਘੇਰਦੇ ਹੋਏ ਕਿਹਾ ਕਿ ਜਦੋਂ 2021 ’ਚ ਕੈਪਟਨ ਅਮਰਿੰਦਰ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਇਆ ਗਿਆ ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨ ਵਾਲੇ ਧੜੇ ਦੀ ਅਗਵਾਈ ਵੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਹੀ ਕੀਤੀ ਗਈ ਸੀ। ਸੁੱਖੀ ਰੰਧਾਵਾ ਦੱਸਣ ਕਿ ਕੈਪਟਨ ਅਮਰਿੰਦਰ ਸਿੰਘ ਉਸ ਸਮੇਂ ਸਹੀ ਸਨ ਜਾਂ ਅੱਜ ਸਹੀ ਹਨ। ਉਸ ਸਮੇਂ ਸੁੱਖੀ ਰੰਧਾਵਾ ਦੀ ਅਗਵਾਈ ਵਾਲੀ ਮਾਝਾ ਬ੍ਰਿਗੇਡ ਨੇ ਕੈਪਟਨ ਅਮਰਿੰਦਰ ਸਿੰਘ ’ਤੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਆਰੋਪ ਲਗਾਇਆ ਗਿਆ ਸੀ ਕਿਉਂਕਿ ਉਸ ਸਮੇਂ ਸੁੱਖੀ ਰੰਧਾਵਾ ਖੁਦ ਮੁੱਖ ਮੰਤਰੀ ਅਹੁਦੇ ਦੀ ਦੌੜ ਵਿਚ ਸ਼ਾਮਲ ਸਨ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੋਵੇਂ ਹੀ ਜ਼ੁਬਾਨ ਦੇ ਪੱਕੇ ਨਹੀਂ।
ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ’ਤੇ ਵਰ੍ਹਦੇ ਹੋਏ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਹਮੇਸ਼ਾ ਹੀ ਸੱਤਾਧਾਰੀ ਧਿਰ ਨਾਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੇ ਪਰਿਵਾਰ ਵੱਲੋਂ ਮੁਗਲਾ ਦਾ ਸਾਥ ਦਿੱਤਾ ਗਿਆ, ਫਿਰ ਇਸੇ ਪਰਿਵਾਰ ਨੇ ਅੰਗਰੇਜ਼ਾਂ ਦਾ ਸਾਥ ਦਿੱਤਾ। ਦੇਸ਼ ਦੀ ਅਜ਼ਾਦੀ ਮਗਰੋਂ ਕੈਪਟਨ ਅਮਰਿੰਦਰ ਸਿੰਘ ਦਾ ਪਰਿਵਾਰ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਿਆ। ਇਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਅਕਾਲੀ ਦਲ ਵਿਚ ਵੀ ਸ਼ਾਮਲ ਹੋਏ ਅਤੇ ਅੱਜ ਕੱਲ੍ਹ ਉਹ ਭਾਰਤੀ ਜਨਤਾ ਪਾਰਟੀ ਵਿਚ ਹਨ।
ਸੁਖਜਿੰਦਰ ਸਿੰਘ ਰੰਧਾਵਾ ’ਤੇ ਵਰ੍ਹਦੇ ਹੋਏ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੁਖਜਿੰਦਰ ਸਿੰਘ ਰੰਧਾਵਾ ਖੁਦ ਵੀ ਭਾਜਪਾ ਦੇ ਸੰਪਰਕ ਵਿਚ ਅਤੇ ਉਹ ਖੁਦ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋਣਾ ਚਾਹੁੰਦੇ ਹਨ। ਸੁਖਜਿੰਦਰ ਰੰਧਾਵਾ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਪੰਜਾਬ ਵਿਚ ਬਚੀ ਮਾੜੀ ਮੋਟੀ ਸਾਖ ਨੂੰ ਖਤਮ ਕਰਨਾ ਚਾਹੁੰਦੇ ਹਨ।
