
ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ
Punjab News: ਕੇਂਦਰੀ ਜਾਂਚ ਏਜੰਸੀ ਈ.ਡੀ. ਵਲੋਂ ਗ੍ਰਿਫ਼ਤਾਰ ਕੀਤੇ ਗਏ ਪੰਜਾਬ ਦੇ ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਮੁਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜਿਆ ਹੈ।
ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਧਰਮਸੋਤ ਨੂੰ ਜੰਗਲਾਤ ਘਪਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ਵੀ ਗ੍ਰਿਫ਼ਤਾਰ ਕੀਤਾ ਸੀ ਤੇ ਉਹ ਜੇਲ ਵਿਚ ਰਹਿਣ ਬਾਅਦ ਅਦਾਲਤ ਰਾਹੀਂ ਜ਼ਮਾਨਤ ਲੈ ਕੇ ਬਾਹਰ ਆਏ ਸਨ।
ਮਿਲੀ ਜਾਣਕਾਰੀ ਅਨੁਸਾਰਵਿਜੀਲੈਂਸ ਦੀ ਕਾਰਵਾਈ ਤੋਂ ਬਾਅਦ ਈ.ਡੀ. ਵੀ ਧਰਮਸੋਤ ਦੀ ਜਾਇਦਾਦ ਦੀ ਜਾਂਚ ਲਈ ਉਨ੍ਹਾਂ ਪਿਛੇ ਲੱਗ ਗਈ ਸੀ ਅਤੇ ਵਿਜੀਲੈਂਸ ਤੋਂ ਜਾਂਚ ਦੀ ਜਾਣਕਾਰੀ ਵੀ ਲਈ ਸੀ। ਪਿਛਲੇ ਸਾਲ ਨਵੰਬਰ ਮਹੀਨੇ ਪੰਜਾਬ ਵਿਚ ਈ.ਡੀ. ਨੇ ਧਰਮਸੋਤ ਦੇ ਕਈ ਠਿਕਾਣਿਆਂ ’ਤੇ ਛਾਪੇ ਮਾਰ ਕੇ ਤਲਾਸ਼ੀ ਵੀ ਕੀਤੀ ਸੀ।
ਇਸ ਸਮੇਂ ਮਿਲੇ ਦਸਤਾਵੇਜ਼ਾਂ ਤੇ ਕੁੱਝ ਸਬੂਤਾਂ ਦੇ ਆਧਾਰ ’ਤੇ ਹੀ ਈ.ਡੀ. ਨੇ ਅਗਲੀ ਜਾਂਚ ਲਈ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਈ.ਡੀ. ਧਰਮਸੋਤ ਵਿਰੁਧ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਉਨ੍ਹਾਂ ਦੀ ਜਾਇਦਾਦ ਨੂੰ ਲੈ ਕੇ ਜਾਂਚ ਕਰ ਰਹੀ ਹੈ। ਈ.ਡੀ. ਦੇ ਰਾਡਾਰ ਉਪਰ ਪੰਜਾਬ ਜੰਗਲਾਤ ਵਿਭਾਗ ਦੇ ਕਈ ਅਧਿਕਾਰੀ ਵੀ ਰਾਡਰ ’ਤੇ ਹਨ ਅਤੇ ਇਨ੍ਹਾਂ ਵਿਚੋਂ ਕੁੱਝ ਪਹਿਲਾਂ ਵੀ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤੇ ਸਨ। ਹੋਰ ਗ੍ਰਿਫ਼ਤਾਰੀਆਂ ਵੀ ਸੰਭਵ ਹਨ।
(For more Punjabi news apart from Mohali court sent Sadhu Singh Dharamsot to three days police remand, stay tuned to Rozana Spokesman)