
ਸਿੱਖ ਕੌਮ ਦੀ ਸਰਵ ਉੱਚ ਸੰਸਥਾ ਅਕਾਲ ਤਖ਼ਤ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਨੂੰ ਅਪਣਾ ਸਮਰਥਨ ਦੇਣ ਦੀ ਗੱਲ ਕਹੀ ਹੈ।
ਅੰਮ੍ਰਿਤਸਰ: ਸਿੱਖ ਕੌਮ ਦੀ ਸਰਵ ਉੱਚ ਸੰਸਥਾ ਅਕਾਲ ਤਖ਼ਤ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਵਿਚ ਹੋ ਰਹੇ ਪ੍ਰਦਰਸ਼ਨਾਂ ਨੂੰ ਅਪਣਾ ਸਮਰਥਨ ਦੇਣ ਦੀ ਗੱਲ ਕਹੀ ਹੈ। ਦਿੱਲੀ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਜਫ਼ਰੂਲ ਇਸਲਾਮ ਖ਼ਾਨ ਦੀ ਅਗਵਾਈ ਵਿਚ ਇਕ ਵਫ਼ਦ ਨੇ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਅੰਮ੍ਰਿਤਸਰ ਵਿਚ ਮੁਲਾਕਾਤ ਕੀਤੀ।
ਇਸ ਮੁਲਾਕਾਤ ਵਿਚ ਮੁਸਲਿਮ ਨੇਤਾਵਾਂ ਨੇ ਸੀਐਮ ਦੇ ਖਿਲਾਫ਼ ਜਾਰੀ ਵਿਰੋਧ ਪ੍ਰਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸਮਰਥਨ ਦੀ ਮੰਗ ਕੀਤੀ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਵਫ਼ਦ ਨਾਲ ਮੁਲਾਕਾਤ ਕਰਨ ਤੋਂ ਬਾਅਦ ਕਿਹਾ ਕਿ ਸਿੱਖ ਅਪਣੇ ਅਸੂਲਾਂ ਦੇ ਪੱਕੇ ਹਨ, ਜਿਨ੍ਹਾਂ ਦੇ ਤਹਿਤ ਪੀੜਤਾਂ ਨਾਲ ਹੋ ਰਹੀ ਬੇਇਨਸਾਫੀ ਸਮੇਂ ਉਹਨਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਗਈ ਹੈ।
ਉਹਨਾਂ ਕਿਹਾ ਕਿ ਮੁਸਲਿਮ ਭਾਈਚਾਰੇ ਦੀਆਂ ਹੋਰ ਸੰਸਥਾਵਾਂ ਨੇ ਵੀ ਸਾਨੂੰ ਅਪੀਲ ਕੀਤੀ ਸੀ। ਘੱਟ ਗਿਣਤੀਆਂ ਵਿਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਹੈ ਅਤੇ ਇਹ ਦੇਸ਼ ਲਈ ਚੰਗਾ ਨਹੀਂ ਹੈ। ਅਕਾਲ ਤਖ਼ਤ ਦੇ ਜਥੇਦਾਰ ਨੇ ਖ਼ਾਨ ਨੂੰ ਕਿਹਾ ਕਿ ਉਹ ਹਿੰਦੂ ਭਾਈਚਾਰਿਆਂ ਨਾਲ ਵੀ ਸੰਪਰਕ ਕਰਨ ਅਤੇ ਉਹਨਾਂ ਵਿਚ ਵੀ ਕਈ ਅਜਿਹੀ ਹੀ ਅਸੁਰੱਖਿਆ ਮਹਿਸੂਸ ਕਰ ਰਹੇ ਹਨ।
ਦਿੱਲੀ ਤੋਂ ਇਲਾਵਾ ਪੰਜਾਬ, ਉੱਤਰ ਪ੍ਰਦੇਸ਼, ਹਰਿਆਣਾ ਅਤੇ ਕਰਨਾਟਕ ਦੇ ਮੁਸਲਿਮ ਨੇਤਾਵਾਂ ਨੇ ਵੀ ਨਾਗਰਿਕਤਾ ਸੋਧ ਕਾਨੂੰਨ ਵਿਰੋਧੀ ਮੁਹਿੰਮ ਦੇ ਮੁੱਦੇ ‘ਤੇ ਸਮਰਥਨ ਲੈਣ ਲਈ ਅਕਾਲ ਤਖ਼ਤ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਹੈ। ਅਕਾਲ ਤਖ਼ਤ ਮੁਖੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਮੁਸਲਿਮ ਨੇਤਾਵਾਂ ਨੇ ਕਿਹਾ ਕਿ ਅਸੀਂ ਇੱਥੇ ਭਾਰਤ ਨੂੰ ਸਿਰਫ਼ ਇਕ ਧਰਮ ਦੇ ਅਧਾਰ ‘ਤੇ ਬਣਨ ਖਿਲਾਫ਼ ਸਮਰਥਨ ਮੰਗਣ ਆਏ ਹਾਂ। ਸਾਨੂੰ ਅਕਾਲ ਤਖ਼ਤ ਦੇ ਜਥੇਦਾਰ ਹਰਪ੍ਰੀਤ ਸਿੰਘ ਨੇ ਭਰੋਸਾ ਦਿੱਤਾ ਹੈ ਕਿ ਸਿੱਖ ਕੌਮ ਹਮੇਸ਼ਾਂ ਕਮਜ਼ੋਰ ਵਰਗਾਂ ਦੇ ਨਾਲ ਖੜ੍ਹੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਬੀਤੇ ਦਿਨੀਂ ਜੁਆਇੰਟ ਐਕਸ਼ਨ ਕਮੇਟੀ ਅਹਿਮਦਗੜ੍ਹ ਦੇ ਮੁਸਲਿਮ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਮੰਗ ਪੱਤਰ ਦਿੱਤਾ ਸੀ। ਇਸ ਮੌਕੇ ਮੁਸਲਿਮ ਭਾਈਚਾਰੇ ਦੇ ਮੈਂਬਰਾਂ ਵੱਲੋਂ ਭਾਰਤ ਸਰਕਾਰ ਵਲੋਂ ਬਣਾਏ ਨਾਗਰਿਕਤਾ ਸੋਧ ਕਾਨੂੰਨ ਦੇ ਮਾਮਲੇ ਵਿਚ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਦਖ਼ਲ ਦੀ ਮੰਗ ਕੀਤੀ ਸੀ।