ਸੁਲਤਾਨਪੁਰ ਲੋਧੀ ਵਿਖੇ ਸਥਿਤ ਏਜੰਟ ਦੇ ਰੈਸਟੋਰੈਂਟ ਬਾਹਰ ਕੀਤਾ ਪ੍ਰਦਰਸ਼ਨ
ਕਪੂਰਥਲਾ: ਵਿਦੇਸ਼ ਭੇਜਣ ਦੇ ਨਾਂ ’ਤੇ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਟਰੈਵਲ ਏਜੈਂਟ ਖਿਲਾਫ ਕਾਰਵਾਈ ਨਾ ਹੋਣ ਤੋਂ ਨਾਰਾਜ਼ ਪੀੜਿਤ ਪਰਿਵਾਰ ਵੱਲੋਂ ਅੱਜ ਸੁਲਤਾਨਪੁਰ ਲੋਧੀ ਵਿਖੇ ਸਥਿਤ ਏਜੈਂਟ ਦੇ ਰੈਸਟੋਰੈਂਟ ਦੇ ਬਾਹਰ ਜ਼ਬਰਦਸਤ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਰਿਵਾਰਕ ਮੈਂਬਰਾਂ ਅਤੇ ਸਮਰਥਕਾਂ ਨੇ ਸੜਕ ਜਾਮ ਕਰਕੇ ਪ੍ਰਸ਼ਾਸਨ ਅਤੇ ਪੁਲਿਸ ਖਿਲਾਫ ਨਾਅਰੇਬਾਜ਼ੀ ਕੀਤੀ।
ਪੀੜਤ ਨੌਜਵਾਨ, ਪਰਿਵਾਰ ਤੇ ਸਮਰਥਕਾਂ ਦਾ ਦੋਸ਼ ਹੈ ਕਿ ਟਰੈਵਲ ਏਜੈਂਟ ਵੱਲੋਂ ਕੰਵਰਬੀਰ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ ਪਿੰਡ ਕਿਲਾ ਮਹਿਕਾ ਜਿਲ੍ਹਾ ਅੰਮ੍ਰਿਤਸਰ ਨੂੰ 26 ਲੱਖ ਰੁਪਏ ਲੈ ਕੇ ਵਿਦੇਸ਼ ਭੇਜਣ ਦਾ ਝਾਂਸਾ ਦਿੱਤਾ ਗਿਆ, ਪਰ ਨਾ ਤਾਂ ਨੌਜਵਾਨ ਨੂੰ ਵਿਦੇਸ਼ ਭੇਜਿਆ ਗਿਆ ਅਤੇ ਨਾ ਹੀ ਰਕਮ ਵਾਪਸ ਕੀਤੀ ਗਈ। ਇਸ ਸਬੰਧੀ ਪਰਿਵਾਰ ਵੱਲੋਂ ਐੱਸਐੱਸਪੀ ਅਤੇ ਹੋਰ ਉੱਚ ਅਧਿਕਾਰੀਆਂ ਨੂੰ ਲਿਖਤੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ ਹਨ।
ਪੀੜਿਤ ਪਰਿਵਾਰ ਦਾ ਕਹਿਣਾ ਹੈ ਕਿ ਟਰੈਵਲ ਏਜੈਂਟ ਵੱਲੋਂ ਵੱਖ-ਵੱਖ ਤਰੀਕਾਂ ’ਤੇ ਪੈਸੇ ਲਏ ਗਏ ਅਤੇ ਬਾਅਦ ਵਿੱਚ ਟਾਲਮਟੋਲ ਕਰਕੇ ਮਾਮਲੇ ਨੂੰ ਲਟਕਾਇਆ ਗਿਆ। ਪਰਿਵਾਰ ਦਾ ਆਰੋਪ ਹੈ ਕਿ ਹੁਣ ਤੱਕ ਪੁਲਿਸ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ, ਜਿਸ ਕਾਰਨ ਉਨ੍ਹਾਂ ਨੂੰ ਮਜ਼ਬੂਰਨ ਸੜਕਾਂ ’ਤੇ ਉਤਰਨਾ ਪਿਆ।
ਰੋਸ ਪ੍ਰਦਰਸ਼ਨ ਦੌਰਾਨ ਪਰਿਵਾਰ ਨੇ ਚੇਤਾਵਨੀ ਦਿੱਤੀ ਕਿ ਜੇਕਰ ਜਲਦ ਹੀ ਟਰੈਵਲ ਏਜੈਂਟ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਕਾਨੂੰਨੀ ਕਾਰਵਾਈ ਨਹੀਂ ਕੀਤੀ ਗਈ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ। ਸੜਕ ਜਾਮ ਹੋਣ ਕਾਰਨ ਕੁਝ ਸਮੇਂ ਲਈ ਆਵਾਜਾਈ ਪ੍ਰਭਾਵਿਤ ਰਹੀ। ਮੌਕੇ ’ਤੇ ਪੁਲਿਸ ਨੇ ਪਹੁੰਚ ਕੇ ਪਰਿਵਾਰ ਨੂੰ ਭਰੋਸਾ ਦਿਵਾਇਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦਸਤਾਵੇਜ਼ਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
