
ਇਹ ਘਟਨਾ ਗੁਰਦੁਆਰਾ 6ਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਵਿਖੇ ਵਾਪਰੀ
Phagwara News: ਫਗਵਾੜਾ ਸ਼ਹਿਰ ਦੇ ਇਕ ਗੁਰਦੁਆਰਾ ਸਾਹਿਬ ਵਿਚ ਨੌਜਵਾਨ ਦਾ ਕਤਲ ਕਰਨ ਵਾਲਾ ਨਿਹੰਗ ਸਿੰਘ ਗ੍ਰਿਫ਼ਤਾਰ ਕਰ ਲਿਆ ਗਿਆ ਹੈ।
ਨਿਹੰਗ ਸਿੰਘ ਨੇ ਤਲਵਾਰ ਨਾਲ ਹਮਲਾ ਕਰ ਕੇ ਇਕ ਵਿਅਕਤੀ ਦਾ ਕਤਲ ਕੀਤਾ ਸੀ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਬੇਅਦਬੀ ਕਰਨ ਦੇ ਇਰਾਦੇ ਨਾਲ ਗੁਰਦੁਆਰਾ ਸਾਹਿਬ ਪਹੁੰਚਿਆ ਸੀ।
ਇਹ ਘਟਨਾ ਗੁਰਦੁਆਰਾ 6ਵੀਂ ਪਾਤਸ਼ਾਹੀ ਚੌੜਾ ਖੂਹ ਫਗਵਾੜਾ ਵਿਖੇ ਵਾਪਰੀ। ਇਸ ਸਬੰਧੀ ਐਸਪੀ ਫਗਵਾੜਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ੍ਰੀ ਚੌੜਾ ਖੂਹ ਸਾਹਿਬ ਵਿਚ ਬੇਅਦਬੀ ਦੇ ਸ਼ੱਕ ਵਿਚ ਇੱਕ ਨਿਹੰਗ ਸਿੰਘ ਨੇ ਨੌਜਵਾਨ ਦਾ ਕਤਲ ਕਰ ਦਿੱਤਾ। ਮੁਲਜ਼ਮ ਦੀ ਪਛਾਣ ਰਮਨਦੀਪ ਸਿੰਘ ਮੰਗੂਮਠ ਲੁਧਿਆਣਾ ਵਜੋਂ ਹੋਈ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਦੱਸਿਆ ਜਾ ਰਿਹਾ ਹੈ ਕਿ ਕਤਲ ਦੀ ਵਾਰਦਾਤ ਨੂੰ ਸਵੇਰੇ ਤਿੰਨ ਵਜੇ ਅੰਜਾਮ ਦਿੱਤਾ ਗਿਆ। ਕਤਲ ਤੋਂ ਬਾਅਦ ਗੁਰਦੁਆਰਾ ਕੰਪਲੈਕਸ ਪੂਰੀ ਤਰ੍ਹਾਂ ਛਾਉਣੀ ਵਿਚ ਤਬਦੀਲ ਹੋ ਗਿਆ ਹੈ। ਕੁਝ ਨਿਹੰਗ ਜਥੇ ਵੀ ਮੌਕੇ 'ਤੇ ਪਹੁੰਚ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਉਸ ਸਮੇਂ ਬਾਥਰੂਮ ਵਿਚ ਸੀ ਅਤੇ ਉਸ ਨੇ ਆਪਣੇ ਆਪ ਨੂੰ ਤਾਲਾ ਲਗਾ ਲਿਆ ਸੀ। ਜਾਣਕਾਰੀ ਮੁਤਾਬਕ ਇਹ ਘਟਨਾ ਉਸ ਦੌਰਾਨ ਵਾਪਰੀ।
ਨਿਹੰਗ ਸਿੰਘ ਰਮਨਦੀਪ ਸਿੰਘ ਨੇ ਕਈ ਵਾਰ ਦਰਵਾਜ਼ਾ ਖੜਕਾਇਆ ਅਤੇ ਵਿਅਕਤੀ ਨੂੰ ਦਰਵਾਜ਼ਾ ਖੋਲ੍ਹਣ ਲਈ ਕਿਹਾ। ਪਰ ਮ੍ਰਿਤਕ ਵੱਲੋਂ ਕੋਈ ਜਵਾਬ ਨਹੀਂ ਆਇਆ। ਇਸ ਤੋਂ ਬਾਅਦ ਨਿਹੰਗ ਸਿੰਘ ਨੇ ਦਰਵਾਜ਼ਾ ਤੋੜ ਦਿੱਤਾ ਅਤੇ ਬਾਥਰੂਮ ਵਿੱਚ ਹੀ ਤਲਵਾਰ ਨਾਲ ਹਮਲਾ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨੇ ਕਤਲ ਤੋਂ ਪਹਿਲਾਂ ਮ੍ਰਿਤਕ ਦੀ ਵੀਡੀਓ ਵੀ ਬਣਾਈ ਸੀ। ਸਿੱਖ ਜਥੇ ਦੇ ਨਾਲ ਪੁਲਿਸ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਗਏ ਹਨ। ਐਸਐਸਪੀ ਵਤਸਲਾ ਗੁਪਤਾ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ। ਅਗਲੇਰੀ ਕਾਰਵਾਈ ਜਾਰੀ ਹੈ।