ਆਤਿਸ਼ੀ ਵਲੋਂ ਗੁਰੂ ਸਾਹਿਬਾਨ ਬਾਰੇ ਕੀਤੀ ਟਿੱਪਣੀ ’ਤੇ ਨਿੰਦਾ ਮਤਾ ਪਾਸ
ਅੰਮ੍ਰਿਤਸਰ: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਦਿੱਲੀ ਦੀ ਵਿਧਾਨ ਸਭਾ ਅੰਦਰ ਚੱਲਦੇ ਸੈਸ਼ਨ ਵਿਚ ਲੋਕਾਂ ਦੁਆਰਾ ਚੁਣੇ ਹੋਏ ਨੁਮਾਇੰਦੇ ਵਲੋਂ ਗੁਰੂ ਸਾਹਿਬਾਨ ਬਾਰੇ ਅਪਮਾਨਜਨਕ ਸ਼ਬਦਾਵਲੀ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਵਿਦਿਆਰਥੀਆਂ ਨੂੰ ਮੁਕਾਬਲਾ ਪ੍ਰੀਖਿਆਵਾਂ ਦੀ ਤਿਆਰੀ ਕਰਵਾਉਣ ਲਈ ਨਿਸ਼ਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਦੇ 6 ਵਿਦਿਆਰਥੀਆਂ ਵਲੋਂ ਪੀਸੀਐਸ ਦੀ ਮੁੱਢਲੀ ਪ੍ਰੀਖਿਆ ਪਾਸ ਕਰਨ ਅਤੇ ਨਿਸ਼ਚੈ ਅਕੈਡਮੀ ਆਫ ਜੂਡੀਸ਼ੀਅਲ ਸਰਵਿਸਿਜ਼ ਬਹਾਦਰਗੜ੍ਹ ਪਟਿਆਲਾ ਦੀ ਇਕ ਵਿਦਿਆਰਥਣ ਵਲੋਂ ਅਧੀਨ ਸੇਵਾਵਾਂ ਚੋਣ ਬੋਰਡ ਪੰਜਾਬ ਵਲੋਂ ਲਾਅ ਅਫ਼ਸਰ ਦੀ ਪ੍ਰੀਖਿਆ ਪਾਸ ਕਰਨ ਦੀ ਵੀ ਪ੍ਰਸ਼ੰਸਾ ਕੀਤੀ ਗਈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦਾ ਯਤਨ ਰਿਹਾ ਹੈ ਕਿ ਸਿੱਖ ਵਿਦਿਆਰਥੀ ਮੁਕਾਬਲਾ ਪ੍ਰੀਖਿਆਵਾਂ ਨੂੰ ਪਾਸ ਕਰਕੇ ਉੱਚ ਅਹੁਦਿਆਂ ’ਤੇ ਪਹੁੰਚਣ, ਤਾਂ ਜੋ ਉਹ ਗੁਰੂ ਬਖ਼ਸ਼ਿਸ਼ ਸਿਧਾਂਤਾਂ ਅਨੁਸਾਰ ਸਮਾਜ ਦੀ ਭਲਾਈ ਲਈ ਕਾਰਜ ਕਰ ਸਕਣ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਾਵਨ ਸਰੋਵਰ ਵਿਚ ਇਕ ਨੌਜਵਾਨ ਵਲੋਂ ਮਰਿਆਦਾ ਦੇ ਉਲਟ ਜਾ ਕੇ ਕੀਤੀ ਹਰਕਤ ਦੀ ਵੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਕ ਪਾਵਨ ਮਰਿਆਦਾ ਹੈ ਅਤੇ ਇਸ ਮਰਿਆਦਾ ਦੇ ਵਿਰੁੱਧ ਕਿਸੇ ਵੀ ਹਰਕਤ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੀਆਂ ਹਨ। ਉਨ੍ਹਾਂ ਹਰ ਧਰਮ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਦੀਦਾਰ ਕਰਨ ਸਮੇਂ ਇਥੋਂ ਦੀ ਪਾਵਨ ਮਰਿਆਦਾ ਦਾ ਧਿਆਨ ਰੱਖਿਆ ਜਾਵੇ।
ਅੰਤ੍ਰਿੰਗ ਕਮੇਟੀ ਵਲੋਂ ਅੱਜ ਦੀ ਇਕੱਤਰਤਾ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਮਾਮਲਿਆਂ ਅਤੇ ਗੁਰਦੁਆਰਾ ਸਾਹਿਬਾਨ, ਟਰੱਸਟ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਰੁਟੀਨ ਅਨੁਸਾਰ ਮਾਮਲਿਆਂ ਨੂੰ ਵਿਚਾਰਿਆ ਗਿਆ। ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਸੁਰਜੀਤ ਸਿੰਘ ਤੁਗਲਵਾਲ, ਸੁਰਜੀਤ ਸਿੰਘ ਕੰਗ, ਗੁਰਪ੍ਰੀਤ ਸਿੰਘ ਝੱਬਰ, ਦਲਜੀਤ ਸਿੰਘ ਭਿੰਡਰ, ਬੀਬੀ ਹਰਜਿੰਦਰ ਕੌਰ, ਬਲਦੇਵ ਸਿੰਘ ਕਾਇਮਪੁਰ, ਮੇਜਰ ਸਿੰਘ ਢਿੱਲੋਂ, ਮੰਗਵਿੰਦਰ ਸਿੰਘ ਖਾਪੜਖੇੜੀ, ਡਾ. ਜੰਗ ਬਹਾਦਰ ਸਿੰਘ ਰਾਏ, ਓਐਸਡੀ ਸਤਬੀਰ ਸਿੰਘ ਧਾਮੀ, ਸਕੱਤਰ ਪ੍ਰਤਾਪ ਸਿੰਘ, ਸੁਖਮਿੰਦਰ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਤੇਜਿੰਦਰ ਸਿੰਘ ਪੱਡਾ, ਪ੍ਰੀਤਪਾਲ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਜਸਵਿੰਦਰ ਸਿੰਘ ਜੱਸੀ, ਗੁਰਨਾਮ ਸਿੰਘ, ਹਰਭਜਨ ਸਿੰਘ ਵਕਤਾ, ਮੈਨੇਜਰ ਭਗਵੰਤ ਸਿੰਘ ਧੰਗੇੜਾ, ਐਕਸੀਅਨ ਤੇਜਿੰਦਰਪਾਲ ਸਿੰਘ, ਕਾਨੂੰਨੀ ਸਲਾਹਕਾਰ ਸ. ਅਮਨਬੀਰ ਸਿੰਘ ਸਿਆਲੀ, ਇੰਚਾਰਜ ਮੇਜਰ ਸਿੰਘ, ਅਜ਼ਾਦਦੀਪ ਸਿੰਘ, ਗੁਰਮੇਜ ਸਿੰਘ, ਤਰਸੇਮ ਸਿੰਘ ਆਦਿ ਮੌਜੂਦ ਸਨ।
